ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 18 ਅਕਤੂਬਰ
ਮਹਾਰਿਸ਼ੀ ਵਾਲਮੀਕਿ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਜ ਇੱਥੇ ਸ਼ੋਭਾ ਯਾਤਰਾ ਕੱਢੀ ਗਈ। ਸਫ਼ਾਈ ਕਰਮਚਾਰੀ ਭਲਾਈ ਬੋਰਡ ਦੇ ਚੇਅਰਮੈਨ ਗੇਜਾ ਰਾਮ ਨੇ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਨੇ ਸਮਾਜ ਨੂੰ ਆਪਸੀ ਭਾਈਚਾਰਕ ਸਾਂਝ, ਏਕਤਾ ਤੇ ਅਖੰਡਤਾ ਦਾ ਰਾਹ ਵਿਖਾਇਆ, ਜਿਸ ’ਤੇ ਚੱਲ ਕੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਇਸ ਮੌਕੇ ਵੱਖ-ਵੱਖ ਸਮਾਜਿਕ, ਰਾਜਨੀਤਿਕ ਤੇ ਵੱਡੀ ਗਿਣਤੀ ਵਿੱਚ ਭਾਈਚਾਰੇ ਦੇ ਲੋਕਾਂ ਨੇ ਹਿੱਸਾ ਲਿਆ ਗਿਆ। ਸ਼ੋਭਾ ਯਾਤਰਾ ਵਿਚ ਰਮਾਇਣ ਨਾਲ ਜੁੜੀਆਂ ਝਾਕੀਆਂ ਵੀ ਕੱਢੀਆਂ ਗਈਆਂ। ਇਸੇ ਤਰ੍ਹਾਂ ਮੰਡੀ ਗੋਬਿੰਦਗੜ੍ਹ ਦੇ ਪ੍ਰੇਮ ਨਗਰ ਵਿੱਚ ਮਹਾਰਿਸ਼ੀ ਵਾਲਮੀਕਿ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ ਗਈ। ਇਸ ਵਿਚ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਵਿਸ਼ੇਸ਼ ਤੌਰ ’ਤੇ ਪੁੱਜ ਕੇ ਜੋਤੀ ਪ੍ਰਚੰਡ ਕੀਤੀ ਅਤੇ ਭਗਵਾਨ ਵਾਲਮੀਕਿ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਰਾਜੂ ਖੰਨਾ ਦਾ ਸਨਮਾਨ ਵੀ ਕੀਤਾ ਗਿਆ।
ਕੁਰਾਲੀ (ਪੱਤਰ ਪ੍ਰੇਰਕ): ਮਹਾਂਰਿਸ਼ੀ ਵਾਲਮੀਕਿ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖ ਕੇ ਸ਼ਹਿਰ ਵਿੱਚ ਸ਼ੋਭਾ ਯਾਤਰਾ ਸਜਾਈ ਗਈ। ਵਾਲਮੀਕਿ ਸਭਾ ਵੱਲੋਂ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸਜਾਈ ਇਸ ਸ਼ੋਭਾ ਯਾਤਰਾ ਦੌਰਾਨ ਭਗਵਾਨ ਵਾਲਮੀਕਿ ਦੇ ਜੀਵਨ ਨਾਲ ਸਬੰਧਤ ਝਾਕੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਸ਼ੋਭਾ ਯਾਤਰਾ ਦਾ ਉਦਘਾਟਨ ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਅਤੇ ਸਿਟੀ ਯੂਥ ਕਾਂਗਰਸ ਦੇ ਪ੍ਰਧਾਨ ਰਮਾਕਾਂਤ ਕਾਲੀਆ ਨੇ ਕੀਤਾ। ਵਾਰਡ ਨੰਬਰ 13 ਦੇ ਵਾਲਮੀਕਿ ਮੰਦਰ ਵਿੱਚੋਂ ਸ਼ੁਰੂ ਹੋ ਕੇ ਇਹ ਸ਼ੋਭਾ ਯਾਤਰਾ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਅਤੇ ਮਾਰਗਾਂ ਤੋਂ ਹੁੰਦੀ ਹੋਈ ਮੁੜ ਮੰਦਰ ਪੁੱਜ ਕੇ ਸਮਾਪਤ ਹੋਈ।