ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਜਨਵਰੀ
ਨੈਸ਼ਨਲ ਸ਼ੈਡਿਊਲਡ ਕਾਸਟਸ ਅਲਾਇੰਸ ਵੱਲੋਂ ਵਜ਼ੀਫ਼ਾ ਘੁਟਾਲੇ ਦੇ ਕਥਿਤ ਦੋਸ਼ੀਆਂ ਖ਼ਿਲਾਫ਼ ਸੀਬੀਆਈ ਜਾਂਚ ਦੀ ਮੰਗ ਕਰਦਿਆਂ ਸ਼ੁਰੂ ਕੀਤੀ ਗਈ ਸੰਕੇਤਕ ਭੁੱਖ ਹੜਤਾਲ 21ਵੇਂ ਦਿਨ ਵੀ ਜਾਰੀ ਰਹੀ। ਇਸ ਮੌਕੇ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਬਾਰੇ ਮੰਤਰੀਆਂ ਦੇ ਸਮੂਹ ਵੱਲੋਂ ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀਆਂ ਡਿਗਰੀਆਂ ਤਿੰਨ ਦਿਨਾਂ ਦੇ ਅੰਦਰ ਸੌਂਪੀਆਂ ਜਾਣ ਦੇ ਅਹਿਮ ਫ਼ੈਸਲੇ ਦਾ ਸਵਾਗਤ ਕੀਤਾ ਹੈ। ਇਸ ਮੌਕੇ ਨੈਸ਼ਨਲ ਸ਼ੈਡਿਊਲਡ ਕਾਸਟ ਅਲਾਇੰਸ ਨੇ ਮੰਗ ਕੀਤੀ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਘੁਟਾਲੇ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ। ਇਸ ਤੋਂ ਪਹਿਲਾਂ 3 ਲੱਖ ਵਿਦਿਆਰਥੀਆਂ ਨੂੰ ਦਾਖਲੇ ਦਿੱਤੇ ਜਾਣ ਅਤੇ ਹੋਰ ਵਿਦਿਆਰਥੀਆਂ ਦੀ ਡਿਗਰੀਆਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੈਪਟਨ ਸਰਕਾਰ ਇਸ ਘੁਟਾਲੇ ਦੇ ਕਥਿਤ ਦੋਸ਼ੀਆਂ ਨੂੰ ਬਰਖਾਸਤ ਕਰਕੇ ਕੋਈ ਕਾਰਵਾਈ ਨਹੀਂ ਕਰਦੀ, ਉਦੋਂ ਤੱਕ ਇਹ ਭੁੱਖ ਹੜਤਾਲ ਜਾਰੀ ਰਹੇਗੀ। ਇਸ ਮੌਕੇ ਲੱਛਮਣ ਦਾਸ ਜੱਤੀ, ਐਡਵੋਕੇਟ ਮੋਹਿਤ ਭਾਰਦਵਾਜ, ਜਸਵਿੰਦਰ ਸਿੰਘ ਤੇ ਗੁਰਸੇਵਕ ਸਿੰਘ ਹਾਜ਼ਰ ਸਨ।