ਸਫ਼ਾਈ ਕਾਮੇ ‘ਕਾਲੀ ਦੀਵਾਲੀ’ ਮਨਾਊਣ ਦੇ ਰੌਂਅ ਵਿੱਚ

ਸਫ਼ਾਈ ਕਾਮੇ ‘ਕਾਲੀ ਦੀਵਾਲੀ’ ਮਨਾਊਣ ਦੇ ਰੌਂਅ ਵਿੱਚ

ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਦੌਰਾਨ ਨਾਅਰੇਬਾਜ਼ੀ ਕਰਦੀਆਂ ਹੋਈਆਂ ਮਹਿਲਾ ਸਫ਼ਾਈ ਮੁਲਾਜ਼ਮਾਂ। -ਫਾਈਲ ਫੋਟੋ

ਮੁਕੇਸ਼ ਕੁਮਾਰ
ਚੰਡੀਗੜ੍ਹ, 30 ਅਕਤੂਬਰ

ਇਥੇ ਸਫ਼ਾਈ ਕਰਮਚਾਰੀਆਂ ਲਈ ਜੀਪੀਐੱਸ ਘੜੀਆਂ ਬੰਨ੍ਹਣੀਆਂ ਲਾਜ਼ਮੀ ਹਨ ਤੇ ਨਗਰ ਨਿਗਮ ਦੀ ਲੰਘੇ ਦਿਨ ਹੋਈ ਹਾਊਸ ਮੀਟਿੰਗ ਵਿੱਚ ਇਨ੍ਹਾਂ ਘੜੀਆਂ ਸਬੰਧੀ ਹੁਕਮਾਂ ਨੂੰ ਰੱਦ ਕਰਨ ਲਈ ਠੋਸ ਫੈਸਲਾ ਨਾ ਹੋਣ ਕਾਰਨ ਸਫ਼ਾਈ ਕਾਮੇ ਰੋਹ ਵਿੱਚ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੀਪੀਐੱਸ ਘੜੀਆਂ ਦੇ ਮੁੱਦੇ ਸਮੇਤ ਹੋਰਨਾਂ ਮੰਗਾਂ ਨੂੰ ਲੈਕੇ ਊਨ੍ਹਾਂ ਨੇ ਅਣਮਿਥੇ ਸਮੇਂ ਲਈ ਹੜਤਾਲ ਕੀਤੀ ਸੀ ਤੇ ਨਿਗਮ ਵੱਲੋਂ ਇਹ ਭਰੋਸਾ ਦੇ ਕੇ ਹੜਤਾਲ ਤੁੜਵਾਈ ਗਈ ਸੀ ਕਿ 29 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਇਨ੍ਹਾਂ ਮੰਗਾਂ ਸਬੰਧੀ ਪ੍ਰਸਤਾਵ ਲਿਆ ਕੇ ਠੋਸ ਫੈਸਲਾ ਲਿਆ ਜਾਵੇਗਾ। ਸਫ਼ਾਈ ਕਾਮਿਆਂ ਨੇ ਦੋਸ਼ ਲਗਾਇਆ ਕਿ ਅਜਿਹਾ ਕੁਝ ਨਹੀਂ ਹੋਇਆ।  ਉਨ੍ਹਾਂ ਕਿਹਾ ਕਿ ਨਗਰ ਨਿਗਮ ਪ੍ਰਸ਼ਾਸਨ ਸਮੇਤ ਭਾਜਪਾ ਤੇ ਕਾਂਗਰਸੀ ਕੌਂਸਲਰਾਂ ਨੇ ਊਨ੍ਹਾਂ ਨਾਲ ਧੋਖਾ ਕੀਤਾ ਹੈ ਤੇ ਊਹ ਇਸ ਵਾਰ ਕਾਲੀ ਦੀਵਾਲੀ ਮਨਾਊਣਗੇ।

ਨਗਰ ਨਿਗਮ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਚੱਢਾ ਅਤੇ ਜਨਰਲ ਸਕੱਤਰ ਓਮ ਪਾਲ ਚੰਵਰ ਨੇ ਕਿਹਾ ਕਿ ਸ਼ਨਿਚਰਵਾਰ ਨੂੰ ਯੂਨੀਅਨ ਦੀ ਐਮਰਜੈਂਸੀ ਮੀਟਿੰਗ ਸੱਦੀ ਗਈ ਹੈ ਤੇ ਅਗਲੇ ਸੰਘਰਸ਼ ਦੀ ਵਿਉਂਤਬੰਦੀ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਸ਼ਹਿਰ ਦੀਆਂ ਸਾਰੀਆਂ ਟਰੇਡ ਯੂਨੀਅਨਾਂ ਦੇ ਅਹੁਦੇਦਾਰਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ। ਯੂਨੀਅਨ ਵਲੋਂ ਇਸ ਸਾਲ ‘ਕਾਲੀ ਦੀਵਾਲੀ’ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਚੱਢਾ ਨੇ ਕਿਹਾ ਕਿ ਸਫ਼ਾਈ ਕਰਮਚਾਰੀ 23 ਅਕਤੂਬਰ ਤੋਂ ਹੜਤਾਲ ’ਤੇ ਸਨ ਪਰ 26 ਅਕਤੂਬਰ ਨੂੰ  ਚੰਡੀਗੜ੍ਹ ਭਾਜਪਾ ਪ੍ਰਧਾਨ ਅਰੁਣ ਸੂਦ ਸਮੇਤ ਹੋਰ ਕਈ ਕੌਂਸਲਰਾਂ ਨੇ ਨਿਗਮ ਹਾਊਸ ਮੀਟਿੰਗ ਵਿੱਚ ਮੰਗਾਂ ਬਾਰੇ ਪ੍ਰਸਤਾਵ ਪੇਸ਼ ਕਰਕੇ ਇਨ੍ਹਾਂ ਮੰਗਾਂ ਨੂੰ ਮੰਨਣ ਦਾ ਭਰੋਸਾ ਦਿੱਤਾ ਸੀ ਪਰ ਅਜਿਹਾ ਨਹੀਂ ਹੋਇਆ। ਊਨ੍ਹਾਂ ਕਿਹਾ ਕਿ ਘੜੀਆਂ ਦੇ ਮਾਮਲੇ ਵਿੱਚ ਤਿੰਨ-ਮੈਂਬਰੀ ਕਮੇਟੀ ਬਣਾ ਕੇ ਇਸ ਮਾਮਲੇ ਨੂੰ ਲਟਕਾਉਣ ਦਾ ਯਤਨ ਕੀਤਾ ਗਿਆ ਹੈ। 

ਸਫ਼ਾਈ ਕਰਮਚਾਰੀਆਂ ਦੀ ਯੂਨੀਅਨ ਨੇ ਸਮਾਰਟ ਘੜੀਆਂ ਸਬੰਧੀ ਫੈਸਲਾ ਰੱਦ ਕਰਨ ਸਮੇਤ ਹੋਰ ਮੰਗਾਂ ਸਬੰਧੀ 23 ਅਕਤੂਬਰ ਤੋਂ ਅਣਮਿਥੇ ਸਮੇਂ ਲਈ ਕੰਮ ਛੋੜ ਹੜਤਾਲ ਸ਼ੁਰੂ ਕੀਤੀ ਸੀ। ਸ਼ਹਿਰ ਵਿੱਚ ਡੋਰ-ਟੂ-ਡੋਰ ਗਾਰਬੇਜ ਕੁਲੈਕਟਰਾਂ ਨੇ ਵੀ ਇਸ ਹੜਤਾਲ ਦਾ ਸਮਰਥਨ ਕਰਦਿਆਂ ਆਪਣੀਆਂ ਮੰਗਾਂ ਸ਼ਾਮਲ ਕੀਤੀਆਂ ਸਨ। 26 ਅਕਤੂਬਰ ਨੂੰ ਸਫ਼ਾਈ ਕਰਮਚਾਰੀਆਂ ਨਾਲ ਨਿਗਮ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਨੇ ਮੀਟਿੰਗ ਕਰ ਕੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਪਰ ਹਾਊਸ ਮੀਟਿੰਗ ਵਿੱਚ  ਮਾਮਲਾ ਸਿਰੇ ਨਹੀਂ ਚੜ੍ਹਿਆ। ਇਸ ਕਾਰਨ ਸਫ਼ਾਈ ਕਰਮਚਾਰੀ ਮੁੜ ਸੰਘਰਸ਼ ਕਰਨ ਦੇ ਰੌਂਅ ਵਿੱਚ ਹਨ।

ਸਫ਼ਾਈ ਵਿਵਸਥਾ ਵਿੱਚ ਘੜੀਆਂ ਦਾ ਕੋਈ ਯੋਗਦਾਨ ਨਹੀਂ: ਯੂਨੀਅਨ ਆਗੂ

ਯੂਨੀਅਨ ਦੇ ਜਨਰਲ ਸਕੱਤਰ ਓਮ ਪਾਲ ਚੰਵਰ ਨੇ ਜੀਪੀਐੱਸ ਘੜੀਆਂ ਬਾਰੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਵਿੱਚ ਇਨ੍ਹਾਂ ਘੜੀਆਂ ਦਾ ਕੋਈ ਰੋਲ ਨਹੀਂ ਹੈ। ਜਦੋਂ ਇਹ ਘੜੀਆਂ ਨਹੀਂ ਸਨ ਤਾਂ ਵੀ ਚੰਡੀਗੜ੍ਹ ਸਫ਼ਾਈ ਦੇ ਮਾਮਲੇ ਵਿੱਚ ਮੋਹਰੀ ਸੀ। ਊਨ੍ਹਾਂ ਕਿਹਾ ਕਿ ਜੀਪੀਐੱਸ ਘੜੀਆਂ ਸਫ਼ਾਈ ਕਰਮਚਾਰੀਆਂ ਦੀ ਸਿਹਤ ’ਤੇ ਮਾੜਾ ਅਸਰ ਪਾ ਰਹੀਆਂ ਹਨ। ਇਸੇ ਦੌਰਾਨ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਚੱਢਾ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਇਮਾਨਦਾਰੀ ਨਾਲ ਡਿਊਟੀ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਮੰਗਾਂ ਵਿਚਾਰਨ ਲਈ ਬਣਾਈ ਜਾਣ ਵਾਲੀ ਕਮੇਟੀ ਵਿੱਚ ਸਫ਼ਾਈ ਕਰਮਚਾਰੀਆਂ ਦੇ ਵੀ ਮੈਂਬਰ ਲਏ ਜਾਣ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All