ਡੇਰਾਬੱਸੀ: ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਚੰਗੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਇਸੇ ਕੜੀ ਤਹਿਤ ਹਲਕਾ ਡੇਰਾਬੱਸੀ ਵਿੱਚ ਸੱਤ ਮੁਹੱਲਾ ਕਲੀਨਿਕਾਂ ਦੀ ਉਸਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਆਉਣ ਵਾਲੀ 15 ਅਗਸਤ ਨੂੰ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ। ਸ੍ਰੀ ਰੰਧਾਵਾ ਨੇ ਕਿਹਾ ਕਿ ਛੇਤੀ ਹੀ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰ ਇਸ ਦਾ ਵਿਸਥਾਰ ਕੀਤਾ ਜਾਵੇਗਾ। ਇਸ ਸਬੰਧੀ ਵਿਧਾਇਕ ਵੱਲੋਂ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨਾਲ ਮੀਟਿੰਗ ਕਰ ਕੇ ਇਸ ਹਲਕੇ ਵਿੱਚ ਸਿਹਤ ਸਹੂਲਤਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਛੇਤੀ ਸਿਹਤ ਮੰਤਰੀ ਇਸ ਹਲਕੇ ਵਿੱਚ ਉਸਾਰੇ ਜਾ ਰਹੇ ਮੁਹੱਲਾ ਕਲੀਨਿਕਾਂ ਦੀ ਤਿਆਰੀਆਂ ਦਾ ਜਾਇਜ਼ਾ ਲੈਣਗੇ। -ਨਿੱਜੀ ਪੱਤਰ ਪ੍ਰੇਰਕ