ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਦਾ ਜਨਮ ਦਿਹਾੜਾ ਮਨਾਇਆ
ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬ੍ਰਹਮ ਗਿਆਨੀ ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਦਾ ਜਨਮ ਦਿਹੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਕਰਵਾਇਆ ਗਿਆ।
ਭਾਈ ਸਤਨਾਮ ਸਿੰਘ ਟਾਂਡਾ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਭਾਈ ਗੁਰਵਿੰਦਰ ਸਿੰਘ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣਾ, ਸ਼੍ਰੋਮਣੀ ਪ੍ਰਚਾਰਕ ਭਾਈ ਸੁੱਚਾ ਸਿੰਘ ਜਵੱਦੀ ਟਕਸਾਲ ਵਾਲਿਆਂ, ਭਾਈ ਕੁਲਦੀਪ ਸਿੰਘ, ਭਾਈ ਸਰੂਪ ਸਿੰਘ, ਭਾਈ ਮਨਜੀਤ ਸਿੰਘ, ਬਾਬਾ ਦੀਪ ਸਿੰਘ ਜੀ ਕਵੀਸ਼ਰੀ ਜਥਾ, ਭਾਈ ਸਾਹਿਬ ਸਿੰਘ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਹਰਬਖਸ਼ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਸਥਾਨ ਤੇ ਸਮੂਹ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਐੱਮਆਰਆਈ, ਸੀਟੀ ਸਕੈਨ, ਅਲਟਰਾ ਸਾਊਂਡ, ਡੈਂਟਲ ਵਿੰਗ ਦੀਆਂ ਅਤਿਅਧੁਨਿਕ ਮਸ਼ੀਨਾਂ ਲਗਾਈਆਂ ਗਈਆਂ ਹਨ।