ਕਰਮਜੀਤ ਸਿੰਘ ਚਿੱਲਾ
ਐੱਸ.ਏ.ਐੱਸ.ਨਗਰ (ਮੁਹਾਲੀ), 5 ਸਤੰਬਰ
ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2022 ਤਹਿਤ ਅੱਜ ਇੱਥੋਂ ਦੇ ਸੈਕਟਰ-78 ਦੇ ਬਹੁ-ਮੰਤਵੀ ਸਟੇਡੀਅਮ ਵਿੱਚ ਮੁਹਾਲੀ ਕਾਰਪੋਰੇਸ਼ਨ ਦੀਆਂ ਖੇਡਾਂ ਦਾ ਆਗਾਜ਼ ਹੋ ਗਿਆ ਹੈ। ਖੇਡਾਂ ਦਾ ਉਦਘਾਟਨ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੀ ਹਾਜ਼ਰ ਸਨ। ਇਨ੍ਹਾਂ ਖੇਡਾਂ ਵਿੱਚ 1600 ਦੇ ਕਰੀਬ ਖਿਡਾਰੀ ਭਾਗ ਲੈ ਰਹੇ ਹਨ।
ਹਲਕਾ ਵਿਧਾਇਕ ਨੇ ਇਸ ਮੌਕੇ ਖਿਡਾਰੀਆਂ ਨੂੰ ਸ਼ੁੱਭਇਛਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਦੇ ਮੰਤਵ ਨਾਲ ਹੀ ਇਹ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡ ਪੱਧਰ ਉੱਤੇ ਖੇਡਾਂ ਪ੍ਰਤੀ ਰੁਝਾਨ ਵਧੇਗਾ।
ਇਸ ਮੌਕੇ ਉਨ੍ਹਾਂ ਰੱਸਾਕਸ਼ੀ ਦੇ ਮੁਕਾਬਲੇ ਆਰੰਭ ਕਰਵਾਏ। ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ ਨੇ ਦੱਸਿਆ ਕਿ ਇੱਥੇ ਵੱਖ-ਵੱਖ ਉਮਰ ਵਰਗ ਦੀਆਂ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਰਦੀਪ ਸਿੰਘ ਗੁਜਰਾਲ, ਐੱਸਡੀਐੱਮ ਸਰਬਜੀਤ ਕੌਰ ਤੋਂ ਇਲਾਵਾ ਖੇਡਾਂ ਦੇ ਕੋਚ ਵੀ ਹਾਜ਼ਰ ਸਨ।
ਖੇਡ ਪ੍ਰਬੰਧਾਂ ਦਾ ਬੁਰਾ ਹਾਲ
ਮੁਹਾਲੀ ’ਚ ਖੇਡਾਂ ਮੌਕੇ ਖਿਡਾਰੀ ਟੈਂਕਰਾਂ ਦਾ ਪਾਣੀ ਪੀਣ ਲਈ ਮਜਬੂਰ ਹਨ। ਖੇਡ ਵਿਭਾਗ ਦੇ ਕਰਮਚਾਰੀ ਟੈਂਕਰਾਂ ਦੇ ਪਾਣੀ ਨੂੰ ਫ਼ਿਲਟਰ ਕੀਤਾ ਪਾਣੀ ਦੱਸ ਰਹੇ ਹਨ ਪਰ ਖਿਡਾਰੀਆਂ ਤੇ ਉਨ੍ਹਾਂ ਦੇ ਮਾਪਿਆਂ ਦੇ ਇਹ ਗੱਲ ਹਜ਼ਮ ਨਹੀਂ ਹੋ ਰਹੀ। ਖਿਡਾਰੀਆਂ ਅਤੇ ਖਿਡਾਰੀਆਂ ਦੇ ਮਾਪਿਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਟੈਂਕਰਾਂ ਵਾਲੇ ਪਾਣੀ ਦੀ ਥਾਂ ਖਿਡਾਰੀਆਂ ਨੂੰ ਪੀਣ ਲਈ ਬੋਤਲਾਂ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇ।