ਪੁੱਤ ਵੱਲੋਂ ਤੇਜ਼ਧਾਰ ਹਥਿਆਰ ਨਾਲ ਮਾਂ ਦਾ ਕਤਲ
ਇੱਥੋਂ ਦੇ ਸੈਕਟਰ-40 ਵਿੱਚ ਦੀਵਾਲੀ ਵਾਲੇ ਦਿਨ ਸਵੇਰੇ ਪੁੱਤ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਆਪਣੀ ਮਾਂ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਸੁਸ਼ੀਲਾ (65) ਵਜੋਂ ਹੋਈ ਹੈ। ਥਾਣਾ ਸੈਕਟਰ-39 ਦੀ ਪੁਲੀਸ ਨੇ ਕੇਸ ਦਰਜ ਕਰਕੇ ਪੁੱਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਰਵਿੰਦਰ ਸਿੰਘ ਨੇਗੀ ਵਾਸੀ ਸੈਕਟਰ-40 ਵਜੋਂ ਹੋਈ ਹੈ। ਪੁਲੀਸ ਨੇ ਇਹ ਕਾਰਵਾਈ ਸੈਕਟਰ-40 ਵਾਸੀ ਅਕਾਸ਼ ਬੈਂਸ ਦੀ ਸ਼ਿਕਾਇਤ ’ਤੇ ਕੀਤੀ ਹੈ। ਰਵਿੰਦਰ ਨੇਗੀ ਨੇ 20 ਅਕਤੂਬਰ ਨੂੰ ਸਵੇਰੇ 7 ਵਜੇ ਦੇ ਕਰੀਬ ਆਪਣੇ ਘਰ ਵਿੱਚ ਮਾਂ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਹੈ। ਇਸ ਦੌਰਾਨ ਉਸ ਦੀ ਮਾਂ ਤੜਫਦੀ ਰਹੀ ਹੈ, ਪਰ ਉਹ ਫਰਾਰ ਹੋ ਗਿਆ ਹੈ। ਸ਼ੋਰ ਸੁਣ ਕੇ ਗੁਆਂਢ ਵਿੱਚ ਰਹਿੰਦੇ ਆਕਾਸ਼ ਬੈਂਸ ਨੇ ਤੁਰੰਤ ਪੁਲੀਸ ਨੂੰ ਇਸ ਸਬੰਧੀ ਸ਼ਿਕਾਇਤ ਕੀਤੀ। ਪੁਲੀਸ ਨੇ ਖੂਨ ਨਾਲ ਲਥਪਥ ਔਰਤ ਨੂੰ ਹਸਪਤਾਲ ਪਹੁੰਚਿਆਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਸੈਕਟਰ-39 ਦੀ ਪੁਲੀਸ ਨੇ ਇਸ ਸਬੰਧੀ ਕਾਰਵਾਈ ਕਰਦਿਆਂ ਮੁਲਜ਼ਮ ਰਵਿੰਦਰ ਨੇਗੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਤਾਂ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਪੁਲੀਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਪੰਜਾਬ ਯੂਨੀਵਰਸਿਟੀ ਵਿੱਚ ਬਤੌਰ ਸਹਾਇਕ ਵਜੋਂ ਤਾਇਨਾਤ ਹੈ। ਥਾਣਾ ਸੈਕਟਰ-39 ਦੀ ਪੁਲੀਸ ਨੇ ਇਸ ਸਬੰਧੀ ਜਾਂਚ ਵਿੱਢ ਦਿੱਤੀ ਹੈ।