ਪੈਦਲ ਰੋਸ ਮਾਰਚ ਦੀ ਤਿਆਰੀ ਸਬੰਧੀ ਨੁੱਕੜ ਮੀਟਿੰਗਾਂ
ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਪਹਿਲੀ ਨਵੰਬਰ ਨੂੰ ਯੂ.ਟੀ. ਚੰਡੀਗੜ੍ਹ ਪ੍ਰਸ਼ਾਸਨ ਖਿਲਾਫ਼ ਕੱਢੇ ਜਾਣ ਵਾਲੇ ਪੈਦਲ ਰੋਸ ਮਾਰਚ ਵਿੱਚ ਪਿੰਡਾਂ ਦੇ ਲੋਕਾਂ ਦੀ ਸ਼ਮੂਲੀਅਤ ਕਰਵਾਉਣ ਲਈ ਅਤੇ ਪੰਜਾਬੀ ਭਾਸ਼ਾ ਦੀ ਰਖਵਾਲੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸ਼ੁਰੂ ਕੀਤੇ ਗਏ ਮੀਟਿੰਗਾਂ ਦੇ ਸਿਲਸਿਲੇ ਤਹਿਤ ਪਿੰਡ ਹੱਲੋਮਾਜਰਾ ਅਤੇ ਰਾਏਪੁਰ ਕਲਾਂ ਦੇ ਗੁਰਦੁਆਰਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ। ਪਿੰਡ ਰਾਏਪੁਰ ਕਲਾਂ ਵਿੱਚ ਲਾਭ ਸਿੰਘ ਦੀ ਅਗਵਾਈ ਹੇਠ ਮੀਟਿੰਗ ਹੋਈ ਜਿਸ ਵਿੱਚ ਸ਼ਰਨਜੀਤ ਸਿੰਘ ਰਾਏਪੁਰ ਕਲਾਂ, ਦੇਵੀ ਦਿਆਲ ਸ਼ਰਮਾ, ਸਾਧੂ ਸਿੰਘ, ਬਾਬਾ ਗੁਰਦਿਆਲ ਸਿੰਘ, ਰਣਜੀਤ ਸਿੰਘ, ਗੁਰਦੀਪ ਸਿੰਘ ਸਰਪੰਚ, ਬਿੰਦਰ ਸਿੰਘ ਸਾਬਕਾ ਪੰਚ, ਰੁਲਦਾ ਸਿੰਘ, ਰੋਡਾ ਸਿੰਘ ਨੇ ਮੰਚ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਅਹੁਦੇਦਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੈਦਲ ਰੋਸ ਮਾਰਚ ਵਿੱਚ ਪਿੰਡ ਤੋਂ ਵੱਡੀ ਗਿਣਤੀ ਲੋਕ ਸ਼ਾਮਲ ਹੋਣਗੇ। ਪਿੰਡ ਹੱਲੋਮਾਜਰਾ ਦੇ ਗੁਰਦੁਆਰੇ ਵਿੱਚ ਪ੍ਰਬੰਧਕ ਕਮੇਟੀ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਹੱਲੋਮਾਜਰਾ, ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ ਸ਼ਰਮਾ ਸਣੇ ਬਲਕਾਰ ਸਿੰਘ ਸਿੱਧੂ, ਮਨਜੀਤ ਕੌਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਮੰਚ ਵੱਲੋਂ ਪਹਿਲੀ ਨਵੰਬਰ ਨੂੰ ਸੈਕਟਰ 30 ਸਥਿਤ ਮੱਖਣ ਸ਼ਾਹ ਲੁਬਾਣਾ ਭਵਨ ਤੋਂ ਸੈਕਟਰ 22 ਸਥਿਤ ਗੁਰਦੁਆਰੇ ਤੱਕ ਚੰਡੀਗੜ੍ਹ ਪ੍ਰਸ਼ਾਸਨ ਖ਼ਿਲਾਫ਼ ਪੈਦਲ ਰੋਸ ਕੱਢਿਆ ਜਾ ਰਿਹਾ ਹੈ। ਉਸ ਰੋਸ ਮਾਰਚ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ।