ਆਡੀਓ ਵਾਇਰਲ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪੁਲੀਸ ਕੋਲ ਪੇਸ਼
ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਦੌਰਾਨ ਪਟਿਆਲਾ ਪੁਲੀਸ ਨਾਲ ਸਬੰਧਤ ਵਾਇਰਲ ਹੋਈ ਆਡੀਓ ਕਲਿੱਪ ਦੇ ਮਾਮਲੇ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਲੀਗਲ ਸੈੱਲ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਚੰਡੀਗੜ੍ਹ ਸਥਿਤ ਪੰਜਾਬ ਪੁਲੀਸ ਹੈੱਡਕੁਆਰਟਰ ਵਿੱਚ ਏਡੀਜੀਪੀ ਐਸ ਪੀ ਐੱਸ ਪਰਮਾਰ ਮੂਹਰੇ ਪੇਸ਼ ਹੋਏ ਜਿਨ੍ਹਾਂ ਨੇ ਪੁਲੀਸ ਨੂੰ ਉਕਤ ਆਡੀਓ ਦੀ ਪੈਨਡਰਾਈਵ ਵਿੱਚ ਕਾਪੀ ਸੌਂਪਦਿਆਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਨੂੰ ਉਨ੍ਹਾਂ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੋਸ਼ਲ ਮੀਡੀਆ ’ਤੇ ਪੋਸਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਕਤ ਵੀਡੀਓ ਦੀ ਪੰਜਾਬ ਤੋਂ ਬਾਹਰ ਤੋਂ ਸੀ ਐੱਫ ਐੱਸ ਐੱਲ ਤੋਂ ਜਾਂਚ ਕਰਵਾਈ ਜਾਵੇ, ਜਿਸ ਨਾਲ ਸਪਸ਼ਟ ਹੋ ਜਾਵੇਗਾ ਕਿ ਇਹ ਵੀਡੀਓ ਸਹੀ ਹੈ ਜਾਂ ਏ ਆਈ ਜਨਰੇਟਿਡ ਹੈ। ਇਸ ਦੇ ਨਾਲ ਹੀ ਅਰਸ਼ਦੀਪ ਕਲੇਰ ਨੇ ਚੋਣਾਂ ਦੌਰਾਨ ਧੱਕਾ ਕਰਵਾਉਣ ਵਾਲੇ ਅਧਿਕਾਰੀਆਂ ਵਿੱਚ ਕਾਰਵਾਈ ਕਰਨ ਦੀ ਮੰਗ ਕੀਤੀ।
ਐਡਵੋਕੇਟ ਅਰਸ਼ਦੀਪ ਕਲੇਰ ਨੇ ਪੰਜਾਬ ਪੁਲੀਸ ਹੈੱਡਕੁਆਰਟਰ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਵਿੱਚ ਪੰਜਾਬ ਪੁਲੀਸ ਵੱਲੋਂ ਸੂਬਾ ਸਰਕਾਰ ਦੇ ਇਸ਼ਾਰੇ ’ਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸੇ ਧੱਕੇਸ਼ਾਹੀ ਬਾਰੇ ਪਟਿਆਲਾ ਦੇ ਐਸ ਐਸ ਪੀ ਵੱਲੋਂ ਹੋਰਨਾਂ ਪੁਲੀਸ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦੇਣ ਦੀ ਆਡੀਓ ਸਾਹਮਣੇ ਆਈ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਵੀ ਪਹੁੰਚ ਕੀਤੀ ਗਈ ਹੈ। ਹਾਲਾਂਕਿ ਪਟਿਆਲਾ ਪੁਲੀਸ ਦੇ ਡੀ ਆਈ ਜੀ ਦਾ ਕਹਿਣਾ ਹੈ ਕਿ ਇਹ ਆਡੀਓ ਏ ਆਈ ਨਾਲ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਡੀ ਆਈ ਜੀ ਇਸ ਸਬੰਧੀ ਹਾਈਕੋਰਟ ਵਿੱਚ ਹਲਫਨਾਮਾ ਦਾਇਰ ਕਰਨ, ਜਿਸ ਤੋਂ ਬਾਅਦ ਹਾਈਕੋਰਟ ਉਕਤ ਆਡੀਓ ਦੀ ਜਾਂਚ ਕਰਵਾਏ। ਇਸ ਤੋਂ ਸਭ ਨੂੰ ਪਤਾ ਚੱਲ ਜਾਵੇਗਾ ਕਿ ਇਹ ਆਡੀਓ ਸਹੀ ਹੈ ਜਾਂ ਏ ਆਈ ਜਨਰੇਟਿਡ ਹੈ। ਇਸ ਦੇ ਨਾਲ ਹੀ ਕਲੇਰ ਨੇ ਸਪਸ਼ਟ ਕੀਤਾ ਕਿ ਪੁਲੀਸ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਰਬਜੀਤ ਸਿੰਘ ਝਿੰਜਰ, ਐਸਜੀਪੀਸੀ ਮੈਂਬਰ ਝੱਬਰ ਤੇ ਹਰਵਿੰਦਰ ਸਿੱਧੂ ਨੂੰ ਵੀ ਬੀ ਐੱਨ ਐੱਸ ਦੀ ਧਾਰਾ 94 ਤਹਿਤ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਨੋਟਿਸ ’ਤੇ ਕੋਈ ਵੀ ਆ ਕੇ ਆਪਣਾ ਜਵਾਬ ਦਾਇਰ ਕਰ ਸਕਦਾ ਹੈ। ਇਸ ਲਈ ਉਸ ਨੇ ਪਾਰਟੀ ਪ੍ਰਧਾਨ ਤੇ ਹੋਰਨਾਂ ਆਗੂਆਂ ਵੱਲੋਂ ਵੀ ਆਪਣਾ ਜਵਾਬ ਦਾਇਰ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ 4 ਦਸੰਬਰ ਨੂੰ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਦੌਰਾਨ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖਰੀ ਦਿਨ ਸਵੇਰ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੋਸ਼ਲ ਮੀਡੀਆ ’ਤੇ ਇਕ ਆਡੀਓ ਕਲਿੱਪ ਵਾਇਰਲ ਕੀਤੀ ਸੀ, ਜਿਸ ਵਿੱਚ ਪਟਿਆਲਾ ਪੁਲੀਸ ਦੇ ਐਸ ਐਸ ਪੀ ਵੱਲੋਂ ਹੋਰਨਾਂ ਪੁਲੀਸ ਅਧਿਕਾਰੀਆਂ ਨੂੰ ਕਥਿਤ ਤੌਰ ’ਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਣ ਲਈ ਵਿਉਤਬੰਦੀ ਤਿਆਰ ਕੀਤੀ ਜਾ ਰਹੀ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਆਡੀਓ ਵਾਇਰਲ ਕਰਨ ਤੋਂ ਬਾਅਦ ਪਟਿਆਲਾ ਪੁਲੀਸ ਨੇ ਉਕਤ ਮਾਮਲੇ ਵਿੱਚ ਕੇਸ ਦਰਜ ਕਰ ਦਿੱਤਾ ਸੀ।
