ਪੰਜਾਬ ਭਰ ਵਿਚ 26 ਮਈ ਤੋਂ ਚੱਲ ਰਹੀ ਸੇਵਾ ਕੇਂਦਰ ਦੇ ਮੁਲਾਜ਼ਮਾਂ ਦੀ ਕਲਮ ਛੱਡੋ ਹੜਤਾਲ ਅੱਜ ਵੀ ਜਾਰੀ ਰਹੀ। ਮੁਹਾਲੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਹਾਤੇ ਵਿਚ ਹੜਤਾਲੀ ਕਰਮਚਾਰੀਆਂ ਨੇ ਆਪਣਾ ਕੰਮ ਠੱਪ ਕਰ ਕੇ ਧਰਨਾ ਦਿੱਤਾ। ਹੜਤਾਲੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਹੜਤਾਲੀ ਕਰਮਚਾਰੀਆਂ ਨੇ ਦੋਸ਼ ਲਾਇਆ ਕਿ ਪਿਛਲੇ ਦਸ ਸਾਲਾਂ ਤੋਂ ਪੰਜਾਬ ਭਰ ਵਿਚ ਮਹਿਜ਼ ਦਸ ਤੋਂ ਬਾਰਾਂ ਹਜ਼ਾਰ ਦੀ ਨਿਗੂਣੀ ਤਨਖ਼ਾਹ ’ਤੇ ਕੰਮ ਕਰ ਰਹੇ ਹਨ। ਕੰਪਨੀ ਵੱਲੋਂ ਹੁਣ ਉਨ੍ਹਾਂ ਨੂੰ ਨੌਕਰੀਆਂ ਤੋਂ ਬਰਖ਼ਾਸਤ ਕਰਨ ਦੇ ਪੱਤਰ ਜਾਰੀ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਰਾਜ ਵਿਚ ਠੇਕੇਦਾਰੀ ਸਿਸਟਮ ਨੂੰ ਖਤਮ ਕਰਨ ਲਈ ਆਰਡੀਨੈੱਸ ਜਾਰੀ ਕਰ ਰਹੀ ਹੈ ਪਰ ਦੂਜੇ ਪਾਸੇ ਉਨ੍ਹਾਂ ਨੂੰ ਨੌਕਰੀਆਂ ਤੋਂ ਕੱਢਿਆ ਜਾ ਰਿਹਾ ਹੈ। ਮੁਲਾਜ਼ਮਾਂ ਨੇ ਕਿਹਾ ਕਿ ਜਦੋਂ ਉਨ੍ਹਾਂ ਦੀਆਂ ਤਨਖ਼ਾਹਾਂ ਵਿਚ ਦੁੱਗਣਾ ਵਾਧਾ ਅਤੇ ਪੱਕੇ ਕਰਨ ਦੀ ਮੰਗ ਨਹੀਂ ਮੰਨੀ ਜਾਂਦੀ, ਉਹ ਕੰਮ ’ਤੇ ਨਹੀਂ ਪਰਤਣਗੇ। ਹੜਤਾਲ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।
ਹੜਤਾਲ ਕਾਰਨ ਲੋਕ ਖੱਜਲ-ਖੁਆਰ
ਡੇਰਾਬੱਸੀ (ਹਰਜੀਤ ਸਿੰਘ): ਸੇਵਾ ਕੇਂਦਰ ਮੁਲਾਜ਼ਮਾਂ ਦੀ ਅਣਮਿਥੇ ਸਮੇਂ ਦੀ ਹੜਤਾਲ ਕਾਰਨ ਆਮ ਲੋਕ ਪ੍ਰੇਸ਼ਾਨ ਹਨ। ਸਰਕਾਰੀ ਕੰਮ-ਕਾਜ ਪੂਰੀ ਤਰ੍ਹਾਂ ਠੱਪ ਹੋਣ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਤੋਂ ਆਉਣ ਵਾਲੇ ਲੋਕ ਰੋਜ਼ਾਨਾ ਨਿਰਾਸ਼ ਹੋ ਕੇ ਪਰਤ ਰਹੇ ਹਨ, ਪਰ ਪ੍ਰਸ਼ਾਸਨਿਕ ਅਧਿਕਾਰੀ ਇਸ ਗੰਭੀਰ ਸਮੱਸਿਆ ਵੱਲ ਕੋਈ ਧਿਆਨ ਨਹੀਂ ਦੇ ਰਹੇ। ਸੇਵਾ ਕੇਂਦਰਾਂ ਦੇ ਤਾਲੇ ਨਾ ਖੁੱਲ੍ਹਣ ਕਾਰਨ ਅਨੇਕਾਂ ਅਹਿਮ ਸਰਕਾਰੀ ਕਾਰਜ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ, ਜਿਸ ਕਾਰਨ ਜਨਮ-ਮੌਤ, ਜਾਤੀ ਅਤੇ ਰਿਹਾਇਸ਼ੀ ਸਰਟੀਫਿਕੇਟ ਬਣਾਉਣ ਦਾ ਕੰਮ ਰੁਕਿਆ। ਬਜ਼ੁਰਗਾਂ ਦੀਆਂ ਪੈਨਸ਼ਨਾਂ ਅਤੇ ਆਧਾਰ ਕਾਰਡਾਂ ਦੀ ਅਪਡੇਟ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ ਹਨ। ਉਨ੍ਹਾਂ ਮੰਗ ਕੀਤੀ ਕਿ ਜਾਂ ਤਾਂ ਮੁਲਾਜ਼ਮਾਂ ਦੀਆਂ ਮੰਗਾਂ ਜਲਦੀ ਮੰਨੀਆਂ ਜਾਣ ਜਾਂ ਫਿਰ ਆਮ ਲੋਕਾਂ ਦੀ ਸਹੂਲਤ ਲਈ ਕੋਈ ਆਰਜ਼ੀ ਪ੍ਰਬੰਧ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੀ ਖੱਜਲ-ਖੁਆਰੀ ਬੰਦ ਹੋ ਸਕੇ।

