SIR: ਐੱਸ ਆਈ ਆਰ ਖ਼ਿਲਾਫ਼ ਵੱਖ-ਵੱਖ ਧਿਰਾਂ ਇੱਕਜੁੱਟ
ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਵਿੱਚ ਬੇਨਿਯਮੀਆਂ ਪਾਏ ਜਾਣ ਕਰ ਕੇ ਵੱਖ-ਵੱਖ ਸਮਾਜਿਕ ਕਾਰਕੁਨਾਂ ਵੱਲੋਂ ਅੱਜ ਸੈਕਟਰ 17 ਵਿੱਚ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ...
ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਵਿੱਚ ਬੇਨਿਯਮੀਆਂ ਪਾਏ ਜਾਣ ਕਰ ਕੇ ਵੱਖ-ਵੱਖ ਸਮਾਜਿਕ ਕਾਰਕੁਨਾਂ ਵੱਲੋਂ ਅੱਜ ਸੈਕਟਰ 17 ਵਿੱਚ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਦਿਆਰਥੀ, ਅਧਿਆਪਕ, ਵਕੀਲ ਅਤੇ ਸਮਾਜਿਕ ਕਾਰਕੁਨਾਂ ਨੇ ਹਿੱਸਾ ਲਿਆ। ਉਨ੍ਹਾਂ ਨੇ ਗਿਆਨੇਸ਼ ਕੁਮਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਉਸ ਦੇ ਅਸਤੀਫ਼ੇ ਦੀ ਮੰਗ ਕੀਤੀ। ਇਸ ਮੌਕੇ ਬੰਤ ਸਿੰਘ ਬਰਾੜ, ਅਸ਼ਵਨੀ ਬਖਸ਼ੀ, ਜਸਪਾਲ, ਸੁਰਿੰਦਰ ਲਾਹੌਰੀਆ, ਦਿਲਦਾਰ ਸਿੰਘ, ਵੀਨਾ ਜੰਮੂ, ਉੱਧਮ ਰਸ਼ਮੀ, ਅਫਤਾਬ, ਸ਼ਾਹਨਵਾਜ ਅਤੇ ਹੋਰ ਵੱਡੀ ਗਿਣਤੀ ਲੋਕਾਂ ਨੇ ਹਿੱਸਾ ਲਿਆ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਭਾਰਤੀ ਸੰਵਿਧਾਨ ਵਿੱਚ ਦੇਸ਼ ਦੇ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੋਟ ਪਾਉਣ ਅਤੇ ਆਪਣੀ ਮਰਜ਼ੀ ਨਾਲ ਸਰਕਾਰ ਚੁਣਨ ਦਾ ਅਧਿਕਾਰ ਦਿੱਤਾ ਗਿਆ ਹੈ, ਪਰ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੇ ਨਾਮ ’ਤੇ ਦੇਸ਼ ਭਰ ਵਿੱਚੋਂ ਵੱਡੀ ਗਿਣਤੀ ਲੋਕਾਂ ਦੀਆਂ ਵੋਟਾਂ ਕੱਟੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਚੋਣ ਕਮਿਸ਼ਨ ਨੇ ਦੇਸ਼ ਵਿੱਚ 13 ਕਰੋੜ ਤੋਂ ਵੱਧ ਲੋਕਾਂ ਦੀਆਂ ਵੋਟਾਂ ਕੱਟ ਕੇ ਉਨ੍ਹਾਂ ਤੋਂ ਵੋਟ ਪਾਉਣ ਦਾ ਸੰਵਿਧਾਨਕ ਹੱਕ ਖੋਹ ਲਿਆ ਹੈ। ਇਹ ਸਭ ਕੁਝ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ’ਤੇ ਕੀਤਾ ਜਾ ਰਿਹਾ ਹੈ।
ਉਨ੍ਹਾਂ ਮੰਗ ਕੀਤੀ ਕਿ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਹਟਾਇਆ ਜਾਵੇ ਅਤੇ ਐੱਸ ਆਈ ਆਰ ਦੀ ਪੁਰੀ ਪ੍ਰਕਿਰਿਆ ਦੀ ਜਾਂਚ ਕੀਤੀ ਜਾਵੇ।

