ਸ਼੍ਰੋਮਣੀ ਅਕਾਲੀ ਦਲ ਵੱਲੋਂ ਰੁੱਖ ਲਾਓ ਮੁਹਿੰਮ ਸ਼ੁਰੂ
ਚਰਨਜੀਤ ਭੁੱਲਰ
ਚੰਡੀਗੜ੍ਹ, 27 ਜੂਨ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਹਿਤ ਰੁੱਖ ਲਾਓ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਤਹਿਤ ਸੂਬੇ ਭਰ ਵਿੱਚ ਅਗਲੇ ਮਹੀਨੇ ਦੇ ਅੰਤ ਤੱਕ 1.25 ਲੱਖ ਰੁੱਖ ਲਗਾਏ ਜਾਣਗੇ। ਮੁਹਿੰਮ ਦੀ ਸ਼ੁਰੂਆਤ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਾਜ਼ਰ ਨਹੀਂ ਸਨ।
ਪਾਰਟੀ ਦੇ ਸੀਨੀਅਰ ਆਗੂਆਂ ਡਾ. ਦਲਜੀਤ ਸਿੰਘ ਚੀਮਾ ਅਤੇ ਹੀਰਾ ਸਿੰਘ ਗਾਬੜੀਆ ਇੱਥੇ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਬੂਟਾ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਚੀਮਾ ਨੇ ਕਿਹਾ ਕਿ ਪਾਰਟੀ ਨੇ ਪਹਿਲਾਂ ਵੱਧ ਤਾਪਮਾਨ ਦੇ ਹਾਲਾਤਾਂ ਦੇ ਚਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਹ ਮੁਹਿੰਮ ਮੁਲਤਵੀ ਕਰਨ ਦੀ ਪ੍ਰਵਾਨਗੀ ਲਈ ਸੀ ਅਤੇ ਹੁਣ ਮੌਨਸੂਨ ਦੀ ਆਮਦ ਨਾਲ ਇਹ ਮੁਹਿੰਮ ਆਰੰਭ ਕਰ ਦਿੱਤੀ ਹੈ।
ਡਾ. ਚੀਮਾ ਨੇ ਕਿਹਾ ਕਿ ਪਾਰਟੀ ਨੇ ਸਾਰੇ ਜ਼ਿਲ੍ਹਿਆਂ ਵਿਚ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਆਖਿਆ ਹੈ ਕਿ ਉਹ ਸਾਂਝੀਆਂ ਥਾਵਾਂ ’ਤੇ ਬੂਟੇ ਲਾਉਣ। ਉਨ੍ਹਾਂ ਕਿਹਾ ਕਿ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਇਹ ਵੀ ਆਖੇਗੀ ਕਿ ਬੂਟੇ ਖ਼ਰੀਦ ਕੇ ਇਨ੍ਹਾਂ ਦੀ ਵੰਡ ਲਈ ਕੈਂਪ ਲਾਏ ਜਾਣ।