ਆਤਿਸ਼ ਗੁਪਤਾ
ਚੰਡੀਗੜ੍ਹ, 11 ਜੁਲਾਈ
Punjab assembly session ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਦੋ ਦਿਨਾਂ ਲਈ ਵਧਾ ਦਿੱਤਾ ਗਿਆ ਹੈ। ਦੋ ਰੋਜ਼ਾ ਵਿਸ਼ੇਸ਼ ਇਜਲਾਸ ਪਹਿਲਾਂ ਅੱਜ ਖ਼ਤਮ ਹੋਣਾ ਸੀ। ਇਜਲਾਸ ਦੇ ਦੂਜੇ ਦਿਨ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਰਿਪੋਰਟ ਪੇਸ਼ ਕਰਦਿਆਂ ਵਿਧਾਨ ਸਭਾ ਸੈਸ਼ਨ ਨੂੰ ਦੋ ਦਿਨਾਂ ਲਈ ਵਧਾ ਦਿੱਤਾ ਹੈ। ਹੁਣ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 14 ਤੇ 15 ਜੁਲਾਈ ਨੂੰ ਵੀ ਚੱਲੇਗਾ।
ਕਾਂਗਰਸੀ ਵਿਧਾਇਕਾਂ ਵੱਲੋਂ ਸਿਫ਼ਰ ਕਾਲ ਨਾ ਸੱਦਣ ਖਿਲਾਫ਼ ਨਾਅਰੇਬਾਜ਼ੀ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਸ਼ੇਸ਼ ਸੈਸ਼ਨ ਦੌਰਾਨ ਸਿਫ਼ਰ ਕਾਲ ਨਾ ਸੱਦੇ ਜਾਣ ਦਾ ਵਿਰੋਧ ਕੀਤਾ। ਕਾਂਗਰਸੀ ਵਿਧਾਇਕਾਂ ਨੇ ਸਦਨ ਦੇ ਐਨ ਵਿਚਾਲੇ ਪਹੁੰਚ ਕੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਤੇ ਕਾਨੂੰਨ ਨੂੰ ਲੈ ਕੇ ਵਧੇਰੇ ਮਾਮਲੇ ਚੱਲ ਰਹੇ ਹਨ, ਜਿਸ ’ਤੇ ਸਿਫ਼ਰ ਕਾਲ ਵਿੱਚ ਗੱਲ ਰੱਖਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ।
ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚੋਂ ਕੀਤਾ ਵਾਕ ਆਊਟ
ਸੈਸ਼ਨ ਦੇ ਦੂਜੇ ਦਿਨ ਕਾਂਗਰਸੀ ਵਿਧਾਇਕ ਵਿਧਾਨ ਸਭਾ ਵਿੱਚੋਂ ਵਾਕ ਆਊਟ ਕਰ ਗਏ। ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਪਰ ਸੂਬਾ ਸਰਕਾਰ ਇਸ ਨੂੰ ਨੱਥ ਪਾਉਣ ਵਿੱਚ ਨਾਕਾਮ ਰਹੀ ਹੈ। ਕਾਂਗਰਸੀ ਵਿਧਾਇਕਾਂ ਨੂੰ ਵਿਧਾਨ ਸਭਾ ਵਿੱਚ ਗੱਲ ਰੱਖਣ ਤੋਂ ਰੋਕਿਆ ਜਾ ਰਿਹਾ ਹੈ।