ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 26 ਅਪਰੈਲ
ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਸਮੇਤ ‘ਆਪ’ ਆਗੂ ਅਵਤਾਰ ਸਿੰਘ ਮੌਲੀ ਬੈਦਵਾਨ, ਤਰਲੋਚਨ ਸਿੰਘ ਮਟੌਰ ਅਤੇ ਹੋਰਨਾਂ ਵਾਲੰਟੀਅਰਾਂ ਨੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕੀਤੀ ਅਤੇ ਪੁਰਾਣੀ ਲੀਜ਼ ਨੀਤੀ ਤਹਿਤ ਸ਼ਾਮਲਾਟ ਜ਼ਮੀਨਾਂ ਦੱਬਣ ਦਾ ਮਾਮਲਾ ਚੁੱਕਿਆ। ਵਫ਼ਦ ਨੇ ਕੈਬਨਿਟ ਮੰਤਰੀ ਨੂੰ ਸ਼ਿਕਾਇਤ ਦੇ ਕੇ ਸਿਆਸੀ ਰਸੂਖ਼ ਵਰਤ ਕੇ ਸ਼ਾਮਲਾਟ ਜ਼ਮੀਨਾਂ ਹੜੱਪਣ ਵਾਲੇ ਆਗੂਆਂ ਅਤੇ ਕਸੂਰਵਾਰ ਅਫ਼ਸਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਮੰਤਰੀ ਨੂੰ ਮਿਲਣ ਵਾਲੇ ਵਫ਼ਦ ਵਿੱਚ ਸੀਨੀਅਰ ਐਡਵੋਕੇਟ ਾਬਲਦੇਵ ਸਿੰਘ ਸਿੱਧੂ, ‘ਆਪ’ ਵਾਲੰਟੀਅਰ ਬਲਰਾਜ ਸਿੰਘ ਗਿੱਲ, ਰਣਜੀਤ ਸਿੰਘ ਢਿੱਲੋਂ, ਅਕਵਿੰਦਰ ਸਿੰਘ ਗੋਸਲ ਅਤੇ ਸਾਬਕਾ ਕੌਂਸਲਰ ਆਰਪੀ ਸ਼ਰਮਾ ਸ਼ਾਮਲ ਸਨ। ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਦੌਰਾਨ ਪੁਰਾਣੀ ਲੀਜ਼ ਨੀਤੀ ਰੱਦ ਕੀਤੀ ਜਾਵੇਗੀ ਅਤੇ ਸ਼ਾਮਲਾਟ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾਣਗੇ।
ਸਤਨਾਮ ਸਿੰਘ ਦਾਊਂ ਨੇ ਦੱਸਿਆ ਕਿ ‘ਆਪ’ ਵਿਧਾਇਕ ਕੁਲਵੰਤ ਸਿੰਘ ਅਤੇ ਸੰਸਥਾ ਦੇ ਮੈਂਬਰ ਸਰਕਾਰ ਨਾਲ ਰਾਬਤਾ ਕਰਕੇ 33 ਸਾਲਾ ਲੀਜ਼ ਨੀਤੀ ਨੂੰ ਰੱਦ ਕਰਾਉਣ ਅਤੇ ਸ਼ਾਮਲਾਟ ਜ਼ਮੀਨਾਂ ਦਾ ਗਰਾਮ ਪੰਚਾਇਤਾਂ ਨੂੰ ਮੁੜ ਕਬਜ਼ਾ ਦੇਣ ਦੀ ਮੰਗ ਕਰਦੇ ਆ ਰਹੇ ਹਨ। ਵਫ਼ਦ ਨੇ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਮਾਜਰੀ ਬਲਾਕ ਦੇ ਪਿੰਡ ਚੰਦਪੁਰ ਦੀ ਜ਼ਮੀਨ ਚੋਣਾਂ ਤੋਂ ਪਹਿਲਾਂ ਸੰਘਰਸ਼ ਕਰਕੇ ਬਚਾ ਲਈ ਸੀ ਪਰ ਨਵੀਂ ਸਰਕਾਰ ਬਣਨ ਤੋਂ ਬਾਅਦ 21 ਮਾਰਚ ਨੂੰ ਇਸ ਜ਼ਮੀਨ ਨੂੰ ਪੁਰਾਣੀ ਲੀਜ਼ ਨੀਤੀ ਦੀ ਦੁਰਵਰਤੋਂ ਕਰਦਿਆਂ ਰਸੂਖਦਾਰ ਦੇ ਨਾਂ ’ਤੇ ਰਜਿਸਟਰਡ ਕਰ ਦਿੱਤੀ ਸੀ। ਮੰਤਰੀ ਨੇ ਭਰੋਸਾ ਦਿੱਤਾ ਕਿ ਸਰਕਾਰ ਪਹਿਲਾਂ ਹੀ ਸ਼ਾਮਲਾਟ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਹਟਾਉਣ ਲਈ ਵਚਨਬੱਧ ਹੈ। ਆਉਣ ਵਾਲੇ ਵਿਧਾਨ ਸਭਾ ਸੈਸ਼ਨ ਦੌਰਾਨ 33 ਸਾਲਾ ਲੀਜ਼ ਨੀਤੀ ਰੱਦ ਕਰਨ ਦਾ ਮਤਾ ਹਾਊਸ ਵਿੱਚ ਪੇਸ਼ ਕੀਤਾ ਜਾਵੇਗਾ।