ਆਤਿਸ਼ ਗੁਪਤਾ
ਚੰਡੀਗੜ੍ਹ, 11 ਜੂਨ
ਪੰਜਾਬ ਤੋਂ ਬਾਅਦ ਹੁਣ ਰਾਜਧਾਨੀ ਚੰਡੀਗੜ੍ਹ ਵਿੱਚ ਵੀ ਕਾਂਗਰਸ ਪਾਰਟੀ ਨੂੰ ਲਗਾਤਾਰ ਝਟਕਾ ਲੱਗਣ ਦਾ ਅਮਲ ਜਾਰੀ ਹੈ। ਇੱਥੇ ਅੱਜ ਕਾਂਗਰਸ ਦੀ ਚੰਡੀਗੜ੍ਹ ਇਕਾਈ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਇਕਾਈ ਦੇ ਪ੍ਰਧਾਨ ਸੁਭਾਸ਼ ਚਾਵਲਾ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਪ੍ਰਧਾਨ ਦਾ ਅਹੁਦਾ ਛੱਡਣ ਸਬੰਧੀ ਜਾਣਕਾਰੀ ਸੁਭਾਸ਼ ਚਾਵਲਾ ਨੇ ਖੁਦ ਦਿੱਤੀ ਹੈ। ਉਨ੍ਹਾਂ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਕਾਰਨ ਦੱਸਣ ਜਾਂ ਪਾਰਟੀ ਨਾਲ ਨਾਰਾਜ਼ਗੀ ਹੋਣ ਬਾਰੇ ਟਿੱਪਣੀ ਕਰਨ ਤੋਂ ਪਾਸਾ ਵੱਟਿਆ। ਸ੍ਰੀ ਚਾਵਲਾ ਨੇ ਕਿਹਾ ਕਿ ਉਹ ਜਲਦੀ ਹੀ ਮੀਡੀਆ ਨਾਲ ਗੱਲਬਾਤ ਕਰ ਕੇ ਵੱਡਾ ਖੁਲਾਸਾ ਕਰਨਗੇ।
ਦੱਸਣਯੋਗ ਹੈ ਕਿ ਚੰਡੀਗੜ੍ਹ ਕਾਂਗਰਸ ਵਿੱਚ ਪਿਛਲੇ ਲੰਬੇ ਸਮੇਂ ਤੋਂ ਅੰਦਰੂਨੀ ਕਾਟੋ-ਕਲੈਸ਼ ਚੱਲ ਰਿਹਾ ਹੈ। ਇਸੇ ਅੰਦਰੂਨੀ ਕਲੇਸ਼ ਕਰ ਕੇ ਕਾਂਗਰਸ ਪਾਰਟੀ ਨਗਰ ਨਿਗਮ ਚੋਣਾਂ ਵਿੱਚ ਵਧੀਆ ਪ੍ਰਦਰਸ਼ਨ ਨਹੀਂ ਕਰ ਸਕੀ। ਇਸੇ ਕਲੇਸ਼ ਕਰ ਕੇ ਚੰਡੀਗੜ੍ਹ ਨਗਰ ਨਿਗਮ ’ਤੇ ਰਾਜ ਕਰਨ ਵਾਲੀ ਪਾਰਟੀ 35 ਵਿੱਚੋਂ ਸਿਰਫ਼ ਅੱਠ ਵਾਰਡਾਂ ਤੱਕ ਸੀਮਟ ਕੇ ਰਹਿ ਗਈ ਹੈ। ਪਾਰਟੀ ਦੇ ਜਿੱਤੇ ਹੋਏ ਅੱਠ ਕੌਂਸਲਰਾਂ ਵਿੱਚੋਂ ਵੀ ਦੋ ਕੌਂਸਲਰ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਵਿੱਚੋਂ ਵਾਰਡ ਨੰਬਰ 10 ਤੋਂ ਕੌਂਸਲਰ ਹਰਪ੍ਰੀਤ ਕੌਰ ਬਬਲਾ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ ਜਦੋਂ ਕਿ ਦੋ ਦਿਨ ਪਹਿਲਾਂ ਵਾਰਡ ਨੰਬਰ 20 ਤੋਂ ਕੌਂਸਲਰ ਗੁਰਚਰਨਜੀਤ ਸਿੰਘ ਕਾਲਾ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ ਪਿਛਲੇ ਦਿਨੀਂ ਵੀ ਵੱਡੀ ਗਿਣਤੀ ਕਾਂਗਰਸੀ ਵਰਕਰ ਤੇ ਕਈ ਆਗੂ ਭਾਜਪਾ ਵਿੱਚ ਸ਼ਾਮਲ ਹੋਏ ਸਨ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਚੰਡੀਗੜ੍ਹ ਕਾਂਗਰਸ ਦੀ ਦੋ ਦਿਨਾਂ ਵਰਕਸ਼ਾਪ ਦੌਰਾਨ ਵੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਸੁਭਾਸ਼ ਚਾਲਵਾ ਵਿਚਾਲੇ ਟਕਰਾਅ ਹੋਇਆ ਸੀ। ਉਸ ਸਮੇਂ ਵੀ ਸ੍ਰੀ ਚਾਵਲਾ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੱਕ ਦੀ ਪੇਸ਼ਕਸ਼ ਕੀਤੀ ਸੀ ਅਤੇ ਅੱਜ ਸ਼ਾਮ ਵੇਲੇ ਅਖ਼ੀਰ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।
ਨਵੇਂ ਪ੍ਰਧਾਨ ਦੀ ਚੋਣ ਲਈ ਆਗੂਆਂ ਦੇ ਨਾਵਾਂ ’ਤੇ ਚਰਚਾ ਸ਼ੁਰੂ਼
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਵੱਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਨਵੇਂ ਪ੍ਰਧਾਨ ਦੀ ਚੋਣ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ, ਹਾਲੇ ਤੱਕ ਪਾਰਟੀ ਲੀਡਰਸ਼ਿਪ ਵੱਲੋਂ ਸੁਭਾਸ਼ ਚਾਵਲਾ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ ਗਿਆ ਹੈ ਪਰ ਫਿਰ ਵੀ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਪਾਰਟੀ ਆਗੂਆਂ ਵਿੱਚ ਦੌੜ ਸ਼ੁਰੂ ਹੋ ਗਈ ਹੈ। ਪਾਰਟੀ ਦਾ ਨਵਾਂ ਪ੍ਰਧਾਨ ਲਾਉਣ ਲਈ ਐੱਚ.ਐੱਸ. ਲੱਕੀ, ਪਵਨ ਸ਼ਰਮਾ, ਦੀਪਾ ਦੂਬੇ, ਕਮਲੇਸ਼ ਬਨਾਰਸੀਦਾਸ ਤੇ ਭੁਪਿੰਦਰ ਸਿੰਘ ਬਡਹੇੜੀ ਦੇ ਨਾਵਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਕਿਸ ਆਗੂ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਸੌਂਪਦੀ ਹੈ। ਉੱਧਰ, ਇਸ ਅਹੁਦੇ ’ਤੇ ਕਾਬਜ਼ ਹੋਣ ਲਈ ਕਈ ਆਗੂ ਵੀ ਵਿਸ਼ੇਸ਼ ਦਿਲਚਸਪੀ ਲੈ ਰਹੇ ਹਨ, ਜਿਨ੍ਹਾਂ ਨੇ ਆਪਣੇ ਪੱਧਰ ’ਤੇ ਜੋੜ-ਤੋੜ ਸ਼ੁਰੂ ਕਰ ਦਿੱਤਾ ਹੈ।