ਹਰਜੀਤ ਸਿੰਘ
ਜ਼ੀਰਕਪੁਰ, 7 ਮਾਰਚ
ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅਤੇ ਇਸ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅੱਜ ਪਟਿਆਲਾ ਚੌਕ ਵਿੱਚ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਖੇਤਰ ਦੀਆ ਸ੍ਰੀ ਸੁਖਮਣੀ ਸੁਸਾਇਟੀਆਂ ਦੀਆਂ ਬੀਬੀਆਂ ਦੇ ਸੱਦੇ ’ਤੇ ਅੱਜ ਇਹ ਪਾਠ ਕਰਵਾਏ ਗਏ ਸਨ। ਇਸ ਤੋਂ ਪਹਿਲਾਂ ਵੀ ਸੁੱਖਮਣੀ ਸੁਸਾਇਟੀ ਦੀਆ ਬੀਬੀਆਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ਹਿਰ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ ਸੀ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰਬਾਜ਼ੀ ਕਰਦੇ ਹੋਏ ਸਰਕਾਰ ਦਾ ਪਿੱਟ ਸਿਆਪਾ ਕੀਤਾ ਸੀ। ਸੁਸਾਇਟੀ ਦੀਆਂ ਬੀਬੀਆਂ ਦੇ ਸੱਦੇ ’ਤੇ ਬਾਦਲ ਕਲੋਨੀ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੀ ਸੰਗਤ ਵੱਲੋਂ ਪਟਿਆਲਾ ਚੌਕ ਵਿੱਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਤੇ ਦਿੱਲੀ ਵਿੱਚ 100 ਦਿਨ ਤੋਂ ਵੱਧ ਸਮੇਂ ਤੋਂ ਧਰਨੇ ’ਤੇ ਬੈਠੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਗੁਰਿੰਦਰ ਸਿੰਘ ਸੰਧੂ, ਗੁਰਵਿੰਦਰ ਸਿੰਘ, ਰਘੁਬੀਰ ਸਿੰਘ, ਇਕਬਾਲ ਸਿੰਘ ਰੰਧਾਵਾ, ਬਲਵੰਤ ਸਿੰਘ, ਹਰਬੰਸ ਸਿੰਘ ਨੇ ਕਿਹਾ ਕਿ ਪਾਠ ਕਿਸਾਨ ਮੋਰਚੇ ਦੀ ਚੜ੍ਹਦੀ ਕਲਾ ਅਤੇ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਕਰਵਾਏ ਗਏ ਹਨ। ਇਸ ਮੌਕੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਜੇਕਰ ਕਿਸੇ ਦੇ ਸੰਦ ਜਾਂ ਕਿਸੇ ਹੋਰ ਪ੍ਰਕਾਰ ਦਾ ਨੁਕਸਾਨ ਹੁੰਦਾ ਹੈ ਤਾਂ ਉਹ ਸਾਡੇ ਨਾਲ ਸੰਪਰਕ ਕਰ ਸਕਦਾ ਹੈ ਅਸੀਂ ਆਪਣੀ ਵਿਤ ਅਨੁਸਾਰ ਉਸ ਦੀ ਮਦਦ ਕਰਾਂਗੇ। ਇਸ ਮੌਕੇ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ।