ਸੈਨੇਟ ਬਹਾਲੀ: ਅੰਦੋਲਨ ਦਾ ਰੂਪ ਧਾਰਨ ਲੱਗਿਆ ਧਰਨਾ
‘ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ’ ਦੇ ਬੈਨਰ ਹੇਠ ਇਕੱਠੀਆਂ ਹੋਈਆਂ ਵਿਦਿਆਰਥੀ ਜਥੇਬੰਦੀਆਂ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਗਵਰਨਿੰਗ ਬਾਡੀ ‘ਸੈਨੇਟ’ ਦੇ ਢਾਂਚੇ ਵਿੱਚ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਇਤਰਾਜ਼ਯੋਗ ਬਦਲਾਅ ਵਿਰੁੱਧ ਵਾਈਸ ਚਾਂਸਲਰ ਦਫ਼ਤਰ ਅੱਗੇ ਵਿਦਿਆਰਥੀਆਂ ਵੱਲੋਂ ਸ਼ੁਰੂ ਕੀਤਾ ਗਿਆ ‘ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ’ ਦਾ ਪੱਕਾ ਅਤੇ ਅਣਮਿੱਥੇ ਸਮੇਂ ਲਈ ਦਿਨ-ਰਾਤ ਦਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਹਾਲਾਂਕਿ ਅੱਜ ਪੂਰਾ ਦਿਨ ਕੇਂਦਰ ਸਰਕਾਰ ਵੱਲੋਂ 30 ਅਕਤੂਬਰ 2025 ਨੂੰ ਜਾਰੀ ਹੋਏ ਨੋਟੀਫਿਕੇਸ਼ਨ ਰੱਦ ਹੋਣ ਦੀ ਚਰਚਾ ਵੀ ਪੂਰੇ ਜ਼ੋਰਾਂ ’ਤੇ ਰਹੀ ਪਰ ਅਥਾਰਿਟੀ ਵੱਲੋਂ ਅਧਿਕਾਰਤ ਤੌਰ ’ਤੇ ਕੋਈ ਜਾਣਕਾਰੀ ਨਾ ਭੇਜੇ ਜਾਣ ਕਾਰਨ ਵਿਦਿਆਰਥੀਆਂ ਨੇ ਅਜਿਹੀਆਂ ਚਰਚਾਵਾਂ ’ਤੇ ਭਰੋਸਾ ਨਹੀਂ ਕੀਤਾ। ਅੱਜ ਧਰਨੇ ਦੇ ਦੂਜੇ ਦਿਨ ਵਿਦਿਆਰਥੀਆਂ ਵੱਲੋਂ ਸਿੰਘੂ-ਟਿੱਕਰੀ ਹੱਦਾਂ ਵਾਲੇ ਕਿਸਾਨ ਅੰਦੋਲਨ ਦੀ ਤਰਜ਼ ’ਤੇ ਬਾਕਾਇਦਾ ਟੈਂਟ ਅਤੇ ਲੰਗਰਾਂ ਦੇ ਪ੍ਰਬੰਧ ਕੀਤੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਮੋਰਚੇ ਨੂੰ ਸਾਰੀਆਂ ਵਿਦਿਆਰਥੀਆਂ ਜਥੇਬੰਦੀਆਂ ਦੇ ਬੈਨਰ ਹਟਾ ਕੇ ਨਿਰੋਲ ਮੋਰਚੇ ਦੇ ਬੈਨਰ ਹੇਠ ਚਲਾਇਆ ਜਾ ਰਿਹਾ ਹੈ। ਅੱਜ ਧਰਨੇ ਵਿੱਚ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪਹੁੰਚ ਕੇ ਸੰਘਰਸ਼ ਨੂੰ ਹਮਾਇਤ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਹੋਂਦ ਨੂੰ ਮਿਟਾਉਣ ਲਈ ਕੇਂਦਰ ਸਰਕਾਰ ਵੱਲੋਂ ਖੋਹੇ ਜਾ ਰਹੇ ਹੱਕ ਬਰਦਾਸ਼ਤ ਨਹੀਂ ਕੀਤੇ ਜਾਣਗੇ। ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਧਰਨੇ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਵਿਚਲੀ ਭਾਜਪਾ ਸਰਕਾਰ ਵਾਰ-ਵਾਰ ਨੋਟੀਫਿਕੇਸ਼ਨ ਜਾਰੀ ਕਰ ਕੇ ਪੰਜਾਬ ਦੇ ਲੋਕਾਂ ਨੂੰ ਪਰਖ਼ ਰਹੀ ਹੈ, ਜਦੋਂ ਕਿ ਹਕੀਕਤ ਇਹ ਹੈ ਕਿ ਇਹ ਨੋਟੀਫਿਕੇਸ਼ਨ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਹੈ, ਪੰਜਾਬ ਦੀ ਖ਼ੁਦਮੁਖਤਿਆਰੀ ’ਤੇ ਡਾਕਾ ਹੈ।
ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਵੀ ਮੁਹਾਲੀ ਹਲਕੇ ਤੋਂ ਸੀਨੀਅਰ ਅਕਾਲੀ ਆਗੂ ਪਰਵਿੰਦਰ ਸਿੰਘ ਬੈਦਵਾਨ ਸੋਹਾਣਾ ਦੇ ਨਾਲ ਧਰਨੇ ਵਿੱਚ ਪੁੱਜੇ ਤੇ ਸੰਘਰਸ਼ ਦੀ ਹਮਾਇਤ ਕੀਤੀ। ਇਸ ਦੌਰਾਨ ਵਿਦਿਆਰਥੀ ਆਗੂਆਂ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਉਨ੍ਹਾਂ ਨਾਲ ਇੱਕ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ। ਹਕੀਕਤ ਵਿੱਚ ਕੋਈ ਨੋਟੀਫਿਕੇਸ਼ਨ ਰੱਦ ਨਹੀਂ ਹੋਇਆ ਸਗੋਂ ਸਿਰਫ਼ ਇੱਕ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਸਰਕਾਰ ਨੇ ਮੁੜ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜਿਸ ਵਿੱਚ ਸਿਰਫ਼ ਇਹ ਤਬਦੀਲੀ ਕੀਤੀ ਗਈ ਹੈ ਕਿ ਪਹਿਲਾਂ ਜਿੱਥੇ ਨਵਾਂ ਸੈਨੇਟ ਢਾਂਚਾ ਤੁਰੰਤ ਲਾਗੂ ਹੋਣਾ ਸੀ, ਹੁਣ ਉਹ ਕੇਂਦਰ ਸਰਕਾਰ ਨੇ ਅਗਲੇ ਹੁਕਮਾਂ ਤੱਕ ਰੋਕ ਲਿਆ ਹੈ। ਇਸ ਦਾ ਅਰਥ ਇਹ ਹੈ ਕਿ ਨਵਾਂ ਸੈਨੇਟ ਢਾਂਚਾ ਜਿਉਂ ਦਾ ਤਿਉਂ ਹੀ ਬਰਕਰਾਰ ਹੈ, ਸਿਰਫ਼ ਉਸ ਦੀ ਲਾਗੂ ਕਰਨ ਦੀ ਤਰੀਕ ਅਜੇ ਰੋਕ ਲਈ ਗਈ ਹੈ।
ਕੈਂਪਸ ਵਿੱਚ 10 ਨੂੰ ਵੱਡਾ ਇਕੱਠ
ਧਰਨੇ ਵਿੱਚ ਸੈਨੇਟਰਾਂ ਐਡਵੋਕੇਟ ਡੀ ਪੀ ਐੱਸ ਰੰਧਾਵਾ, ਸੰਦੀਪ ਸੀਕਰੀ ਤੇ ਰਵਿੰਦਰ ਧਾਲੀਵਾਲ ਨੇ ਕਿਹਾ ਕਿ 10 ਨਵੰਬਰ ਨੂੰ ਵੱਡੇ ਧਰਨੇ ਦਾ ਸੱਦਾ ਜਿਉਂ ਦਾ ਤਿਉਂ ਬਰਕਰਾਰ ਰਹੇਗਾ। ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਵਾਈਸ ਚਾਂਸਲਰ ਦਫ਼ਤਰ ਦੇ ਬਾਹਰ ਪਹਿਲਾਂ ਨਾਲੋਂ ਵੀ ਵੱਧ ਜੋਸ਼ ਨਾਲ਼ ਆਪਣਾ ਸੰਘਰਸ਼ ਜਾਰੀ ਰੱਖੇਗਾ। ਉਨ੍ਹਾਂ ਨੇ ਨਾਨ ਟੀਚਿੰਗ ਸਟਾਫ਼ ਅਤੇ ਟੀਚਰਜ਼ ਐਸੋਸੀਏਸ਼ਨ (ਪੂਟਾ) ਦੇ ਅਹੁਦੇਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਧਰਨੇ ਵਿੱਚ ਪਹੁੰਚ ਕੇ ਸੈਨੇਟ ਪ੍ਰਤੀ ਆਪਣਾ ਪੱਖ ਸਪੱਸ਼ਟ ਕਰਨ।
ਗਾਇਕ ਜਸਬੀਰ ਜੱਸੀ ਨੇ ਧਰਨੇ ’ਚ ਜੋਸ਼ ਭਰਿਆ
ਵਿਦਿਆਰਥੀਆਂ ਦੇ ਧਰਨੇ ਵਿੱਚ ਹਮਾਇਤ ਦੇਣ ਲਈ ਪਹੁੰਚੇ ਪ੍ਰਸਿੱਧ ਪੰਜਾਬੀ ਗਾਇਕ ਜਸਬੀਰ ਜੱਸੀ ਨੇ ‘ਤੂੰ ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ’ ਗੀਤ ਗਾ ਕੇ ਜੋਸ਼ ਭਰਿਆ। ਇਸ ਦੌਰਾਨ ਉਨ੍ਹਾਂ ਧਰਨੇ ਨੂੰ ਹਮਾਇਤ ਦਿੱਤੀ।

