ਮੁਕੇਸ਼ ਕੁਮਾਰ
ਚੰਡੀਗੜ੍ਹ, 4 ਅਪਰੈਲ
ਚੰਡੀਗੜ੍ਹ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ। ਨਗਰ ਨਿਗਮ ਵੱਲੋਂ ਗਰਮੀ ਦੀ ਰੁੱਤ ਵਿੱਚ ਪੀਣ ਵਾਲੇ ਪਾਣੀ ਦੀ ਕਿਸੇ ਵੀ ਤਰ੍ਹਾਂ ਤੋਟ ਨੂੰ ਮੁੱਖ ਰੱਖਦੇ ਹੋਏ ਭਲਕੇ ਸੋਮਵਾਰ ਨੂੰ ਇੱਕ ਮੀਟਿੰਗ ਸੱਦੀ ਗਈ ਹੈ।
ਮੀਟਿੰਗ ਦੌਰਾਨ ਪਾਣੀ ਦੀ ਬੱਚਤ ਅਤੇ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਨ ਲਈ ਵਿਉਂਤਬੰਦੀ ਕੀਤੀ ਜਾਵੇਗੀ।
ਨਗਰ ਨਿਗਮ ਦੇ ਚੀਫ਼ ਇੰਜੀਨੀਅਰ ਸ਼ੈਲੇਂਦਰ ਸਿੰਘ ਵੱਲੋਂ ਸੱਦੀ ਗਈ ਮੀਟਿੰਗ ਵਿੱਚ ਪਾਣੀ ਦੀ ਦੁਰਵਰਤੋਂ ਰੋਕਣ ਲਈ ਵਿਸ਼ੇਸ਼ ਟੀਮਾਂ ਬਣਾਈਆਂ ਜਾਣਗੀਆਂ ਜੋ ਸ਼ਹਿਰ ਵਿੱਚ ਆਪੋ-ਆਪਣੇ ਇਲਾਕਿਆਂ ਵਿੱਚ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ’ਤੇ ਨਜ਼ਰ ਰੱਖਣਗੀਆਂ ਅਤੇ ਨਿਯਮ ਅਨੁਸਾਰ ਕਾਰਵਾਈ ਕਰਨਗੀਆਂ। ਜਾਣਕਾਰੀ ਅਨੁਸਾਰ ਪੂਰੇ ਸ਼ਹਿਰ ਵਿੱਚ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ’ਤੇ ਨਜ਼ਰ ਰੱਖਣ ਲਈ ਕੁੱਲ 18 ਟੀਮਾਂ ਬਣਾਈਆਂ ਜਾਣਗੀਆਂ। ਮੀਟਿੰਗ ਦੌਰਾਨ ਕੀਤੇ ਗਏ ਫ਼ੈਸਲੇ ਨੂੰ ਲੈ ਕੇ ਨਗਰ ਨਿਗਮ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਦੀ ਪ੍ਰਵਾਨਗੀ ਤੋਂ ਨੋਟੀਫਿਕਸ਼ਨ ਜਾਰੀ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਇਸ ਮਹੀਨੇ 15 ਅਪਰੈਲ ਤੋਂ ਸ਼ਹਿਰ ਵਿੱਚ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ‘ਤੇ ਕਾਰਵਾਈ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਹ ਅਭਿਆਨ ਲਗਪਗ ਜੂਨ ਮਹੀਨੇ ਤੱਕ ਜਾਰੀ ਰਹੇਗਾ। ਇਸ ਦੌਰਾਨ ਪੀਣ ਵਾਲੇ ਪਾਣੀ ਨਾਲ ਬਗੀਚਿਆਂ ਦੀ ਸਿੰਜਾਈ ਕਰਨ, ਗੱਡੀਆਂ ਨੂੰ ਧੋਣ ਅਤੇ ਹੋਰ ਕਿਸੇ ਵੀ ਤਰ੍ਹਾਂ ਦੀ ਦੁਰਵਰਤੋਂ ਕਰਨ ’ਤੇ ਰੋਕ ਲਗਾਈ ਜਾਂਦੀ ਹੈ।
ਇਸ ਤੋਂ ਇਲਾਵਾ ਪੀਣ ਵਾਲੇ ਪਾਣੀ ਦੀ ਲੀਕੇਜ ਆਦਿ ਨੂੰ ਲੈ ਕੇ ਡਿਫਾਲਟਰਾਂ ਦੇ ਚਲਾਨ ਕੱਟੇ ਜਾਣਗੇ। ਇਸੇ ਤਰ੍ਹਾਂ ਪਾਣੀ ਦੀ ਸਪਲਾਈ ਲਾਈਨ ਵਿੱਚ ਸਿੱਧਾ ਬੂਸਟਰ ਪੰਪ ਲਗਾਉਣ ਵਾਲਿਆਂ ’ਤੇ ਵੀ ਕਾਰਵਾਈ ਕੀਤੀ ਜਾਵੇਗੀ। ਘਰ ਦੇ ਅੱਗੇ ਜਾਂ ਪਾਣੀ ਦੇ ਮੀਟਰ, ਕੂਲਰ ਵਿੱਚੋਂ ਪਾਣੀ ਦੇ ਲੀਕ ਹੋਣ ’ਤੇ ਵੀ ਚਲਾਨ ਕੱਟ ਕੇ ਜ਼ੁਰਮਾਨਾ ਵਸੂਲਿਆ ਜਾਵੇਗਾ। ਜਾਣਕਾਰੀ ਅਨੁਸਾਰ ਪਹਿਲੀ ਵਾਰ ਪਾਣੀ ਦੀ ਦੁਰਵਰਤੋਂ ਕੀਤੇ ਜਾਣ ਦੇ ਡਿਫਾਲਟਰ ਦਾ ਚਲਾਨ ਕੱਟ ਕੇ ਤਿੰਨ ਹਜ਼ਾਰ ਰੁਪਏ ਅਤੇ ਦੂਜੀ ਬਾਰ ਮੁੜ ਤੋਂ ਪਾਣੀ ਦੀ ਦੁਰਵਰਤੋਂ ਕਰਦੇ ਫੜੇ ਜਾਣ ‘ਤੇ ਪੰਜ ਹਜ਼ਾਰ ਰੁਪਏ ਦਾ ਚਲਾਨ ਕੱਟਿਆ ਜਾਵੇਗਾ। ਵਾਰ-ਵਾਰ ਨਗਰ ਨਿਗਮ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਪਾਣੀ ਦੇ ਕੁਨੈਕਸ਼ਨ ਵੀ ਕੱਟੇ ਜਾ ਸਕਦੇ ਹਨ।