ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਮਾਰਚ
ਇਥੋਂ ਦੇ ਸੈਕਟਰ-20 ਸਥਿਤ ਗੁਰਦੁਆਰੇ ਵਿੱਚ ਦੁਪਹਿਰ ਵੇਲੇ ਅਚਾਨਕ ਅੱਗ ਲੱਗ ਗਈ ਜਿਸ ਕਾਰਨ ਇਕ ਵਿਅਕਤੀ ਝੁਲਸ ਗਿਆ। ਪੀੜਤ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ ਜੋ ਕਿ ਗੁਰਦੁਆਰੇ ਦਾ ਸੇਵਕ ਹੈ। ਅੱਗ ਲੱਗਣ ਦੀ ਜਾਣਕਾਰੀ ਮਿਲਦਿਆਂ ਹੀ ਫਾਇਰ ਬ੍ਰਿਗੇਡ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਦੁਪਹਿਰ ਇਕ ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਵਿੱਚ ਧਾਰਮਿਕ ਸਮਾਗਮ ਚੱਲ ਰਿਹਾ ਸੀ। ਇਸੇ ਦੌਰਾਨ ਅਚਾਨਕ ਅੱਗ ਲੱਗ ਗਈ। ਘਟਨਾ ਵੇਲੇ ਗੁਰਦੁਆਰੇ ਦੀ ਰਸੋਈ ਵਿੱਚ ਲੰਗਰ ਤਿਆਰ ਕੀਤਾ ਜਾ ਰਿਹਾ ਸੀ। ਸੈਕਟਰ-32 ਅਤੇ ਸੈਕਟਰ-17 ਤੋਂ ਪਹੁੰਚੀ ਫਾਇਰ ਬ੍ਰਿਗੇਡ ਨੇ ਪਹਿਲਾਂ ਰਸੋਈ ਵਿੱਚੋਂ ਐੱਲਪੀਜੀ ਦੇ ਸਿਲੰਡਰਾਂ ਨੂੰ ਬਾਹਰ ਕੱਢਿਆ ਤਾਂ ਕਿ ਵੱਡਾ ਹਾਦਸਾ ਟਾਲਿਆ ਜਾ ਸਕੇ। ਇਸ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਘਟਨਾ ਦੌਰਾਨ ਰੋਟੀ ਬਣਾਉਣ ਵਾਲੀ ਮਸ਼ੀਨ ਸੜ ਗਈ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਅਨੁਸਾਰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸੱਕਿਆ। ਸਮਾਗਮ ਦੌਰਾਨ ਅਚਾਨਕ ਅੱਗ ਲੱਗਣ ਕਰਕੇ ਅਫ਼ਰਾ-ਤਫ਼ਰੀ ਦਾ ਮਾਹੌਲ ਬਣ ਗਿਆ। ਇਸੇ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਕਤ ਵਿੱਚ ਆ ਗਈ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੂੰ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ।