ਪੱਤਰ ਪ੍ਰੇਰਕ
ਘਨੌਲੀ, 22 ਨਵੰਬਰ
ਯੁਵਕ ਸੇਵਾਵਾਂ ਕਲੱਬ ਘਨੌਲੀ ਵਲੋਂ ਪਰਵਾਸੀ ਵੀਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਿਸਾਨ-ਮਜ਼ਦੂਰ ਏਕਤਾ ਨੂੰ ਸਮਰਪਿਤ ਤਿੰਨ ਰੋਜ਼ਾ 22ਵਾਂ ਪਰਿਵਾਰ ਵਿਛੋੜਾ ਆਲ ਓਪਨ ਫੁਟਬਾਲ ਟੂਰਨਾਮੈਂਟ ਘਨੌਲੀ ਦੇ ਖੇਡ ਮੈਦਾਨ ਵਿੱਚ ਕਰਵਾਇਆ ਗਿਆ। ਕਲੱਬ ਪ੍ਰਧਾਨ ਸਿਮਰਨਜੀਤ ਸਿੰਘ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਟੂਰਨਾਮੈਂਟ ਦੌਰਾਨ 12 ਟੀਮਾਂ ਨੇ ਹਿੱਸਾ ਲਿਆ। ਫਾਈਨਲ ਮੁਕਾਬਲਾ ਪਾਵਰ ਕਲੋਨੀ ਅਤੇ ਮੇਜ਼ਬਾਨ ਘਨੌਲੀ ਦੀਆਂ ਟੀਮਾਂ ਵਿਚਕਾਰ ਹੋਇਆ, ਜਿਸ ਦੌਰਾਨ ਪਾਵਰ ਕਲੋਨੀ ਦੀ ਟੀਮ ਦੇ ਖਿਡਾਰੀਆਂ ਨੇ ਘਨੌਲੀ ਦੀ ਟੀਮ ਨੂੰ ਹਰਾ ਕੇ ਜੇਤੂ ਟਰਾਫ਼ੀ ’ਤੇ ਕਬਜ਼ਾ ਕੀਤਾ। ਖਿਡਾਰੀਆਂ ਨੂੰ ਇਨਾਮ ਵੰਡਣ ਦੀ ਰਸਮ ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਅਤੇ ਹਲਕਾ ਇੰਚਾਰਜ ਰੂਪਨਗਰ ਬਰਿੰਦਰ ਸਿੰਘ ਢਿੱਲੋਂ ਨੇ ਅਦਾ ਕੀਤੀ। ਸ੍ਰੀ ਢਿੱਲੋਂ ਨੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਰਵਾਸੀ ਭਾਰਤੀਆਂ ਦਾ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਡਮੁੱਲਾ ਯੋਗਦਾਨ ਹੈ। ਉਨ੍ਹਾਂ ਪ੍ਰਬੰਧਕਾਂ ਨੂੰ ਫੁਟਬਾਲ ਟੂਰਨਾਮੈਂਟ ਕਰਵਾਉਣ ਦੀ ਸ਼ਲਾਘਾ ਕੀਤੀ। ਇਸ ਮੌਕੇ ਕਲੱਬ ਦੇ ਸਰਪ੍ਰਸਤ ਸੁਖਵਿੰਦਰ ਸਿੰਘ, ਨਰਿੰਦਰਪਾਲ ਸਿੰਘ, ਡਾ. ਦਲਜੀਤ ਸਿੰਘ ਬੱਬੂ, ਐਡਵੋਕੇਟ ਰਾਜੀਵ ਸ਼ਰਮਾ, ਸਤੀਸ਼ ਧੀਮਾਨ, ਲਾਭ ਸਿੰਘ ਆਦਿ ਵੀ ਹਾਜ਼ਰ ਸਨ।
ਖੇਡਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕੀਤਾ ਜਾ ਸਕਦੈ: ਬੱਬੀ ਬਾਦਲ
ਖਰੜ (ਪੱਤਰ ਪ੍ਰੇਰਕ): ਪਿੰਡ ਤਿਊੜ ਵਿੱਚ ਮਹਾਰਾਣਾ ਪ੍ਰਤਾਪ ਯੂਥ ਤੇ ਸਪੋਰਟਸ ਕਲੱਬ ਵੱਲੋਂ ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿੱਚ ਹਾਜ਼ਰੀ ਭਰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਰਨਲ ਸਕੱਤਰ ਤੇ ਨੌਜਵਾਨ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਖੇਡਾਂ ਰਾਹੀਂ ਹੀ ਨਸ਼ਿਆਂ ਦੇ ਰਾਹ ਪਈ ਨੌਜਵਾਨ ਪੀੜ੍ਹੀ ਵਾਪਸ ਮੋੜਿਆ ਜਾ ਸਕਦਾ ਹੈ। ਇਸ ਮੌਕੇ ਯੂਥ ਅਕਾਲੀ ਦਲ (ਸੰਯੁਕਤ) ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਘੜੂੰਆਂ, ਰਣਜੀਤ ਸਿੰਘ ਬਰਾੜ ਸੀਨੀਆਰ ਮੀਤ ਪ੍ਰਧਾਨ ਤੇ ਹਰਜੀਤ ਸਿੰਘ ਸਰਪੰਚ ਢਕੌਰਾ ਆਦਿ ਹਾਜ਼ਰ ਸਨ।