ਸ਼ਿਕਾਇਤਾਂ ਦੇ ਬਾਵਜੂਦ ਜਾਰੀ ਨਹੀਂ ਹੋਏ ਫੰਡ; ਅਧਿਆਪਕ ਜਥੇਬੰਦੀ ਵੱਲੋਂ ਡਾਇਰੈਕਟਰ ਨਾਲ ਮੀਟਿੰਗ
ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 28 ਅਕਤੂੁੁਬਰ
ਯੂਟੀ ਦੇ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਅਧਿਆਪਕਾਂ ਨੂੰ ਪਿਛਲੇ ਛੇ ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ। ਇਹ ਅਧਿਆਪਕ ਆਪਣੀਆਂ ਸਮੱਸਿਆਵਾਂ ਉੱਚ ਅਧਿਕਾਰੀਆਂ ਅਤੇ ਪ੍ਰਿੰਸੀਪਲਾਂ ਨੂੰ ਦੱਸ ਚੁੱਕੇ ਹਨ, ਪਰ ਉਨ੍ਹਾਂ ਦੀਆਂ ਤਨਖ਼ਾਹਾਂ ਜਾਰੀ ਨਹੀਂ ਹੋ ਰਹੀਆਂ। ਯੂਟੀ ਕੇਡਰ ਐਜੂਕੇਸ਼ਨਲ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਸਵਰਣ ਸਿੰਘ ਕੰਬੋਜ ਵੱਲੋਂ ਇਸ ਸਬੰਧੀ ਡਾਇਰੈਕਟਰ ਪਾਲਿਕਾ ਅਰੋੜਾ ਨਾਲ ਮੁਲਾਕਾਤ ਕੀਤੀ ਗਈ ਤੇ ਅਧਿਆਪਕਾਂ ਦੇ ਮਸਲੇ ਹੱਲ ਕਰਨ ਦੀ ਮੰਗ ਕੀਤੀ ਗਈ।
ਜਾਣਕਾਰੀ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਇਸ ਸਮੇਂ 98 ਅਧਿਆਪਕ ਕੰਪਿਊਟਰ ਅਧਿਆਪਕਾਂ ਵਜੋਂ ਕੰਮ ਕਰ ਰਹੇ ਹਨ ਜਿਨ੍ਹਾਂ ਨੂੰ 30,000 ਰੁਪਏ ਤਨਖਾਹ ਦਿੱਤੀ ਜਾਂਦੀ ਹੈ। ਇਨ੍ਹਾਂ ਵਿੱਚ ਚਾਰ ਅਧਿਆਪਕ ਪਤੀ-ਪਤਨੀ ਵਜੋਂ ਵੀ ਕੰਪਿਊਟਰ ਸਿੱਖਿਆ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਛੇ ਮਹੀਨੇ ਤੋਂ ਤਨਖਾਹ ਨਾ ਮਿਲਣ ਕਾਰਨ ਤੇ ਹੁਣ ਤਿਓਹਾਰਾਂ ਦੇ ਦਿਨਾਂ ਵਿੱਚ ਉਨ੍ਹਾਂ ਦਾ ਗੁਜ਼ਾਰਾ ਔਖਾ ਹੋ ਗਿਆ ਹੈ। ਉਹ ਦੋਸਤਾਂ ਤੇ ਰਿਸ਼ਤੇਦਾਰਾਂ ਤੋਂ ਪੈਸੇ ਮੰਗ ਕੇ ਗੁਜ਼ਾਰਾ ਕਰ ਰਹੇ ਹਨ। ਪ੍ਰਧਾਨ ਸ੍ਰੀ ਕੰਬੋਜ ਨੇ ਕੰਪਿਊਟਰ ਅਧਿਆਪਕਾਂ ਦੀ ਤਨਖ਼ਾਹ ਜਾਰੀ ਕਰਨ, ਛੇਵਾਂ ਪੇਅ ਕਮਿਸ਼ਨ ਲਾਗੂ ਕਰਨ, 10 ਸਾਲਾਂ ਤੋਂ ਇੱਕ ਹੀ ਸਕੂਲ ਵਿੱਚ ਟਿਕੇ ਅਧਿਆਪਕਾਂ ਨੂੰ ਬਦਲਣ ਤੇ ਕੱਢੇ ਗਏ ਠੇਕਾ ਕਾਮਿਆਂ ਨੂੰ ਬਹਾਲ ਕਰਨ ਦੀ ਮੰਗ ਕੀਤੀ। ਡਾਇਰੈਕਟਰ ਪਾਲਿਕਾ ਅਰੋੜਾ ਨੇ ਦੱਸਿਆ ਕਿ ਉਹ ਅਧਿਆਪਕਾਂ ਦੀ ਤਨਖਾਹ ਜਲਦੀ ਜਾਰੀ ਕਰਵਾਉਣਗੇ
ਕੈਪਸ਼ਨ: ਡਾਇਰੈਕਟਰ ਪਾਲਿਕਾ ਅਰੋੜਾ ਨੂੰ ਮੰਗ ਪੱਤਰ ਦਿੰਦੇ ਹੋਏ ਪ੍ਰਧਾਨ ਸਵਰਣ ਸਿੰਘ ਕੰਬੋਜ।