DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਫੂਡ ਸੇਫਟੀ ਅਫ਼ਸਰ Abhinav Khosla ਦੀ ਮੁਅੱਤਲੀ ਖ਼ਿਲਾਫ਼ ਮੈਦਾਨ ’ਚ ਉੱਤਰੇ ਸਮਾਜਿਕ ਸੰਗਠਨ

ਸਿਆਸੀ ਦਬਾਅ ਹੇਠ ਕਾਰਵਾਈ ਕਰਨ ਦੇ ਲਾਏ ਦੋਸ਼; 72 ਘੰਟਿਆਂ ’ਚ ਹੁਕਮ ਰੱਦ ਨਾ ਹੋਣ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਵੀਡੀਓਗ੍ਰੈਬ ਸੋਸ਼ਲ ਮੀਡੀਆ।
Advertisement

ਮਿਲਾਵਟਖੋਰੀ ਵਿਰੁੱਧ ਸਖ਼ਤ ਮੁਹਿੰਮ ਚਲਾਉਣ ਵਾਲੇ ਫੂਡ ਸੇਫਟੀ ਅਫ਼ਸਰ ਅਭਿਨਵ ਖੋਸਲਾ ਨੂੰ ਪੰਜਾਬ ਸਰਕਾਰ ਵੱਲੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੇ ਹੱਕ ਵਿੱਚ ਬਹੁਤ ਹੀ ‘ਅਣਕਿਆਸਾ’ ਜਨਤਕ ਸਮਰਥਨ ਦੇਖਣ ਨੂੰ ਮਿਲ ਰਿਹਾ ਹੈ। ਜ਼ਿਲ੍ਹੇ ਦੀਆਂ ਵੱਖ-ਵੱਖ ਸਮਾਜਿਕ ਸੰਸਥਾਵਾਂ, ਗੈਰ-ਸਰਕਾਰੀ ਸੰਗਠਨਾਂ (ਐੱਨ.ਜੀ.ਓਜ਼), ਮੀਡੀਆ ਹਾਊਸਾਂ, ਵਕੀਲਾਂ ਦੀਆਂ ਭਾਈਚਾਰਕ ਕਮੇਟੀਆਂ, ਕਿਸਾਨ ਯੂਨੀਅਨਾਂ ਅਤੇ ਅਧਿਆਪਕ ਜਥੇਬੰਦੀਆਂ ਨੇ ਸਰਕਾਰ ਦੇ ਇਸ ਫੈਸਲੇ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਸਾਰੀਆਂ ਜਥੇਬੰਦੀਆਂ ਨੇ ਇੱਕਜੁੱਟ ਹੋ ਕੇ ਮੰਗ ਕੀਤੀ ਹੈ ਕਿ ਮੁਅੱਤਲੀ ਦੇ ਹੁਕਮਾਂ ਨੂੰ ਤੁਰੰਤ ਰੱਦ ਕੀਤਾ ਜਾਵੇ।

ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਆਗੂ ਅਵਤਾਰ ਸਿੰਘ ਮਹਿਮਾ ਨੇ ਆਖਿਆ ਕਿ ਅਭਿਨਵ ਖੋਸਲਾ ਨੂੰ ਮੁਅੱਤਲ ਕਰਨ ਦਾ ਫੈਸਲਾ ਬਿਲਕੁਲ ਗ਼ਲਤ ਹੈ ਅਤੇ ਇਹ ਸਪੱਸ਼ਟ ਤੌਰ ’ਤੇ ਸਿਆਸੀ ਦਬਾਅ ਹੇਠ ਲਿਆ ਗਿਆ ਜਾਪਦਾ ਹੈ। ਉਨ੍ਹਾਂ ਕਿਹਾ ਕਿ ਖੋਸਲਾ ਲੋਕਾਂ ਦੀ ਸਿਹਤ ਦੀ ਰੱਖਿਆ ਲਈ ਇਮਾਨਦਾਰੀ ਨਾਲ ਕੰਮ ਕਰ ਰਹੇ ਸਨ ਅਤੇ ਆਮ ਜਨਤਾ ਉਨ੍ਹਾਂ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰ ਰਹੀ ਸੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਫ਼ਸਰ ਦੀ ਬਹਾਲੀ ਨਾ ਕੀਤੀ ਗਈ, ਤਾਂ ਉਨ੍ਹਾਂ ਦਾ ਸੰਗਠਨ ਸੰਘਰਸ਼ ਨੂੰ ਹੋਰ ਤਿੱਖਾ ਕਰੇਗਾ।

Advertisement

ਸਤਲੁਜ ਪ੍ਰੈੱਸ ਕਲੱਬ ਦੇ ਪ੍ਰਧਾਨ ਗੁਰਨਾਮ ਸਿੰਘ ਸਿੱਧੂ ਨੇ ਦੱਸਿਆ ਕਿ ਅਭਿਨਵ ਖੋਸਲਾ ਨੇ ਆਪਣੇ ਕਾਰਜਕਾਲ ਦੌਰਾਨ ਖਾਣ-ਪੀਣ ਵਾਲੀਆਂ ਦੁਕਾਨਾਂ ’ਤੇ ਲਗਾਤਾਰ ਛਾਪੇਮਾਰੀ ਕਰਕੇ ਨਮੂਨੇ ਭਰੇ ਅਤੇ ਮਿਲਾਵਟਖੋਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਭਾਰੀ ਜ਼ੁਰਮਾਨੇ ਲਗਾਏ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਇਮਾਨਦਾਰ ਸਰਕਾਰੀ ਅਧਿਕਾਰੀ ਦੇ ਹੱਕ ਵਿੱਚ ਸਾਰੇ ਵਰਗ ਇਸ ਤਰ੍ਹਾਂ ਖੁੱਲ੍ਹ ਕੇ ਸਾਹਮਣੇ ਆਏ ਹਨ, ਜੋ ਇਹ ਦਰਸਾਉਂਦਾ ਹੈ ਕਿ ਲੋਕ ਉਨ੍ਹਾਂ ਦੇ ਕੰਮ ਤੋਂ ਕਿੰਨੇ ਸੰਤੁਸ਼ਟ ਸਨ।

Advertisement

ਦੁਕਾਨਦਾਰ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਨੁਜ ਮਿੱਤਲ ਨੇ ਦੋਸ਼ ਲਾਇਆ ਕਿ ਤਿਉਹਾਰਾਂ ਦੇ ਸੀਜ਼ਨ ਤੋਂ ਐਨ ਪਹਿਲਾਂ ਖੋਸਲਾ ਨੂੰ ਬਿਨਾਂ ਕਿਸੇ ਠੋਸ ਕਾਰਨ ਦੇ ਮੁਅੱਤਲ ਕਰਨਾ ਇਹ ਸਾਬਤ ਕਰਦਾ ਹੈ ਕਿ ਉੱਚ ਅਧਿਕਾਰੀ ਮਿਲਾਵਟਖੋਰੀ ਅਤੇ ਗ਼ੈਰ-ਕਾਨੂੰਨੀ ਧੰਦਾ ਕਰਨ ਵਾਲੇ ਵਪਾਰੀਆਂ ਨਾਲ ਮਿਲੇ ਹੋਏ ਹਨ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੀਡੀਆ, ਵਕੀਲਾਂ, ਕਿਸਾਨਾਂ, ਅਧਿਆਪਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਖੋਸਲਾ ਦੇ ਸਮਰਥਨ ਵਿੱਚ ਇੱਕ ਸੰਘਰਸ਼ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਦਾ ਸੁਮੇਲਕ (ਕਨਵੀਨਰ) ਸਤਲੁਜ ਪ੍ਰੈੱਸ ਕਲੱਬ ਦੇ ਪ੍ਰਧਾਨ ਗੁਰਨਾਮ ਸਿੰਘ ਸਿੱਧੂ ਅਤੇ ਐਡਵੋਕੇਟ ਰੋਹਿਤ ਅਰੋੜਾ ਨੂੰ ਨਿਯੁਕਤ ਕੀਤਾ ਗਿਆ ਹੈ। ਇਹ ਕਮੇਟੀ ਹੋਰ ਸੰਗਠਨਾਂ ਨਾਲ ਤਾਲਮੇਲ ਕਰਕੇ ਅਗਲੇਰੀ ਰਣਨੀਤੀ ਉਲੀਕੇਗੀ।

ਸਾਰੇ ਨੁਮਾਇੰਦਿਆਂ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਸਿਵਲ ਸਰਜਨ ਨੂੰ ਇੱਕ ਮੰਗ ਪੱਤਰ ਸੌਂਪ ਕੇ ਅਭਿਨਵ ਖੋਸਲਾ ਦੀ ਮੁਅੱਤਲੀ ਰੱਦ ਕਰਨ ਅਤੇ ਉਨ੍ਹਾਂ ਨੂੰ ਫਿਰੋਜ਼ਪੁਰ ਵਿੱਚ ਹੀ ਦੁਬਾਰਾ ਤੈਨਾਤ ਕਰਨ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ 72 ਘੰਟਿਆਂ ਦੇ ਅੰਦਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ, ਤਾਂ ਹੰਗਾਮੀ ਮੀਟਿੰਗ ਬੁਲਾ ਕੇ ਅਗਲੇ ਤਿੱਖੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (ਪੰਜਾਬ) ਦੇ ਕਮਿਸ਼ਨਰ ਦੇ ਹੁਕਮਾਂ ’ਤੇ ਖੋਸਲਾ ਨੂੰ 1 ਅਕਤੂਬਰ ਨੂੰ ‘ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970' ਦੇ ਨਿਯਮ 8 ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਸਿਵਲ ਸਰਜਨ ਦਫ਼ਤਰ, ਤਰਨਤਾਰਨ ਰਿਪੋਰਟ ਕਰਨ ਦੇ ਹੁਕਮ ਦਿੱਤੇ ਗਏ ਸਨ। ਵਿਭਾਗ ਨੇ ਉਨ੍ਹਾਂ ਦੀ ਮੁਅੱਤਲੀ ਦਾ ਕੋਈ ਖ਼ਾਸ ਕਾਰਨ ਜਨਤਕ ਨਹੀਂ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਅਭਿਨਵ ਖੋਸਲਾ ਆਪਣੀ 17 ਸਾਲਾਂ ਦੀ ਸੇਵਾ ਦੌਰਾਨ ਮੋਗਾ, ਲੁਧਿਆਣਾ, ਬਰਨਾਲਾ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਤਰਨਤਾਰਨ, ਕਪੂਰਥਲਾ ਅਤੇ ਹੁਸ਼ਿਆਰਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਤੈਨਾਤ ਰਹਿ ਚੁੱਕੇ ਹਨ ਅਤੇ ਇਸ ਦੌਰਾਨ ਉਨ੍ਹਾਂ ਦੇ ਲਗਭਗ 25 ਵਾਰ ਤਬਾਦਲੇ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਨੇ ਚਾਲੂ ਵਰ੍ਹੇ 24 ਜੂਨ ਨੂੰ ਫਿਰੋਜ਼ਪੁਰ ਵਿੱਚ ਫੂਡ ਸੇਫਟੀ ਅਫ਼ਸਰ ਵਜੋਂ ਚਾਰਜ ਸੰਭਾਲਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਨਕਲੀ ਦੁੱਧ, ਪਨੀਰ, ਮਠਿਆਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀ ਮਿਲਾਵਟਖੋਰੀ ਵਿਰੁੱਧ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਸੀ। ਤਿਉਹਾਰਾਂ ਦੇ ਮੱਦੇਨਜ਼ਰ ਕੀਤੀ ਗਈ ਇਸ ਸਖ਼ਤ ਕਾਰਵਾਈ ਅਤੇ ਵੱਡੀ ਮਾਤਰਾ ਵਿੱਚ ਸ਼ੱਕੀ ਸਮੱਗਰੀ ਜ਼ਬਤ ਕੀਤੇ ਜਾਣ ਕਾਰਨ ਮਿਲਾਵਟਖੋਰੀ ਵਿੱਚ ਲੱਗੇ ਧੰਦੇਬਾਜ਼ਾਂ ਵਿੱਚ ਹੜਕੰਪ ਮਚਿਆ ਹੋਇਆ ਸੀ।

Advertisement
×