Gas Cylinder ਦੀ ਜਮ੍ਹਾਂਖੋਰੀ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਹੋਵੇਗੀ: Bhagwant Mann
ਡਿਪਟੀ ਕਮਿਸ਼ਨਰਾਂ ਨੂੰ ਜ਼ਰੂਰੀ ਵਸਤਾਂ ਦੀ ਸਪਲਾਈ ਯਕੀਨੀ ਬਣਾਉਣ ਦੇ ਹੁਕਮ
ਮੱਧ ਪੂਰਬ ਤੇ ਤਣਾਅ ਤੇ ਗੈਸ ਸਿਲੰਡਰਾਂ ਦੀ ਸੰਭਾਵੀ ਕਿੱਲਤ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਗੈਸ ਸਿਲੰਡਰਾਂ ਦੀ ਜਮ੍ਹਾਂਖੋਰੀ ਤੇ ਕਿੱਲਤ ਪੈਦਾ ਕਰਨ ਵਾਲਿਆਂ ਤੇ ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪੰਜਾਬ ਸਰਕਾਰ ਨੇੜਿਓਂ ਨਜ਼ਰ ਰੱਖ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਕਿਸੇ ਵੀ ਹਾਲਤ ਵਿੱਚ ਤਣਾਅ ਪੈਦਾ ਕਰਨ, ਜਮ੍ਹਾਂਖੋਰੀ ਜਾਂ ਖ਼ਪਤਕਾਰਾਂ ਦੇ ਸ਼ੋਸ਼ਣ ਦੀ ਇਜਾਜ਼ਤ ਨਹੀਂ ਦੇਵੇਗੀ।
ਖਾੜੀ ਦੇਸ਼ਾਂ ਵਿੱਚ ਤਣਾਅ ਕਾਰਨ ਦੇਸ਼ ਭਰ ਵਿੱਚ ਐਲ ਪੀ ਜੀ ਦੀ ਸੰਭਾਵੀ ਕਿੱਲਤ ਬਾਰੇ ਅਫ਼ਵਾਹਾਂ ਤੇਜ਼ੀ ਨਾਲ ਫੈਲ ਰਹੀਆਂ ਹਨ। ਇਸ ਨਾਲ ਲੋਕਾਂ ਵਿੱਚ ਬੇਲੋੜਾ ਤਣਾਅ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਲੋਕਾਂ ਲਈ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਾ ਆਵੇ। ਸਰਕਾਰ ਵੱਲੋਂ ਜ਼ਰੂਰੀ ਵਸਤਾਂ ਦੀ ਸਪਲਾਈ ਵਿੱਚ ਹੇਰਾਫੇਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਐੱਲ ਪੀ ਜੀ ਸਿਲੰਡਰਾਂ ਦੀ ਕਾਲਾਬਾਜ਼ਾਰੀ ਰੋਕਣ ਲਈ ਅਧਿਕਾਰੀਆਂ ਨੂੰ ਬਾਜ਼ਾਰ ’ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਐੱਲ ਪੀ ਜੀ ਸਿਲੰਡਰਾਂ ਦੀ ਢੁਕਵੀਂ ਸਪਲਾਈ ਬਰਕਰਾਰ ਰੱਖਣ ਲਈ ਇਹ ਮਾਮਲਾ ਕੇਂਦਰ ਸਰਕਾਰ ਕੋਲ ਵੀ ਉਠਾਇਆ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

