ਅਜੇ ਮਲਹੋਤਰਾ
ਬੱਸੀ ਪਠਾਣਾਂ, 11 ਮਈ
ਇਲਾਕੇ ਦੇ ਲੋਕਾਂ ਨੇ ਖਦਸ਼ਾ ਜ਼ਾਹਿਰ ਕੀਤਾ ਹੈ ਕਿ ਦਹਾਕਿਆਂ ਤੋਂ ਬੰਦ ਪਈ ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਵਿੱਚ ਖੜ੍ਹਾ ਖਰੜ ਸ਼ਹਿਰ ਦਾ ਦੂਸ਼ਿਤ ਪਾਣੀ ਕਦੇ ਵੀ ਬੱਸੀ ਪਠਾਣਾਂ ਅਤੇ ਫ਼ਤਹਿਗੜ੍ਹ ਸਾਹਿਬ ਬਲਾਕ ਹੇਠ ਪੈਂਦੇ ਪਿੰਡਾਂ ਵਿੱਚ ਤਬਾਹੀ ਮਚਾ ਸਕਦਾ ਹੈ, ਕਿਉਂਕਿ ਜਦੋਂ ਵੀ ਭਾਰੀ ਬਰਸਾਤ ਹੋਈ ਤਾਂ ਨਹਿਰ ਟੁੱਟ ਸਕਦੀ ਹੈ| ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੀਨੀਅਰ ਆਗੂ ਗੁਰਦੀਪ ਸਿੰਘ ਕੋਟਲਾ ਦੀ ਅਗਵਾਈ ਵਿੱਚ ਇਲਾਕੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਪਿੰਡ ਲਛਮਣਗੜ੍ਹ ਵਿੱਚ ਇਸ ’ਤੇ ਚਿੰਤਾ ਪ੍ਰਗਟਾਉਂਦਿਆਂ ਰੋਸ ਜ਼ਾਹਿਰ ਕੀਤਾ ਹੈ।
ਪਿੰਡ ਲਛਮਣਗੜ੍ਹ ਵਿਖੇ ਸਿਆਸੀ ਆਗੂਆਂ ਅਤੇ ਪ੍ਰਸ਼ਾਸਨ ਵਿਰੁੱਧ ਰੋਸ ਜ਼ਾਹਿਰ ਕਰਦੇ ਹੋਏ ਇਲਾਕੇ ਦੇ ਕਿਸਾਨਾਂ ਅਤੇ ਮਸ਼ਦੂਰਾਂ ਨੇ ਦੱਸਿਆ ਕਿ ਇਸ ਗੰਦੇ ਪਾਣੀ ਨਾਲ ਪਿੰਡਾਂ ਦਾ ਜ਼ਮੀਨ ਹੇਠਲਾ ਪੀਣ ਵਾਲਾ ਪਾਣੀ ਦੂਸ਼ਿਤ ਹੋ ਰਿਹਾ ਜਿਸ ਨਾਲ ਪਿੰਡਾਂ ਵਿੱਚ ਕੈਂਸਰ ਵਰਗੀਆਂ ਭਿਆਣਕ ਬਿਮਾਰੀਆਂ ਪੈਰ ਪਸਾਰ ਰਹੀਆਂ ਹਨ ਅਤੇ ਜੇਕਰ ਨਹਿਰ ਟੁੱਟ ਜਾਂਦੀ ਹੈ ਤਾਂ ਜਾਨੀ ਤੇ ਮਾਲੀ ਨੁਕਸਾਨ ਦੇ ਨਾਲ-ਨਾਲ ਇਸ ਦੂਸ਼ਿਤ ਪਾਣੀ ਕਾਰਨ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਦੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਖ਼ਤਮ ਹੋ ਜਾਵੇਗੀ ਕਿਉਂਕਿ ਇਹ ਪਾਣੀ ਜ਼ਹਿਰੀਲਾ ਹੋ ਚੁੱਕਿਆ ਹੈ| ਉਨ੍ਹਾਂ ਕਿਹਾ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੌਜੂਦਾ ਹਲਕਾ ਵਿਧਾਇਕ ਨੇ ਵੀ ਇਸ ਸਮੱਸਿਆ ਦੇ ਸਥਾਈ ਹੱਲ ਦਾ ਵਿਸ਼ਵਾਸ ਦਿਵਾਇਆ ਸੀ ਪਰ ਦੋ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਜ਼ਮੀਨੀ ਹਕੀਕਤ ਵਿੱਚ ਕੋਈ ਬਦਲਾਅ ਨਹੀ ਹੋਇਆ| ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਪ੍ਰਸ਼ਾਸਨ ਅਤੇ ਸਿਆਸੀ ਪਾਰਟੀਆਂ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਇਸ ਗੰਭੀਰ ਸਮੱਸਿਆ ਦਾ ਹੱਲ ਪਹਿਲ ਦੇ ਅਧਾਰ ’ਤੇ ਨਾ ਕੀਤਾ ਤਾਂ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪੱਕਾ ਧਰਨਾ ਲਾਇਆ ਜਾਵੇਗਾ|
ਜਦੋਂ ਇਸ ਸਬੰਧੀ ਬੱਸੀ ਪਠਾਣਾ ਦੇ ਐੱਸਡੀਐੱਮ ਸੰਜੀਵ ਕੁੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਕਿਉਂਕਿ ਇਹ ਮਾਮਲਾ ਮੁਹਾਲੀ ਜ਼ਿਲ੍ਹੇ ਨਾਲ ਸਬੰਧਤ ਹੈ ਇਸ ਕਰਕੇ ਇਸ ਬਾਰੇ ਮੁਹਾਲੀ ਅਤੇ ਖਰੜ ਦੇ ਪ੍ਰਸ਼ਾਸਨ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਇਸ ਸਮੱਸਿਆ ਦਾ ਸਥਾਈ ਹੱਲ ਕੱਢਿਆ ਜਾਵੇਗਾ|