ਸੈਨੇਟ ਭੰਗ ਕਰਨ ਦੀ ਕਾਰਵਾਈ ਨਿੰਦਣਯੋਗ ਕਰਾਰ
ਕੇਂਦਰੀ ਸਿੰਘ ਸਭਾ ਨੇ ਪੰਜਾਬ ਹਿਤੈਸ਼ੀਆਂ ਨੂੰ ਕੇਂਦਰੀ ਫ਼ੈਸਲੇ ਦਾ ਵਿਰੋਧ ਕਰਨ ਦੀ ਅਪੀਲ ਕੀਤੀ
ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਕਰਨ ਦੇ ਫ਼ੈਸਲਾ ਦੀ ਨਿਖੇਧੀ ਕੀਤੀ ਹੈ। ਇਸ ਬਾਰੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਪ੍ਰੋ. ਸ਼ਾਮ ਸਿੰਘ, ਜਨਰਲ ਸਕੱਤਰ ਡਾ. ਖੁਸ਼ਹਾਲ ਸਿੰਘ, ਖ਼ਜ਼ਾਨਚੀ ਗੁਰਪ੍ਰੀਤ ਸਿੰਘ, ਗਵਰਨਿੰਗ ਕੌਂਸਲ ਦੇ ਮੈਂਬਰ ਰਾਜਵਿੰਦਰ ਸਿੰਘ ਰਾਹੀ ਤੇ ਸੁਰਿੰਦਰ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਪਿੰਡ ਉਜਾੜ ਕੇ ਵਸਾਇਆ ਚੰਡੀਗੜ੍ਹ ਪੰਜਾਬ ਕੋਲੋਂ ਪੂਰੀ ਤਰ੍ਹਾਂ ਖੁੱਸ ਚੁੱਕਿਆ ਹੈ, ਹੁਣ ਪੰਜਾਬ ਯੂਨੀਵਰਸਿਟੀ ਤੋਂ ਵੀ ਪੰਜਾਬ ਦਾ ਦਾਅਵਾ ਖ਼ਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਚੁਣੇ ਗਏ ਸੈਨੇਟ ਮੈਂਬਰਾਂ ਦੀ ਗਿਣਤੀ 90 ਤੋਂ ਘਟਾ ਕੇ 31 ਕਰ ਦਿੱਤੀ ਹੈ, ਜਿਸ ਵਿੱਚ 18 ਚੁਣੇ ਹੋਏ ਮੈਂਬਰ, 6 ਨਾਮਜ਼ਦ ਮੈਂਬਰ ਤੇ ਸੱਤ ਅਹੁਦੇਦਾਰ ਸ਼ਾਮਲ ਹੋਣਗੇ। ਇਸ ਤਰ੍ਹਾਂ ਦੇ ਫੈਸਲੇ ਨਾਲ ਪ੍ਰਬੰਧਕੀ ਢਾਂਚੇ ਲਈ ਜੋ ਪੁਰਾਣੇ ਗਰੈਜੂਏਟ ਵਿਦਿਆਰਥੀ ਪੰਜਾਬ ਤੋਂ ਚੁਣ ਕੇ ਪ੍ਰਬੰਧਕੀ ਢਾਂਚੇ ਵਿੱਚ ਹਿੱਸਾ ਲੈਂਦੇ ਸਨ, ਉਨ੍ਹਾਂ ਦਾ ਹੱਕ ਖ਼ਤਮ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਯੂਨੀਵਰਸਿਟੀ ਦਾ ਪ੍ਰਬੰਧ ਅਸਿੱਧੇ ਰੂਪ ਵਿੱਚ ਕੇਂਦਰ ਸਰਕਾਰ ਦੇ ਹੱਥ ਵਿੱਚ ਆ ਗਿਆ ਹੈ। ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਅਹੁਦੇਦਾਰਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਪੰਜਾਬ ਵਿਰੋਧੀ ਫ਼ੈਸਲੇ ਲੈਣੇ ਬੰਦ ਕਰੇ। ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਸਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਰੱਦ ਕਰੇ। ਸਭਾ ਦੇ ਆਗੁੂਆਂ ਨੇ ਸਮੂਹ ਪੰਜਾਬ ਪੱਖੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੇਂਦਰ ਦੇ ਇਸ ਫ਼ੈਸਲੇ ਦਾ ਡਟਵਾਂ ਵਿਰੋਧ ਕਰਨ ਦੀ ਅਪੀਲ ਕੀਤੀ।

