ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 12 ਅਗਸਤ
ਕਈ ਸਨਸਨੀਖ਼ੇਜ਼ ਮਾਮਲਿਆਂ ਨੂੰ ਸੁਲਝਾਉਣ ਵਿੱਚ ਬੇਮਿਸਾਲ ਸੇਵਾਵਾਂ ਨਿਭਾਉਣ ਲਈ ਪੰਜਾਬ ਪੁਲੀਸ ਦੇ ਮੁਹਾਲੀ ਵਿੱਚ ਤਾਇਨਾਤ ਡੀਐੱਸਪੀ (ਡੀ) ਬਿਕਰਮਜੀਤ ਸਿੰਘ ਬਰਾੜ ਦੀ ‘ ਮੁੱਖ ਮੰਤਰੀ ਮੈਡਲ’ ਲਈ ਚੋਣ ਕੀਤੀ ਗਈ ਹੈ। ਉਨ੍ਹਾਂ ਕੋਲ ਸੰਗਠਿਤ ਅਪਰਾਧ ਰੋਕੂ ਯੂਨਿਟ (ਓਸੀਸੀਯੂ) ਦਾ ਵੀ ਵਾਧੂ ਚਾਰਜ ਹੈ। ਸ੍ਰੀ ਬਰਾੜ ਨੇ ਸਰਹੱਦੋਂ ਪਾਰ ਦੇ ਅਤਿਵਾਦੀ ਮਡਿਊਲ ਬਿੱਲਾ ਮੰਡਿਆਲਾ ਦਾ ਪਰਦਾਫਾਸ਼ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ, ਜਿਸ ਵਿੱਚ ਅਤਿ-ਆਧੁਨਿਕ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਸੀ। ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਡੀਐੱਸਪੀ ਬਰਾੜ ਨੇ ਗੈਂਗਸਟਰ ਸੁਖਪ੍ਰੀਤ ਸਿੰਘ ਉਰਫ਼ ਬੁੱਢਾ ਦੀ ਗ੍ਰਿਫ਼ਤਾਰੀ ਅਤੇ ਅੰਮ੍ਰਿਤਸਰ ਦੇ ਸਾਬਕਾ ਸਰਪੰਚ ਗੁਰਦੀਪ ਸਿੰਘ ਦੇ ਰਹੱਸਮਈ ਕਤਲ ਨੂੰ ਸੁਲਝਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਇਹ ਐਵਾਰਡ ਅਪਰਾਧ ਦੀ ਜਾਂਚ ਦੇ ਉੱਚ ਪੇਸ਼ੇਵਰ ਮਾਪਦੰਡਾਂ ਨੂੰ ਉਤਸ਼ਾਹਿਤ ਕਰਨ ਅਤੇ ਦੇਸ਼ ਵਿੱਚ ਵੱਖ-ਵੱਖ ਪੁਲੀਸ ਸੰਗਠਨਾਂ ਦੇ ਜਾਂਚ ਅਧਿਕਾਰੀਆਂ ਵੱਲੋਂ ਅਜਿਹੀ ਜਾਂਚ ਨੂੰ ਮਾਨਤਾ ਦੇਣ ਲਈ 2018 ਵਿੱਚ ਸਥਾਪਤ ਕੀਤਾ ਗਿਆ ਸੀ।