ਪੱਤਰ ਪ੍ਰੇਰਕ
ਚੰਡੀਗੜ੍ਹ, 8 ਅਪਰੈਲ
ਸਰਵ ਸਿੱਖਿਆ ਅਭਿਆਨ (ਸਮੱਗਰਾ) ਮਿਡ-ਡੇਅ ਮੀਲ ਦਫ਼ਤਰੀ ਕਰਮਚਾਰੀਆਂ ਦੇ ਵਫ਼ਦ ਵੱਲੋਂ ਅੱਜ ਇੱਥੇ ਪੰਜਾਬ ਭਵਨ ਵਿੱਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਮੁਲਾਕਾਤ ਕੀਤੀ ਗਈ। ਮੀਟਿੰਗ ਦੌਰਾਨ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਵਿਭਾਗੀ ਮੰਗਾਂ ਤਨਖਾਹ ਕਟੌਤੀ, ਦੂਰ-ਦੁਰਾਡੇ ਆਰਜ਼ੀ ਡਿਊਟੀਆਂ ਅਤੇ ਛੇਵੇਂ ਤਨਖਾਹ ਕਮਿਸ਼ਨ ਅਨੁਸਾਰ ਤਨਖਾਹ ਦੇਣ ਦੀ ਮੰਗ ਰੱਖੀ ਗਈ। ਸਿੱਖਿਆ ਮੰਤਰੀ ਨੇ ਮੁਲਾਜ਼ਮਾਂ ਦੀਆ ਮੰਗਾਂ ਨੂੰ ਸੁਣਿਆ ਅਤੇ ਜਲਦ ਹੀ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ। ਯੂਨੀਅਨ ਦੇ ਸੂਬਾਈ ਆਗੂਆਂ ਰਜਿੰਦਰ ਸਿੰਘ ਸੰਧਾ, ਕੁਲਦੀਪ ਸਿੰਘ, ਦਵਿੰਦਰਜੀਤ ਸਿੰਘ ਆਦਿ ਨੇ ਕਿਹਾ ਕਿ ਦਫ਼ਤਰੀ ਕਰਮਚਾਰੀਆਂ ਨਾਲ ਲੰਬੇ ਸਮੇਂ ਤੋਂ ਵਿਤਕਰਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਤਾਂ ਸਰਕਾਰ ਨੇ ਪਹਿਲੀ ਅਪਰੈਲ 2018 ਨੂੰ ਰੈਗੂਲਰ ਕਰ ਦਿੱਤਾ ਸੀ ਪਰ ਦਫ਼ਤਰੀ ਕਰਮਚਾਰੀਆਂ ਨੂੰ ਅਣਗੌਲਿਆ ਕੀਤਾ ਗਿਆ। ਇਸ ਦੇ ਨਾਲ ਹੀ ਕਾਂਗਰਸ ਦੇ ਸ਼ਾਸਨ ਦੌਰਾਨ ਵਿਭਾਗ ਵੱਲੋਂ ਕਰਮਚਾਰੀਆਂ ਦੀ ਤਕਰੀਬਨ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਕਟੌਤੀ ਕਰ ਦਿੱਤੀ ਅਤੇ ਕਰਮਚਾਰੀਆਂ ਦੀਆਂ ਦੂਰ ਦੁਰਾਡੇ ਆਰਜ਼ੀ ਡਿਊਟੀਆਂ ਲਗਾ ਦਿੱਤੀਆਂ ਜਿਸ ਕਰ ਕੇ ਕਰਮਚਾਰੀਆਂ ਨੂੰ ਮਾਨਸਿਕ ਅਤੇ ਵਿੱਤੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੰਗਾਂ ਸਬੰਧੀ ਸਿੱਖਿਆ ਮੰਤਰੀ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ ਗਈ ਹੈ ਜਿਸ ’ਤੇ ਸਿੱਖਿਆ ਮੰਤਰੀ ਵੱਲੋਂ ਭਰੋਸਾ ਦਿੱਤਾ ਗਿਆ ਕਿ ਸਰਕਾਰ ਰੈਗੂਲਰ ਦੀ ਪਾਲਿਸੀ ’ਤੇ ਕੰਮ ਕਰ ਰਹੀ ਹੈ ਅਤੇ ਸਿੱਖਿਆ ਮੰਤਰੀ ਵੱਲੋਂ ਵਿਭਾਗੀ ਮਸਲਿਆਂ ਤਨਖਾਹ ਕਟੌਤੀ ’ਤੇ ਆਰਜ਼ੀ ਡਿਊਟੀਆਂ ਦਾ ਤੁਰੰਤ ਹੱਲ ਕਰਨ ਦਾ ਵਫ਼ਦ ਨੂੰ ਭਰੋਸਾ ਦਿੱਤਾ ਗਿਆ।