ਧੁੱਸੀ ਬੰਨ੍ਹ ’ਤੇ ਪੱਕੀ ਸੜਕ ਬਣਾਉਣ ਲਈ Bhagwant Mann ਨੂੰ ਮਿਲੇ Sant Balbir Singh Seechewal
ਰਾਜ ਸਭਾ ਮੈਂਬਰ ਨੇ ਬਰਸਾਤਾਂ ਤੋਂ ਪਹਿਲਾਂ ਸੜਕ ਸ਼ੁਰੂ ਕਰਨ ਦੀ ਮੰਗ ਕੀਤੀ
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੀ ਮਜ਼ਬੂਤੀ ਤੇ ਗਿੱਦੜਪਿੰਡੀ ਤੋਂ ਫਿਲੌਰ ਤੱਕ ਪੱਕੀ ਸੜਕ ਬਣਾਉਣ ਬਾਰੇ ਚਰਚਾ ਕੀਤੀ। ਸ੍ਰੀ ਸੀਚੇਵਾਲ ਨੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ।
ਸੰਤ ਸੀਚੇਵਾਲ ਨੇ ਦੱਸਿਆ ਗਿੱਦੜਪਿੰਡੀ ਤੋਂ ਫਿਲੌਰ ਤੱਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ’ਤੇ 89 ਕਿਲੋਮੀਟਰ ਲੰਮੀ ਤੇ 18 ਫੁੱਟ ਚੌੜੀ ਪੱਕੀ ਸੜਕ ਬਣਾਈ ਜਾਣੀ ਹੈ।
ਜ਼ਿਕਰਯੋਗ ਹੈ ਕਿ ਇਹ ਸੜਕ ਬਣਾਉਣ ਬਾਰੇ ਪਹਿਲੀ ਮੀਟਿੰਗ 12 ਜੂਨ 2023 ਨੂੰ ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ਹੋਈ ਸੀ। ਇਸ ਸਬੰਧੀ ਸੰਤ ਸੀਚੇਵਾਲ ਵਲੋਂ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਗਿਆ ਸੀ। ਪੰਜਾਬ ਰਾਜ ਮੰਡੀ ਬੋਰਡ ਨੇ ਵੀ ਆਪਣੀ ਰਿਪੋਰਟ ਵਿਚ ਕਿਹਾ ਸੀ ਕਿ ਧੁੱਸੀ ਬੰਨ੍ਹ ‘ਤੇ ਸੜਕ ਬਣਨ ਨਾਲ ਬੰਨ੍ਹ ਨੂੰ ਮਜ਼ਬੂਤੀ ਮਿਲੇਗੀ। ਮੰਡੀ ਬੋਰਡ ਦੀ ਇਸ ਸੜਕ ‘ਤੇ 117 ਕਰੋੜ ਦੇ ਕਰੀਬ ਦੀ ਲਾਗਤ ਆਉਣ ਦਾ ਅਨੁਮਾਨ ਲਗਾਇਆ ਸੀ।
ਸੰਤ ਸੀਚੇਵਾਲ ਨੇ ਦੱਸਿਆ ਕਿ ਇਹ ਸੜਕ ਨਬਾਰਡ ਦੀ ਮਦਦ ਨਾਲ ਬਣਾਈ ਜਾਣੀ ਸੀ। ਉਨ੍ਹਾਂ ਮੁੱਖ ਮੰਤਰੀ ਕੋਲੋਂ ਮੰਗ ਕੀਤੀ ਕਿ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਇਸ ਸੜਕ ਨੂੰ ਬਣਾਉਣ ਦੀ ਸ਼ੁਰੂਆਤ ਕੀਤੀ ਜਾਵੇ ਕਿਉਂਕਿ ਇਸ ਨਾਲ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਮੰਡਾਲਾ ਛੰਨਾ ਨੇੜੇ ਧੁੱਸੀ ਬੰਨ੍ਹ ਦੇ ਇਸ 2200 ਫੁੱਟ ਲੰਮੇ ਸੰਵੇਦਨਸ਼ੀਲ ਹਿੱਸੇ ਵਿੱਚ ਪੱਥਰ ਲਾ ਕੇ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਹਿੱਸੇ ਵਿੱਚ 13 ਸਟੱਡ ਤੇ ਦੋ ਸਪਰ ਬਣਾਏ ਜਾ ਰਹੇ ਹਨ। ਪੱਥਰ ਲਗਾਉਣ ਦੇ ਇਸ ਕੰਮ ਨੂੰ ਬਰਸਾਤਾਂ ਤੋਂ ਪਹਿਲਾਂ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ।

