SKM ਗ਼ੈਰ ਰਾਜਨੀਤਿਕ ਵੱਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਫ਼ਸਲਾਂ ਦੇ ਖ਼ਰਾਬੇ ਲਈ ਇੱਕ ਲੱਖ ਰੁਪਏ ਪ੍ਰਤੀ ਏਕੜ ਦੇਣ ਦੀ ਮੰਗ
ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 15 ਅਕਤੂਬਰ ਨੂੰ ਦੇਸ਼ ਭਰ ਵਿੱਚ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ
ਸੰਯੁਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਿਕ ਵੱਲੋਂ ਅੱਜ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਹੜ੍ਹਾਂ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਆਪਣੇ ਸਹੀ ਢੰਗ ਨਾਲ ਜ਼ਿੰਮੇਵਾਰੀ ਨਾ ਨਿਭਾਉਣ ਦੀ ਨਿਖੇਦੀ ਕੀਤੀ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਹੜ੍ਹ ਸਿਰਫ ਪੰਜਾਬ ਜਾਂ ਹਿਮਾਚਲ ਪ੍ਰਦੇਸ਼ ਵਿੱਚ ਹੀ ਨਹੀਂ ਆਏ ਬਲਕਿ ਹੜ੍ਹਾਂ ਦੀ ਲਪੇਟ ਵਿੱਚ ਹਰਿਆਣਾ ਅਤੇ ਰਾਜਸਥਾਨ ਸਮੇਤ ਹੋਰ ਕਈ ਸੂਬੇ ਪ੍ਰਭਾਵਿਤ ਹੋਏ ਹਨ ਪਰ ਕੇਂਦਰ ਸਰਕਾਰ ਨੇ ਸਿਰਫ਼ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਨੂੰ ਨਿਗੂਨੀ ਜਿਹੀ ਰਾਹਤ ਦੇ ਕੇ ਚੁੱਪੀ ਵੱਟ ਲਈ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਦਿੱਤੇ 1600 ਕਰੋੜ ਰੁਪਏ ਵਿੱਚੋਂ ਜ਼ਿਆਦਾਤਰ ਹਿੱਸਾ ਸੜਕਾਂ ਦੇ ਨੁਕਸਾਨ ਦੀ ਭਰਪਾਈ ਤੇ ਖ਼ਰਚ ਕੀਤਾ ਜਾਣਾ ਹੈ। ਜਦੋਂ ਕਿ ਇਸ ਵਿੱਚ ਕਿਸਾਨਾਂ ਦੇ ਹੋਏ ਨੁਕਸਾਨ ਦਾ ਕੋਈ ਵੀ ਜ਼ਿਕਰ ਨਹੀਂ ਕੀਤਾ ਗਿਆ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮੰਗ ਕੀਤੀ ਕਿ ਪੰਜਾਬ ਵਿੱਚ ਕਿਸਾਨਾਂ ਨੂੰ ਹੜ੍ਹਾਂ ਕਰਕੇ ਹੋਏ ਨੁਕਸਾਨ ਲਈ ਮੁਆਵਜ਼ਾ ਦੇਣ ਦੀ ਥਾਂ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦੇ ਖ਼ਰਾਬੇ ਲਈ ਇੱਕ ਲੱਖ ਰੁਪਏ ਪ੍ਰਤੀ ਏਕੜ ਰਾਸ਼ੀ ਦਿੱਤੀ ਜਾਵੇ ਅਤੇ ਜਿਨ੍ਹਾਂ ਦੇ ਘਰ ਢਹਿ ਗਏ ਹਨ ਉਨ੍ਹਾਂ ਨੂੰ 10 ਲੱਖ ਰੁਪਏ ਪ੍ਰਤੀ ਘਰ ਦਿੱਤਾ ਜਾਵੇ। ਇਸ ਤੋਂ ਇਲਾਵਾ ਜਿਨ੍ਹਾਂ ਵਿਅਕਤੀਆਂ ਦੀ ਮੌਤ ਹੋ ਗਈ ਹੈ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ 25 ਲੱਖ ਰੁਪਏ ਦਿੱਤੇ ਜਾਣ।
ਸੰਯੁਕਤ ਕਿਸਾਨ ਮੋਰਚਾ ਗ਼ੈਰ ਸਿਆਸੀ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ। ਇਸ ਦੇ ਰੋਸ ਵਿੱਚ ਸੰਯੁਕਤ ਕਿਸਾਨ ਮੋਰਚਾ ਗ਼ੈਰ ਸਿਆਸੀ ਵੱਲੋਂ 15 ਅਕਤੂਬਰ ਨੂੰ ਦੇਸ਼ ਭਰ ਵਿੱਚ ਜ਼ਿਲ੍ਹਾ ਪੱਧਰ ਉੱਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ।