ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ
ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਮਲਿਕ ਨੇ ਮੰਚ ਸੰਚਾਲਨ ਕੀਤਾ। ਸਭਾ ਦੇ ਪ੍ਰਧਾਨ ਦੀਪਕ ਸ਼ਰਮਾ ਚਨਾਰਥਲ ਨੇ ਕਿਹਾ ਕਿ ਅਜਿਹੇ ਸੰਵਾਦ ਰਚਾ ਕੇ ਸਾਹਿਤਕ ਜਥੇਬੰਦੀਆਂ ਉਸ ਸ਼ਹਾਦਤ ਨੂੰ ਸਿਜਦਾ ਕਰਦੀਆਂ ਹਨ, ਜਿਸ ਦੀ ਕੋਈ ਹੋਰ ਮਿਸਾਲ ਨਹੀਂ ਮਿਲਦੀ। ਸੁਰਜੀਤ ਸਿੰਘ ਧੀਰ ਨੇ ਸ਼ਬਦ ਗਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ ਅਤੇ ਲਾਭ ਸਿੰਘ ਲਹਿਲੀ ਨੇ ਧਾਰਮਿਕ ਗੀਤ ਗਾਇਆ।
ਉੱਘੇ ਰੰਗ ਕਰਮੀ, ਲੋਕ ਕਲਾਕਾਰ ਅਤੇ ਅਧਿਆਪਕ ਪ੍ਰੋ. ਦਿਲਬਾਗ ਸਿੰਘ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ। ਸੈਮੀਨਾਰ ਦੀ ਸ਼ੁਰੂਆਤ ਕਰਦਿਆਂ ਚਿੰਤਕ ਡਾ. ਅਵਤਾਰ ਸਿੰਘ ਪਤੰਗ ਨੇ ਸਰਬ ਸਾਂਝੀਵਾਲਤਾ ਦੇ ਸੰਕਲਪ ਦੇ ਹਵਾਲੇ ਨਾਲ ਇਸ ਬਲੀਦਾਨ ਬਾਰੇ ਤਰਕ ਭਰਪੂਰ ਵਿਚਾਰ ਰੱਖੇ। ਮੁੱਖ ਬੁਲਾਰੇ ਵਜੋਂ ਬੋਲਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸ੍ਰਿਸ਼ਟੀ ਦੀ ਚਾਦਰ ਸਨ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਮੱਖਣ ਕੁਹਾੜ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਵੀ ਚੁਣੌਤੀਆਂ ਕੋਈ ਵੱਖਰੀਆਂ ਨਹੀਂ, ਇਨ੍ਹਾਂ ਨੂੰ ਸਮਝਣ ਅਤੇ ਸਵੈ-ਪੜਚੋਲ ਕੀਤੇ ਜਾਣ ਦੀ ਲੋੜ ਹੈ।
ਇਸ ਮੌਕੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਐਡਵੋਕੇਟ ਪਰਮਿੰਦਰ ਗਿੱਲ, ਚੰਡੀਗੜ੍ਹ ਸਾਹਿਤ ਅਕਾਦਮੀ ਦੇ ਚੇਅਰਮੈਨ ਡਾ. ਮਨਮੋਹਨ ਨੇ ਸੰਬੋਧਨ ਕੀਤਾ। ਪੰਜਾਬੀ ਸਾਹਿਤ ਸਭਾ ਮੁਹਾਲੀ ਦੇ ਪ੍ਰਧਾਨ ਡਾ. ਸ਼ਿੰਦਰਪਾਲ ਸਿੰਘ ਨੇ ਧੰਨਵਾਦੀ ਸ਼ਬਦ ਕਹੇ।
