ਆਤਿਸ਼ ਗੁਪਤਾ
ਚੰਡੀਗੜ੍ਹ, 10 ਨਵੰਬਰ
ਸਿਟੀ ਬਿਊਟੀਫੁੱਲ ਨੂੰ ਸਾਫ਼ ਸਫ਼ਾਈ ਦੇ ਖੇਤਰ ’ਚ ਪਹਿਲੇ ਨੰਬਰ ’ਤੇ ਲਿਆਉਣ ਲਈ ਚੰਡੀਗੜ੍ਹ ਨਗਰ ਨਿਗਮ ਵੱਲੋਂ ਕਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਇਕ ਸਾਫ਼ ਸੁਥਰਾ ਸ਼ਹਿਰ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਜਦਕਿ ਸਚਾਈ ਇਸ ਦੇ ਬਿਲਕੁੱਲ ਉਲਟ ਹੈ। ਸ਼ਹਿਰ ਦੇ ਵੱਖ-ਵੱਖ ਸੈਕਟਰਾਂ ’ਚ ਗੰਦਗੀ ਦੇ ਢੇਰ ਲੱਗੇ ਹੋਏ, ਜਿਸ ਕਾਰਨ ਮੱਛਰ ਅਤੇ ਮੱਖੀਆਂ ਦੀ ਭਰਮਾਰ ਹੋਈ ਪਈ ਹੈ। ਪਰ ਨਗਰ ਨਿਗਮ ਸਫ਼ਾਈ ਕਰਨ ’ਚ ਕਾਮਯਾਬ ਨਹੀਂ ਹੋ ਰਿਹਾ ਹੈ। ਸ਼ਹਿਰ ’ਚ ਕੂੜੇ ਦੇ ਢੇਰ ਦੀਆਂ ਅਜਿਹੀਆਂ ਤਸਵੀਰਾਂ ਸਵੱਛ ਭਾਰਤ ਮੁਹਿੰਮ ਦਾ ਪੋਲ ਖੋਲ੍ਹ ਕੇ ਰੱਖ ਦਿੰਦੀਆਂ ਹਨ।
ਨਗਰ ਨਿਗਮ ਵੱਲੋਂ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਕਰੋੜਾਂ ਰੁਪਏ ਖਰਚ ਕੇ ਨਵੀਂ ਗੱਡੀਆਂ ਦੀ ਖ਼ਰੀਦ ਕੀਤੀ ਹੈ। ਸਫ਼ਾਈ ਕਰਮਚਾਰੀਆਂ ਦੀ ਗਿਣਤੀ ਵਧਾਈ ਗਈ। ਇੰਨਾ ਹੀ ਨਹੀਂ ਗਿੱਲਾ ਅਤੇ ਸੁੱਕਾ ਕੁੜਾ ਵੀ ਵੱਖ-ਵੱਖ ਕਰਨ ਦੀਆਂ ਲੱਖ ਕੋਸ਼ਿਸ਼ਾਂ ਕੀਤੀਆਂ ਗਈਆਂ। ਉਸ ਦੇ ਬਾਵਜੂਦ ਸ਼ਹਿਰ ਦੇ ਵੱਖ-ਵੱਖ ਸੈਕਟਰਾਂ ’ਚ ਕੂੜੇ ਦੇ ਢੇਰ ਲੱਗੇ ਹੋਏ ਹਨ। ਸ਼ਹਿਰ ਵਾਸੀਆਂ ਨੇ ਮੰਗ ਚੰਡੀਗੜ੍ਹ ਨਗਰ ਨਿਗਮ ਵੱਲੋਂ ਕੁੜਾ ਚੁੱਕਣ ਦੇ ਨਾਮ ’ਤੇ ਰੁਪਏ ਇਕੱਠੇ ਕੀਤੇ ਜਾਂਦੇ ਹਨ, ਜਿਸ ਦੀ ਸ਼ਹਿਰ ਵਾਸੀਆਂ ਨੂੰ ਕੋਈ ਸਹੂਲਤ ਨਹੀਂ ਮਿਲ ਰਹੀ ਹੈ।
ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ ਵੱਲੋਂ ਕਈ ਵਾਰ ਸ਼ਹਿਰ ’ਚ ਸਫ਼ਾਈ ਵਿਵਸਥਾ ਲਈ ਨਿਗਮ ਅਧਿਕਾਰੀਆਂ ਨਾਲ ਮੁਲਾਕਾਤ ਕਰ ਚੁੱਕੀ ਹੈ। ਪਰ ਹਾਲਾਤ ਉਸੇ ਤਰ੍ਹਾਂ ਦੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ’ਚ ਕਾਬਜ਼ ਭਾਰਤੀ ਜਨਤਾ ਪਾਰਟੀ ਦਾ ਧਿਆਨ ਭ੍ਰਿਸ਼ਟਾਚਾਰ ਵੱਲ ਹੈ। ਉਹ ਲੋਕਾਂ ਨੂੰ ਕੋਈ ਵੀ ਸਹੂਲਤ ਦੇਣ ’ਚ ਕਾਮਯਾਬ ਨਹੀਂ ਹੋ ਸਕੀ ਅਤੇ ਭਾਜਪਾ ਦੀਆਂ ਨਲਾਇਕੀ ਦਾ ਜਵਾਬ ਚੰਡੀਗੜ੍ਹ ਦੇ ਲੋਕ ਅਗਾਮੀ ਨਿਗਮ ਚੋਣਾਂ ’ਚ ਜ਼ਰੂਰ ਦੇਣਗੇ।