ਗਾਇਕ ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਗੰਭੀਰ; ਮੁੱਖ ਮੰਤਰੀ ਨੇ ਹਸਪਤਾਲ ਪੁੱਜ ਕੇ ਖ਼ਬਰਸਾਰ ਲਈ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਪਹੁੰਚ ਕੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਖ਼ਬਰਸਾਰ ਲਈ। ਜਵੰਦਾ ਸ਼ਨਿੱਚਰਵਾਰ ਸ਼ਾਮੀਂ ਬੱਦੀ ਨੇੜੇ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ ਸੀ। ਗਾਇਕ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਮੁੱਖ ਮੰਤਰੀ ਨੇ ਆਪਣੀ ਇਸ ਫੇਰੀ ਦੌਰਾਨ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਜਵੰਦਾ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਹੌਸਲਾ ਦਿੱਤਾ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਉਮੀਦ ਪ੍ਰਗਟਾਈ।
ਫੋਰਟਿਸ ਹਸਪਤਾਲ ਮੁਹਾਲੀ ਵੱਲੋਂ ਜਾਰੀ ਮੈਡੀਕਲ ਬੁਲੇਟਿਨ ਅਨੁਸਾਰ ਗਾਇਕ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ ਅਤੇ ਉਹ ਅਜੇ ਵੀ ਵੈਂਟੀਲੇਟਰ ਸਪੋਰਟ ’ਤੇ ਹਨ। ਹਸਪਤਾਲ ਦੇ ਨਿਊਰੋ ਸਰਜਨਾਂ ਅਤੇ ਕ੍ਰਿਟੀਕਲ ਕੇਅਰ ਮਾਹਿਰਾਂ ਦੀ ਬਹੁ-ਅਨੁਸ਼ਾਸਨੀ ਟੀਮ ਵੱਲੋਂ ਗਾਇਕ ਦੇ ਮੈਡੀਕਲ ਪੈਰਾਮੀਟਰਜ਼ ’ਤੇ ਨੇੜਿਓਂ ਨਿਗਰਾਨੀ ਰੱਖੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਬੱਦੀ ਤੋਂ ਸ਼ਿਮਲਾ ਜਾਂਦਿਆਂ ਜਵੰਦਾ ਦਾ ਬਾਈਕ ਇੱਕ ਪਸ਼ੂ ਨਾਲ ਟਕਰਾ ਗਿਆ ਸੀ। ਗਾਇਕ ਨੂੰ ਗੰਭੀਰ ਹਾਲਤ ਵਿੱਚ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਉਨ੍ਹਾਂ ਦੇ ਸਿਰ ਅਤੇ ਰੀੜ ਦੀ ਹੱਡੀ ਵਿੱਚ ਕਾਫੀ ਸੱਟਾਂ ਵੱਜੀਆਂ ਹਨ ਅਤੇ ਉਨ੍ਹਾਂ ਨੂੰ ਦਿਲ ਦਾ ਦੌਰਾ ਵੀ ਪਿਆ ਹੈ। ਸ਼ਨਿਚਰਵਾਰ ਸ਼ਾਮ ਨੂੰ ਹਸਪਤਾਲ ਵੱਲੋਂ ਜਾਰੀ ਬੁਲਿਟਨ ਅਨੁਸਾਰ ਉਨ੍ਹਾਂ ਦੀ ਸਿਹਤ ਨੂੰ ਕਾਫੀ ਗੰਭੀਰ ਦੱਸਿਆ ਜਾ ਰਿਹਾ ਸੀ ਅਤੇ ਉਨ੍ਹਾਂ ਨੂੰ ਵੈਂਟੀਲੇਟਰ ਦੀ ਸਪੋਰਟ ਉਤੇ ਰੱਖਿਆ ਗਿਆ ਸੀ।
ਉਧਰ ਪੰਜਾਬੀ ਗਾਇਕ ਕੰਵਰ ਗਰੇਵਾਲ ਨੇ ਅੱਜ ਸਵੇਰੇ ਦੱਸਿਆ ਕਿ ਰਾਜਵੀਰ ਜਵੰਦਾ ਦੀ ਸਿਹਤ ਵਿੱਚ ਕੱਲ੍ਹ ਨਾਲੋਂ ਕੁਝ ਫਰਕ ਹੈ ਅਤੇ ਡਾਕਟਰ ਵੀ ਇਹ ਗੱਲ ਕਹਿ ਰਹੇ ਹਨ ਕਿ ਉਨ੍ਹਾਂ ਦੀ ਸਿਹਤ ਵਿੱਚ ਮਾਮੂਲੀ ਸੁਧਾਰ ਹੈ। ਬਹੁਤ ਸਾਰੇ ਕਲਾਕਾਰ ਅਤੇ ਜਵੰਦਾ ਦੇ ਪ੍ਰਸ਼ੰਸਕ ਹਸਪਤਾਲ ਪਹੁੰਚੇ ਹੋਏ ਹਨ ਅਤੇ ਉਹ ਲਗਾਤਾਰ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸਾਂ ਕਰ ਰਹੇ ਹਨ। ਹਸਪਤਾਲ ਵੱਲੋਂ ਹਾਲੇ ਤੱਕ ਅੱਜ ਦਾ ਕੋਈ ਅਧਿਕਾਰਤ ਮੈਡੀਕਲ ਬੁਲਿਟਨ ਜਾਰੀ ਨਹੀਂ ਕੀਤਾ ਗਿਆ ਹੈ।