ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 23 ਜਨਵਰੀ
ਸਾਬਕਾ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਵਾਲੇ ਆਜ਼ਾਦ ਗਰੁੱਪ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਸੋਹਲ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਦੁਬਾਰਾ ਘਰ ਵਾਪਸੀ ਕਰ ਲਈ ਹੈ। ਅੱਜ ਉਨ੍ਹਾਂ ਨੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਘਰ ਪਹੁੰਚ ਕੇ ਤੱਕੜੀ ਚੋਣ ਨਿਸ਼ਾਨ ਉੱਤੇ ਚੋਣ ਲੜਨ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਕੁਲਦੀਪ ਕੌਰ ਕੰਗ ਵੀ ਆਜ਼ਾਦ ਗਰੁੱਪ ਛੱਡ ਕੇ ਵਾਪਸ ਪਾਰਟੀ ਵਿੱਚ ਪਰਤ ਚੁੱਕੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਮੁਹਾਲੀ ਜ਼ਿਲ੍ਹੇ ਦੇ ਸਹਾਇਕ ਆਬਜ਼ਰਵਰ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਸ੍ਰੀ ਸੋਹਲ ਅਤੇ ਬੀਬੀ ਕੰਗ ਦੇ ਵਾਪਸ ਆਉਣ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਆਜ਼ਾਦ ਗਰੁੱਪ ਦੇ ਕਈ ਹੋਰ ਉਮੀਦਵਾਰ ਵੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਜ਼ਾਦ ਗਰੁੱਪ ਵਿੱਚ ਹੁਣ ਤੱਕ ਜਿੰਨੇ ਵੀ ਉਮੀਦਵਾਰ ਗਏ ਹਨ, ਉਨ੍ਹਾਂ ਵਿੱਚ ਬਹੁਤ ਸਾਰੇ ਅਕਾਲੀ ਦਲ ’ਚੋਂ ਬਾਗੀ ਹੋ ਕੇ ਗਏ ਹਨ, ਉਨ੍ਹਾਂ ’ਚੋਂ ਕਈ ਹੋਰ ਉਮੀਦਵਾਰਾਂ ਦੀ ਛੇਤੀ ਘਰ ਵਾਪਸੀ ਹੋ ਜਾਵੇਗੀ। ਇਸ ਮੌਕੇ ਸਿਮਰਨਜੀਤ ਸਿੰਘ ਚੰਦੂਮਾਜਰਾ, ਸੀਨੀਅਰ ਆਗੂ ਪ੍ਰਦੀਪ ਸਿੰਘ ਭਾਰਜ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਰਾਜਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਮੁਹਾਲੀ, ਨਾਰਾਇਣ ਸਿੰਘ ਔਜਲਾ ਵੀ ਹਾਜ਼ਰ ਸਨ।