ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਾਣੀ ਵਧਣ ਤੋਂ ਬਾਅਦ ਸੁਖਨਾ ਦੇ ਫਲੱਡ ਗੇਟ ਖੋਲ੍ਹੇ

ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ
Advertisement

 

ਚੰਡੀਗੜ੍ਹ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਪੈ ਰਹੇ ਮੀਂਹ ਕਰਕੇ ਸੁਖਨਾ ਝੀਲ ਵਿੱਚ ਮੁੜ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ’ਤੇ ਪਹੁੰਚ ਗਿਆ ਹੈ। ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ’ਤੇ ਪਹੁੰਚਣ ਕਰਕੇ ਯੂਟੀ ਪ੍ਰਸ਼ਾਸਨ ਨੂੰ ਸੀਜ਼ਨ ਵਿੱਚ ਤੀਜੀ ਵਾਰ 15 ਅਗਸਤ ਨੂੰ ਸ਼ਾਮ 7 ਵਜੇ ਦੇ ਕਰੀਬ ਸੁਖਨਾ ਝੀਲ ਦੇ ਰੈਗੂਲੇਟਰੀ ਐਂਡ ’ਤੇ ਸਥਿਤ ਇਕ ਫਲੱਡ ਗੇਟ ਖੋਲ੍ਹਣਾ ਪਿਆ। ਇਸ ਦੌਰਾਨ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ’ਤੇ 1163 ਫੁੱਟ ’ਤੇ ਪਹੁੰਚ ਗਿਆ ਹੈ, ਪਰ ਪਿਛੇ ਪਾਣੀ ਦਾ ਆਮਦ ਘੱਟ ਹੋਣ ਕਰਕੇ ਯੂਟੀ ਪ੍ਰਸ਼ਾਸਨ ਨੇ ਇਹ ਗੇਟ ਸਿਰਫ਼ ਚਾਰ ਇੰਚ ਲਈ ਖੋਲ੍ਹਿਆ। ਪ੍ਰਸ਼ਾਸਨ ਨੇ 8 ਘੰਟੇ ਬਾਅਦ 16 ਅਗਸਤ ਨੂੰ ਤੜਕੇ ਤਿੰਨ ਵਜੇ ਫਲੱਡ ਗੇਟ ਨੂੰ ਬੰਦ ਕਰ ਦਿੱਤਾ। ਇਸ ਦੌਰਾਨ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ 1162.5 ਫੁੱਟ ਸੀ। ਇਹ ਵੀ ਖਤਰੇ ਦੇ ਨਿਸ਼ਾਨ ਤੋਂ ਸਿਰਫ਼ ਅੱਧਾ ਫੁੱਟ ਹੇਠਾਂ ਸੀ। ਸੁਖਨਾ ਝੀਲ ਵਿੱਚ ਖਤਰੇ ਦਾ ਨਿਸ਼ਾਨ 1163 ਫੁੱਟ ’ਤੇ ਹੈ। ਸਿਟੀ ਬਿਊਟੀਫੁੱਲ ਵਿੱਚ ਲੰਘੇ ਦਿਨ ਪਏ ਮੀਂਹ ਕਰਕੇ ਸ਼ਹਿਰ ਦਾ ਮੌਸਮ ਖੁਸ਼ਗਵਾਰ ਹੋ ਗਿਆ ਸੀ। ਇਸ ਦੌਰਾਨ ਸ਼ਹਿਰ ਵਿੱਚ ਲੰਘੇ ਦਿਨ 8.2 ਐੱਮਐੱਮ ਮੀਂਹ ਪਿਆ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 33.5 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 25.8 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਜੋ ਕਿ ਆਮ ਦੇ ਬਰਾਬਰ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵਿਗਿਆਨੀਆਂ ਨੇ ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨ 17, 18 ਤੇ 19 ਅਗਸਤ ਨੂੰ ਰੁਕ-ਰੁਕ ਕੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।

Advertisement

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ ਲੰਘੇ ਦਿਨ ਸੀਜ਼ਨ ਵਿੱਚ ਤੀਜੀ ਵਾਰ ਫਲੱਡ ਗੇਟ ਖੋਲ੍ਹੇ ਗਏ ਹਨ। ਇਸ ਤੋਂ ਪਹਿਲਾਂ ਦੋ ਵਾਰ ਸੁਖਨਾ ਝੀਲ ਦਾ ਇਕ-ਇਕ ਫਲੱਡ ਗੇਟ ਖੋਲ੍ਹਿਆ ਗਿਆ ਸੀ, ਜੋ ਕਿ ਕੁਝ ਸਮੇਂ ਬਾਅਦ ਬੰਦ ਕਰ ਦਿੱਤਾ ਸੀ। ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸੁਖਨਾ ਝੀਲ ’ਤੇ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ। ਜੇਕਰ ਸੁਖਨਾ ਝੀਲ ਵਿੱਚ ਮੁੜ ਤੋਂ ਪਾਣੀ ਦਾ ਪੱਧਰ ਵਧਦਾ ਹੈ ਤਾਂ ਫਲੱਡ ਗੇਟ ਫੇਰ ਖੋਲ੍ਹ ਦਿੱਤੇ ਜਾਣਗੇ।

 

Advertisement