ਸੁਨੀਲ ਜਾਖੜ ਵੱਲੋਂ ‘ਆਪ’ ਆਗੂ ਮਨੀਸ਼ ਸਿਸੋਦੀਆ ਖ਼ਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਖ਼ਿਲਾਫ਼ ਭਾਰਤੀ ਚੋਣ ਕਮਿਸ਼ਨ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਸ਼ਿਕਾਇਤ ਕੀਤੀ ਹੈ। ਇਸ ਸ਼ਿਕਾਇਤ ਵਿੱਚ ਜਾਖੜ ਨੇ ਮਨੀਸ਼ ਸਿਸੋਦੀਆ ਖ਼ਿਲਾਫ਼ ਸੂਬੇ ਦੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਸਬੰਧੀ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
ਜਾਖੜ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਆਜ਼ਾਦੀ ਦਿਹਾੜੇ ਤੋਂ ਪਹਿਲੇ ਦਿਨ ਮਨੀਸ਼ ਸਿਸੋਦੀਆ ਦੀ ਇੱਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਉਹ ਪਾਰਟੀ ਵਰਕਰਾਂ ਨੂੰ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ 'ਸਾਮ, ਦਾਮ, ਦੰਡ, ਭੇਦ' ਸਣੇ ਹਰ ਚੰਗਾ-ਮਾੜਾ ਹੀਲਾ ਵਰਤਣ ਲਈ ਉਤਸ਼ਾਹਿਤ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਇਸ ਤਰ੍ਹਾਂ ਜਿੱਥੇ ਪੰਜਾਬ ਦੀ ਜਮਹੂਰੀਅਤ ਲਈ ਖ਼ਤਰਾ ਖੜ੍ਹਾ ਕਰ ਰਹੇ ਹਨ, ਉੱਥੇ ਹੀ ਸੂਬੇ ਦੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਵੀ ਖਰਾਬ ਕਰਨਾ ਦੀ ਕੋਸ਼ਿਸ਼ ਕਰ ਰਹੇ ਹਨ।
ਜਾਖੜ ਨੇ ਮੰਗ ਕੀਤੀ ਕਿ ਮਨੀਸ਼ ਸਸੋਦੀਆ ਵਿਰੁੱਧ ਫ਼ੌਰੀ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਕਿ ਸੂਬੇ ਵਿੱਚ ਅਜਿਹੀ ਕਿਸੇ ਵੀ ਮਾੜੀ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।