ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਵੱਲੋਂ ਨਿਹਾਲਕਾ ’ਚ ਪ੍ਰਦਰਸ਼ਨ
ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼
Advertisement
ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਨੇ ਨੇੜਲੇ ਪਿੰਡ ਨਿਹੋਲਕਾ ਵਿੱਚ ਹੋਏ ਇਕੱਠ ਦੌਰਾਨ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੀ ਨਿਖੇਧੀ ਕਰਦਿਆਂ ਪ੍ਰਦਰਸ਼ਨ ਕੀਤਾ। ਸੂਬਾ ਪ੍ਰਧਾਨ ਗੁਰਿੰਦਰ ਸਿੰਘ ਭੰਗੂ ਦੀ ਪ੍ਰਧਾਨਗੀ ਹੇਠ ਹੋਏ ਇਕੱਠ ਦੌਰਾਨ ਸਰਕਾਰ ਨੂੰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਵੀ ਕੀਤੀ। ਇਸ ਮੌਕੇ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਭੰਗੂ, ਸੁਪਿੰਦਰ ਸਿੰਘ ਮੁੰਧੋਂ, ਅਮਨਦੀਪ ਸਿੰਘ ਗੋਲਡੀ ਅਕਾਲਗੜ੍ਹ, ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਸੇਖੋ ਤੇ ਹੋਰਨਾਂ ਕਿਸਾਨ ਆਗੂਆਂ ਨੇ ਝੋਨੇ ਦੀ ਫ਼ਸਲ ਨੂੰ ਲੱਗੇ ਮਧਰੇ ਕੱਦ ਦੀ ਬਿਮਾਰੀ ਕਾਰਨ ਕਿਸਾਨਾਂ ਨੂੰ ਹੋ ਰਹੇ ਨੁਕਸਾਨ ਦਾ ਮੁੱਦ ਚੁੱਕਿਆ। ਆਗੂਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਅਤੇ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਿਫਾਰਸ਼ ਕੀਤੀਆਂ ਝੋਨੇ ਦੀਆਂ ਕਿਸਮਾਂ ਬੀਜੀਆਂ ਜਾ ਰਹੀਆਂ ਹਨ ਪਰ ਫਿਰ ਵੀ ਇਹ ਬਿਮਾਰੀ ਲੱਗ ਰਹੀ ਹੈ। ਆਗੂਆਂ ਨੇ ਕਿਹਾ ਕਿ ਕੁਝ ਸਾਲ ਪਹਿਲਾਂ ਵੀ ਇਸ ਬਿਮਾਰੀ ਕਾਰਨ ਹੋਏ ਨੁਕਸਾਨ ਨੂੰ ਦੇਖਦਿਆਂ ਸਰਕਾਰ ਵਲੋਂ ਨੁਕਸਾਨ ਦੀ ਪ੍ਰਤੀਪੂਰਤੀ ਲਈ ਗਿਰਦਾਵਰੀਆਂ ਕਰਾਈਆਂ ਗਈਆਂ ਸਨ ਪਰ ਕਿਸਾਨਾਂ ਨੂੰ ਹਾਲੇ ਤੱਕ ਮੁਆਵਜ਼ਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਵੀ ਕਿਸਾਨਾਂ ਨੂੰ ਦੁਬਾਰਾ ਝੋਨਾ ਬੀਜਣਾ ਪਿਆ ਹੈ ਜਦਕਿ ਸਰਕਾਰ ਨੇ ਚੁੱਪ ਧਾਰੀ ਹੋਈ ਹੈ।ਆਗੂਆਂ ਨੇ ਗੰਨੇ ਦੀ ਪਿਛਲੀ ਫ਼ਸਲ ਦੀ ਅਦਾਇਗੀ ਨਾ ਹੋਣ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਸਹਿਕਾਰੀ ਮਿੱਲਾਂ ਵੱਲ ਗੰਨਾ ਕਾਸ਼ਤਕਾਰਾਂ ਦਾ ਕਰੀਬ 170 ਕਰੋੜ ਬਕਾਇਆ ਖੜ੍ਹਾ ਹੈ। ਆਗੂਆਂ ਨੇ ਕਿਹਾ ਕਿ ਇਸ ਤੋਂ ਇਲਾਵਾ ਪਿਛਲੇ ਸਮੇਂ ਲੰਪੀ ਸਕਿੰਨ ਬਿਾਮਰੀ ਨਾਲ ਮਰੇ ਪਸ਼ੂਆਂ ਦਾ ਮੁਆਵਜ਼ਾ ਐਲਾਨ ਕਰਕੇ ਸਰਕਾਰ ਮੁੱਕਰ ਚੁੱਕੀ ਜਦਕਿ ਪਿਛਲੇ ਸਾਲ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਸਰਕਾਰ ਨੇ ਹਾਲੇ ਤੱਕ ਨਹੀਂ ਦਿੱਤਾ। ਇਸੇ ਦੌਰਾਨ ਆਗੂਆਂ ਨੇ ਮੁਹਾਲੀ ਜ਼ਿਲ੍ਹੇ ਦੀਆਂ ਸੜਕਾਂ ਦੀ ਖਸਤਾ ਹਾਲਤ ਲਈ ਵੀ ਸਰਕਾਰ ਦੀ ਨੁਕਤਾਚੀਨੀ ਕੀਤੀ ਅਤੇ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਸੜਕਾਂ ਵੱਲ ਬਿਲਕੁਲ ਵੀ ਤਵੱਜੋ ਨਹੀਂ ਦਿੱਤੀ ਜਾ ਰਹੀ। ਇਸ ਮੌਕੇ ਪ੍ਰਧਾਨ ਗੁਰਮੀਤ ਸਿੰਘ,ਜਨਰਲ ਸਕੱਤਰ ਹਰਨੇਕ ਸਿੰਘ, ਜਸਵਿੰਦਰ ਸਿੰਘ, ਪਰਮਜੀਤ ਸਿੰਘ, ਗੁਰਸੇਵਕ ਸਿੰਘ, ਲਛਮਣ ਸਿੰਘ, ਪਰਮਜੀਤ ਸਿੰਘ ਹਾਜ਼ਰ ਸਨ।
Advertisement
Advertisement