ਚੰਡੀਗੜ੍ਹ (ਕੁਲਦੀਪ ਸਿੰਘ): ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ, ਨੌਜਵਾਨ ਕਿਸਾਨ ਏਕਤਾ ਚੰਡੀਗੜ੍ਹ ਅਤੇ ਮਟਕਾ ਚੌਕ ਵੱਲੋਂ ਚੰਡੀਗੜ੍ਹ ਦੇ ਪਿੰਡ ਰਾਏਪੁਰ ਕਲਾਂ ਤੋਂ ਲੰਘਦੀ ਰੇਲ ਲਾਈਨ ’ਤੇ ਬੈਠ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਤਾਰ ਬੈਠ ਕੇ ਧਰਨਾ ਦਿੱਤਾ ਗਿਆ ਜਿਸ ਦੌਰਾਨ ਰੇਲ ਗੱਡੀਆਂ ਦੀ ਆਵਾਜਾਈ ਬਿਲਕੁਲ ਠੱਪ ਰਹੀ।
ਸੰਘਰਸ਼ ਕਮੇਟੀ ਦੇ ਸਰਪ੍ਰਸਤ ਬਾਬਾ ਸਾਧੂ ਸਿੰਘ ਸਾਰੰਗਪੁਰ, ਬਾਬਾ ਗੁਰਦਿਆਲ ਸਿੰਘ ਖੁੱਡਾ ਅਲੀਸ਼ੇਰ ਦੀ ਅਗਵਾਈ ਹੇਠ ਹੱਥਾਂ ਵਿੱਚ ਕਿਸਾਨੀ ਝੰਡੇ ਫੜ ਕੇ ਰੇਲ ਲਾਈਨ ਉੱਤੇ ਬੈਠੇ ਕਿਸਾਨਾਂ ਨੇ ਕੇਂਦਰ ਵਿਚਲੀ ਮੋਦੀ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਲਖੀਮਪੁਰ ਖੀਰੀ ਖੇਤਰ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਇਸ ਰੋਸ ਪ੍ਰਦਰਸ਼ਨ ਵਿੱਚ ਚੰਡੀਗੜ੍ਹ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰ ਵਾਸੀਆਂ ਵੱਲੋਂ ਹਿੱਸਾ ਲਿਆ ਗਿਆ। ਇਸ ਮੌਕੇ ਜੋਗਿੰਦਰ ਸਿੰਘ ਬੁੜੈਲ, ਸ਼ਰਨਜੀਤ ਸਿੰਘ, ਕਿਰਪਾਲ ਸਿੰਘ, ਕੁਲਦੀਪ ਕੁੰਡੂ, ਰਾਜ ਗਿੱਲ, ਇੰਦਰਜੀਤ ਸਿੰਘ ਗਰੇਵਾਲ, ਗਿਆਨ ਚੰਦ, ਪਰਮਿੰਦਰ ਸਿੰਘ ਸੰਧੂ, ਹਰਮਨਪ੍ਰੀਤ ਕੌਰ ਤੇ ਪਰਮਜੀਤ ਕੌਰ ਹਾਜ਼ਰ ਸਨ।
ਫੋਟੋ ਕੈਪਸ਼ਨ :
ਚੰਡੀਗੜ੍ਹ ਦੇ ਪਿੰਡ ਰਾਏਪੁਰ ਕਲਾਂ ਵਿੱਚ ਰੇਲ ਲਾਈਨ ਉੱਤੇ ਬੈਠੇ ਹੋਏ ਕਿਸਾਨ।