ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 23 ਅਪਰੈਲ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਵਾਹਨਾਂ ਦੀ ਆਵਾਜਾਈ ਕਾਰਨ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਵੱਖ-ਵੱਖ ਟੀਮਾਂ ਬਣਾ ਕੇ ਮੁਹਾਲੀ ਸਮੇਤ ਖਰੜ ਅਤੇ ਡੇਰਾਬੱਸੀ ਵਿੱਚ ਸਕੂਲੀ ਬੱਸਾਂ ਅਤੇ ਸੜਕਾਂ ’ਤੇ ਬੇਖ਼ੌਫ਼ ਦੌੜ ਰਹੇ ਓਵਰਲੋਡ ਟਿੱਪਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਕਈ ਓਵਰਲੋਡ ਚੱਲ ਰਹੇ ਟਿੱਪਰਾਂ ਨੂੰ ਜ਼ਬਤ ਕੀਤਾ ਗਿਆ ਜਦੋਂਕਿ ਸੜਕ ਸੁਰੱਖਿਆ ਨਿਯਮਾਂ ਦੀ ਅਣਦੇਖੀ ਕਰ ਕੇ ਚਲਾਈਆਂ ਜਾ ਰਹੀਆਂ ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ। ਅੱਜ ਇੱਥੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰਟੀਏ) ਦੇ ਸਕੱਤਰ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਸਮੂਹ ਉਪ ਮੰਡਲ ਮੈਜਿਸਟ੍ਰੇਟ (ਐਸਡੀਐਮਜ਼) ਵੱਲੋਂ ਓਵਰਲੋਡ ਚੱਲ ਰਹੇ ਟਿੱਪਰਾਂ ਅਤੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ।
ਆਰਟੀਏ ਦੇ ਸਕੱਤਰ ਵੱਲੋਂ ਜ਼ੀਰਕਪੁਰ, ਡੇਰਾਬੱਸੀ ਏਰੀਆ ਵਿੱਚ ਚੱਲ ਰਹੇ 16 ਓਵਰਲੋਡ ਟਿੱਪਰ/ਟਰੱਕ ਬੰਦ ਕੀਤੇ ਗਏ ਅਤੇ 3 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ। ਇਸ ਤੋਂ ਇਲਾਵਾ 2 ਬਿਨਾਂ ਟੈਕਸ ਜਮ੍ਹਾਂ ਕਰਵਾਏ ਚੱਲ ਰਹੀਆਂ ਟੂਰਿਸਟ ਬੱਸਾਂ ਵੀ ਬੰਦ ਕੀਤੀਆਂ ਗਈਆਂ। ਇਨ੍ਹਾਂ ਬੰਦ ਕੀਤੀਆਂ 24 ਗੱਡੀਆਂ ਤੋਂ ਲਗਪਗ 4 ਲੱਖ 90 ਹਜ਼ਾਰ ਰੁਪਏ ਸਮਝੌਤਾ ਫੀਸ ਵਸੂਲੀ ਗਈ। ਉਨ੍ਹਾਂ ਕਿਹਾ ਕਿ ਸੁਰੱਖਿਅਤ ਸਕੂਲ ਵਾਹਨ ਸਕੀਮ ਤਹਿਤ ਬੱਸਾਂ ਵਿੱਚ ਸਫ਼ਰ ਕਰਦੇ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਹਿੱਤ ਐੱਸਡੀਐੱਮ ਡੇਰਾਬੱਸੀ ਨੇ ਚੈਕਿੰਗ ਦੌਰਾਨ 10 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ ਜਿਨ੍ਹਾਂ ਕੋਲੋਂ 70 ਹਜ਼ਾਰ ਰੁਪਏ ਜੁਰਮਾਨਾ ਵਸੂਲਿਆ ਗਿਆ। ਇੰਜ ਹੀ ਖਰੜ ਵਿੱਚ ਐੱਸਡੀਐੱਮ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 14 ਸਕੂਲੀ ਬੱਸਾਂ ਦੇ ਚਲਾਨ ਕੀਤੇ। ਸਕੱਤਰ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿੱਤ ਓਵਰਲੋਡ ਚੱਲਦੇ ਵਾਹਨਾਂ ਅਤੇ ਨਿਯਮਾਂ ਦੀ ਉਲੰਘਣਾ ਦੇ ਦੋਸ਼ ਵਿੱਚ ਸਕੂਲ ਬੱਸਾਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ।
ਮੁਹਾਲੀ ਦੇ ਐੱਸਡੀਐੱਮ-ਕਮ-ਸੜਕ ਸੁਰੱਖਿਆ ਕਮੇਟੀ ਦੇ ਚੇਅਰਮੈਨ ਹਰਬੰਸ ਸਿੰਘ ਨੇ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਸਬੰਧਤ ਵਿਭਾਗਾਂ ਨੂੰ ਸੜਕ ਸੁਰੱਖਿਆ ਨਿਯਮਾਂ ਤਹਿਤ ਸਕੂਲੀ ਬੱਸਾਂ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਜਾਨ ਨਾਲ ਖਿਲਵਾੜ ਕਰਨ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।