ਸਰਬਜੀਤ ਸਿੰਘ ਭੱਟੀ
ਲਾਲੜੂ, 23 ਮਈ
ਲਾਲੜੂ ਮੰਡੀ ਦੇ ਘਰਾਂ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੁਰਗਾ ਦੇਵੀ ਮੰਦਰ ਨੇੜੇ ਫੌਜੀ ਮੈਦਾਨ ਵਿੱਚ ਖੜ੍ਹਾ ਪਾਣੀ ਜਿੱਥੇ ਮੱਖੀ, ਮੱਛਰਾਂ ਦੀ ਤਦਾਦ ਵਿੱਚ ਵਾਧਾ ਕਰ ਰਿਹਾ ਹੈ, ਨਾਲ ਹੀ ਕਰੋਨਾ ਮਹਾਮਾਰੀ ਦੇ ਚੱਲਦਿਆਂ ਹੋਰ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ। ਲੋਕਾਂ ਨੇ ਦੱਸਿਆ ਕਿ ਇੱਕ ਪਾਸੇ ਨਗਰ ਕੌਂਸਲ ਦੇ ਅਧਿਕਾਰੀ ਸਾਫ ਸਫਾਈ ਅਤੇ ਆਲਾ ਦੁਆਲਾ ਸਾਫ ਰੱਖਣ ਦੀ ਪ੍ਰੇਰਨਾ ਦੇ ਰਹੇ ਹਨ, ਦੂਜੇ ਪਾਸੇ ਕਰੋਨਾ ਮਹਾਮਾਰੀ ਦੌਰਾਨ ਅਨੇਕਾਂ ਕਲੋਨੀਆਂ, ਮੁਹੱਲਿਆਂ ਦਾ ਗੰਦਾ ਪਾਣੀ ਫੌਜੀ ਮੈਦਾਨ ਵਿੱਚ ਛੱਪੜ ਦਾ ਰੂਪ ਧਾਰ ਚੁੱਕਾ ਹੈ। ਇਸ ਕਾਰਨ ਆਲੇ ਦੁਆਲੇ ਬਦਬੂ ਫੈਲ ਰਹੀ ਹੈ ਅਤੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ ਪਰ ਗੰਦੇ ਪਾਣੀ ਦੀ ਨਿਕਾਸੀ ਵੱਲ ਪ੍ਰਸ਼ਾਸਨ ਦਾ ਕੋਈ ਵੀ ਧਿਆਨ ਨਹੀ ਜਾ ਰਿਹਾ। ਕਰੋੋੜਾਂ ਰੁਪਏ ਦੀ ਲਾਗਤ ਨਾਲ ਸ਼ਹਿਰ ਵਿੱਚ ਪਾਈ ਸੀਵਰੇਜ ਹਾਲੇ ਚਾਲੂ ਨਹੀਂ ਹੋ ਸਕੀ, ਜਿਸ ਕਾਰਨ ਚਾਰੇ ਪਾਸੇ ਗੰਦਗੀ ਦਾ ਆਲਮ ਹੈ। ਸ਼ਹਿਰ ਨਿਵਾਸੀਆਂ ਨੇ ਗੰਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਬਰਜਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ’ਚ ਫੰਡਾਂ ਦੀ ਘਾਟ ਕਾਰਨ ਕੁਝ ਕੰਮ ਨਹੀ ਕੀਤੇ ਜਾ ਸਕੇ ਪਰ ਹੁਣ ਛੇਤੀ ਹੀ ਗੰਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕੀਤਾ ਜਾਵੇਗਾ।