ਬਹਾਦਰਜੀਤ ਸਿੰਘ
ਰੂਪਨਗਰ, 6 ਜਨਵਰੀ
ਤਨਖਾਹ ਕਮਿਸ਼ਨ ਦੀ ਰਿਪੋਰਟ 28 ਫਰਵਰੀ ਤੱਕ ਅੱਗੇ ਪਾਉਣ ਦੇ ਰੋਸ ਵੱਜੋਂ ਅੱਜ ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ, ਜ਼ਿਲ੍ਹਾ ਰੂਪਨਗਰ ਵੱਲੋਂ ਜ਼ਿਲ੍ਹਾ ਖਜ਼ਾਨਾ ਅਫਸਰ ਦੇ ਦਫਤਰ ਦੇ ਅੱਗੇ ਜ਼ੋਰਦਾਰ ਮੁਜ਼ਾਹਰਾ ਕਰਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਫੂਕਿਆ ਗਿਆ। ਫੈਡਰੇਸ਼ਨ ਪ੍ਰਧਾਨ ਸੁਖਦੇਵ ਸਿੰਘ ਸੁਰਤਾਪੁਰੀ ਨੇ ਕਿਹਾ ਕਿ ਵਿੱਤ ਮੰਤਰੀ ਨੇ 31 ਦਸੰਬਰ ਤੱਕ 6ਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦਾ ਵਾਅਦਾ ਕੀਤਾ ਸੀ, ਜੋ ਕਿ ਫਰਵਰੀ 2021 ਤੱਕ ਵਾਧਾ ਕਰਕੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਗਿਆ ਹੈ। ਉਨ੍ਹਾਂ ਨਵੇਂ ਭਰਤੀ ਕੀਤੇ ਜਾ ਰਹੇ ਮੁਲਾਜ਼ਮਾਂ ’ਤੇ ਕੇਂਦਰੀ ਤਨਖਾਹ ਕਮਿਸ਼ਨ ਲਾਗੂ ਕਰਨ ਤੇ ਚੌਥਾ ਦਰਜਾ ਮੁਲਾਜ਼ਮਾਂ ਦੇ ਠੇਕੇ ’ਤੇ ਭਰਤੀ ਕਰਨ ਦੀ ਨਿੰਦਾ ਕੀਤੀ। ਲੋਕ ਨਿਰਮਾਣ ਵਿਭਾਗ ਦੇ ਮੁਲਾਜ਼ਮਾਂ ਦੀਆਂ ਦੋ ਮਹੀਨਿਆਂ ਤੋਂ ਰੋਕੀਆਂ ਤਨਖਾਹਾਂ ਜਾਰੀ ਕਰਵਾਉਣ ’ਤੇ ਜ਼ੋਰ ਦਿੱਤਾ। ਇਸ ’ਤੇ ਜ਼ਿਲ੍ਹਾ ਖਜ਼ਾਨਾ ਅਫਸਰ ਨੇ 24 ਘੰਟੇ ਦੇ ਅੰਦਰ ਅੰਦਰ ਤਨਖਾਹਾਂ ਜਾਰੀ ਕਰਨ ਦਾ ਭਰੋਸਾ ਦਿੱਤਾ।
ਨੰਗਲ (ਰਾਕੇਸ਼ ਸੈਣੀ): ਪੰਜਾਬ ਰੋਡਵੇਜ਼ , ਯੂਟੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਾਂਝੇ ਤੌਰ ਤੇ ਬੱਸ ਸਟੈਂਡ ਨੰਗਲ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਰੋਡਵੇਜ਼ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਪੇਅ ਕਮਿਸ਼ਨ ਲਾਗੂ ਕਰਨ, ਪੈਨਸ਼ਨਰਾਂ ਨੂੰ ਕਿਸ਼ਤਾਂ , ਡੀ ਏ ਦੀਆਂ ਕਿਸ਼ਤਾਂ ਜਾਰੀ ਕਰਨ , ਠੇਕੇ ਵਾਲੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਲਾਰੇ ਲੱਪੇ ਲਗਾ ਰਹੀ ਹੈ। ਇਸ ਮੌਕੇ ਸੇਵਾ ਸਿੰਘ, ਹਰਪ੍ਰੀਤ ਸਿੰਘ, ਦਿਦਾਰ ਸਿੰਘ, ਹਰਪਾਲ ਸਿੰਘ, ਹਰਮਿੰਦਰ ਸਿੰਘ, ਚੇਤਨ ਗਰਗ, ਗੁਰਮੀਤ ਸਿੰਘ ਆਦਿ ਹਾਜ਼ਰ ਸਨ।
ਅੰਨਦਾਤੇ ਦੇ ਅੰਦੋਲਨ ਦੀ ਪੁਰਜ਼ੋਰ ਹਮਾਇਤ; ਮੁਹਾਲੀ ’ਚ ਮੁਜ਼ਾਹਰਾ
ਐਸ.ਏ.ਐਸ. ਨਗਰ (ਮੁਹਾਲੀ), (ਪੱਤਰ ਪੇ੍ਰਕ): ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਅੰਨਦਾਤਾ ਦੇ ਨਾਲ ਨਾਲ ਆਮ ਲੋਕਾਂ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ ਅਤੇ ਹੁਣ ਮੁਲਾਜ਼ਮ ਵਰਗ ਵੀ ਸੜਕਾਂ ’ਤੇ ਉਤਰ ਆਇਆ ਹੈ। ਅੱਜ ਇੱਥੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ, ਮਜ਼ਦੂਰਾਂ ਅਤੇ ਸਫ਼ਾਈ ਕਾਮਿਆਂ ਨੇ ਸਿੱਖਿਆ ਬੋਰਡ ਅਤੇ ਪੁੱਡਾ ਲਾਲ ਬੱਤੀ ਚੌਕ ’ਤੇ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕਰਦਿਆਂ ਦੇਸ਼ ਦੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨਾਕਾਰੀ ਮੁਲਾਜ਼ਮਾਂ ਨੇ ਕਿਸਾਨਾਂ ਦੇ ਸੰਘਰਸ਼ ਦੀ ਪੂਰਨ ਹਮਾਇਤ ਦਾ ਐਲਾਨ ਕਰਦਿਆਂ ਮੰਗ ਕੀਤੀ ਕਿ ਤਿੰਨੇ ਕਾਨੂੰਨ ਰੱਦ ਕੀਤੇ ਜਾਣ। ਇਸ ਮੌਕੇ ਮੁਲਾਜ਼ਮ ਸੰਘਰਸ਼ ਲਹਿਰ ਦੇ ਪ੍ਰਮੁੱਖ ਆਗੂ ਸੱਜਣ ਸਿੰਘ, ਰਣਬੀਰ ਸਿੰਘ ਢਿੱਲੋਂ, ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਮੋਹਣ ਸਿੰਘ, ਸਫ਼ਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸੋਭਾ ਰਾਮ, ਜਨਰਲ ਸਕੱਤਰ ਪਵਨ ਗੋਡਯਾਲ, ਕਲਾਸ-ਫੌਰ ਯੂਨੀਅਨ ਦੇ ਕਿਸ਼ਨ ਪ੍ਰਸ਼ਾਦ ਅਤੇ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤਨਖ਼ਾਹ-ਕਮਿਸ਼ਨ ਤੋਂ ਰਿਪੋਰਟ ਲੈ ਕੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਲਾਗੂ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ 2016 ਦੇ ਐਕਟ ਮੁਤਾਬਕ ਫੌਰੀ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲਗਾਤਾਰ 4 ਸਾਲ ਪੰਜਾਬ ਦੇ ਮੁਲਾਜ਼ਮਾਂ ਨੂੰ ਝੂਠੇ ਲਾਰਿਆਂ ਵਿੱਚ ਰੱਖਿਆ ਹੈ। ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਡੀਏ ਦੀਆਂ ਕਿਸ਼ਤਾਂ ਸਮੇਤ ਬਕਾਏ 6ਵੇਂ ਪੇ-ਕਮਿਸ਼ਨ ਰੋਕ ਕੇ ਰੱਖਿਆ ਹੋਇਆ ਹੈ।