ਪੱਤਰ ਪ੍ਰੇਰਕ
ਚੰਡੀਗੜ੍ਹ, 11 ਸਤੰਬਰ
ਦੇਸ਼ ਦੇ ਉਪ-ਰਾਸ਼ਟਰਪਤੀ ਐਮ. ਵੈਂਕੀਆ ਨਾਇਡੂ ਨੇ ਭਾਰਤ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਦਾ ਸੱਦਾ ਦਿੱਤਾ ਹੈ। ਊਹ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ। ਉਨ੍ਹਾਂ ਕਿਹਾ ਕਿ ਖੇਡਾਂ, ਯੋਗ ਅਤੇ ਕਸਰਤ ਚੰਗੀ ਸਿਹਤ ਅਤੇ ਤਣਾਅ-ਮੁਕਤ ਜੀਵਨ ਦਾ ਆਧਾਰ ਹਨ। ਸ੍ਰੀ ਨਾਇਡੂ ਪੰਜਾਬ ਯੂਨੀਵਰਸਿਟੀ ਵੱਲੋਂ ਦੂਸਰੀ ਵਾਰ ਜਿੱਤੀ ਗਈ ‘ਮੌਲਾਨਾ ਅਬੁਲ ਕਲਾਮ ਆਜ਼ਾਦ’ (ਮਾਕਾ) ਟਰਾਫ਼ੀ ਦੀ ਖੁਸ਼ੀ ਵਿੱਚ ਕਰਵਾਏ ਗਏ ਸਮਾਗਮ ਨੂੰ ਆਨਲਾਈਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਪੀਯੂ ਦੇ ਕੋਚਾਂ, ਪ੍ਰਬੰਧਕਾਂ, ਸਟਾਫ਼ ਅਤੇ ਵਿਦਿਆਰਥੀਆਂ ਦੀ ਅਕਾਦਮਿਕ ਰੁਚੀ ਦੇ ਨਾਲ-ਨਾਲ ਖੇਡਾਂ ਵਿੱਚ ਉੱਤਮ ਪ੍ਰਾਪਤੀ ਲਈ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਸਕੂਲਾਂ ਅਤੇ ਹੋਰਨਾਂ ਸਿੱਖਿਆ ਸੰਸਥਾਨਾਂ ਵਿੱਚ ਵੀ ਖੇਡਾਂ ਨੂੰ ਪ੍ਰਫੁੱਲਤ ਕਰਨ ਦੀ ਲੋੜ ਹੈ।
ਇਸ ਤੋਂ ਪਹਿਲਾਂ ਪੀਯੂ ਦੇ ਉਪ-ਕੁਲਪਤੀ ਪ੍ਰੋ. ਰਾਜ ਕੁਮਾਰ ਨੇ ਉਪ-ਰਾਸ਼ਟਰਪਤੀ ਦਾ ਸਵਾਗਤ ਕੀਤਾ ਅਤੇ ਨਾਲ ਹੀ ਯੂਨੀਵਰਸਿਟੀ ਦੀਆਂ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਪ੍ਰੋਗਰਾਮ ਵਿਚ ਯੂਨੀਵਰਸਿਟੀ ਖੇਡ ਵਿਭਾਗ ਦੇ ਡਾਇਰੈਕਟਰ ਸਮੇਤ ਉੱਚ ਅਧਿਕਾਰੀ, ਕੋਚ ਅਤੇ ਐਵਾਰਡ ਜਿੱਤਣ ਵਾਲੇ ਖਿਡਾਰੀ ਹਾਜ਼ਰ ਸਨ।
‘ਫਿੱਟ ਇੰਡੀਆ ਮੁਹਿੰਮ’ ਦੀ ਸ਼ਲਾਘਾ ਕੀਤੀ
ਉਪ-ਰਾਸ਼ਟਰਪਤੀ ਨੇ ਕੇਂਦਰ ਵੱਲੋਂ ਚਲਾਈ ਗਈ ‘ਫਿੱਟ ਇੰਡੀਆ ਮੁਹਿੰਮ’ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਇਹ ਮੁਹਿੰਮ ਲੋਕਾਂ ਨੂੰ ਫਿੱਟ ਅਤੇ ਸਿਹਤਮੰਦ ਰਹਿਣ ਲਈ ਉਤਸ਼ਾਹਿਤ ਕਰਦੀ ਹੈ। ਦੇਸ਼ ਦੇ ਪੇਂਡੂ ਖੇਤਰਾਂ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੰਦਿਆਂ ਸ੍ਰੀ ਨਾਇਡੂ ਨੇ ਕਿਹਾ ਕਿ ਦੇਸ਼ ਨੂੰ ਬਹੁਤ ਹੀ ਵਧੀਆ ਕੋਚ ਤਿਆਰ ਕਰਨੇ ਚਾਹੀਦੇ ਹਨ ਜੋ ਕਿ ਨੌਜਵਾਨ ਖਿਡਾਰੀਆਂ ਵਿੱਚ ਖੇਡ ਦੇ ਹੁਨਰ ਦੀ ਪਛਾਣ ਕਰ ਸਕਣ ਤੇ ਉਨ੍ਹਾਂ ਦੇ ਹੁਨਰ ਨੂੰ ਤਰਾਸ਼ਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਅ ਸਕਣ।