ਹਰਜੀਤ ਸਿੰਘ
ਜ਼ੀਰਕਪੁਰ, 3 ਦਸੰਬਰ
ਮੰਗਾਂ ਨੂੰ ਲੈ ਕੇ ਡੇਰਾਬੱਸੀ ਅਤੇ ਜ਼ੀਰਕਪੁਰ ਸਫ਼ਾਈ ਸੇਵਕਾਂ ਦੀ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਹੜਤਾਲ ਕੌਂਸਲ ਪ੍ਰਧਾਨਾਂ ਦੇ ਭਰੋਸੇ ਮਗਰੋਂ ਅੱਜ ਸਮਾਪਤ ਹੋ ਗਈ ਹੈ। ਜ਼ੀਰਕਪੁਰ ਕੌਂਸਲ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਅਤੇ ਡੇਰਾਬੱਸੀ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਰੈਡੀ ਨੇ ਪੰਜ ਦਿਨਾਂ ਤੋਂ ਹੜਤਾਲ ’ਤੇ ਬੈਠੇ ਸਫ਼ਾਈ ਸੇਵਕਾਂ ਨੂੰ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ ਦਿਵਾ ਕੇ ਜੂਸ ਪਿਲਾ ਕੇ ਹੜਤਾਲ ਖ਼ਤਮ ਕਰਵਾਈ। ਸਫ਼ਾਈ ਕਾਮਿਆਂ ਦੀ ਹੜਤਾਲ ਕਾਰਨ ਤਿੰਨੇ ਸ਼ਹਿਰਾਂ ਵਿੱਚ ਗੰਦਗੀ ਦੇ ਢੇਰ ਲੱਗ ਗਏ ਸਨ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸਫ਼ਾਈ ਯੂਨੀਅਨ ਦੇ ਅਹੁਦੇਦਾਰਾਂ ਨਾਲ ਹੋਈ ਮੀਟਿੰਗ ਵਿੱਚ ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ, ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਰਣਜੀਤ ਸਿੰਘ ਰੈਡੀ ਅਤੇ ਲਾਲੜੂ ਕੌਂਸਲ ਦੀ ਪ੍ਰਧਾਨ ਬਿੰਦੂ ਰਾਣਾ ਦੇ ਪਤੀ ਮੁਕੇਸ਼ ਰਾਣਾ ਹਾਜ਼ਰ ਸਨ। ਮੀਟਿੰਗ ਦੌਰਾਨ ਪੰਜਾਬ ਏਟਕ ਦੇ ਮੀਤ ਪ੍ਰਧਾਨ ਵਿਨੋਦ ਚੁੰਗ ਵੀ ਮੌਜੂਦ ਸਨ।
ਸ੍ਰੀ ਢਿੱਲੋਂ ਨੇ ਕਿਹਾ ਕਿ ਸਫ਼ਾਈ ਕਰਮੀ ਸ਼ਹਿਰ ਦਾ ਅਹਿਮ ਹਿੱਸਾ ਹਨ, ਪਰ ਇਹ ਕੈਬਨਿਟ ਪੱਧਰ ਦਾ ਫ਼ੈਸਲਾ ਸੀ। ਇਸ ਲਈ ਇਹ ਸਥਾਨਕ ਆਗੂਆਂ ਦੇ ਹੱਥ-ਵੱਸ ਨਹੀਂ ਸੀ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਿੱਤੇ ਭਰੋਸੇ ਮਗਰੋਂ ਸਫ਼ਾਈ ਕਰਮੀਆਂ ਵੱਲੋਂ ਹੜਤਾਲ ਖ਼ਤਮ ਕਰਨ ਨਾਲ ਸ਼ਹਿਰ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਹੈ।
ਸ੍ਰੀ ਢਿੱਲੋਂ ਨੇ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਕਿ ਜ਼ੀਰਕਪੁਰ, ਡੇਰਾਬੱਸੀ ਅਤੇ ਲਾਲੜੂ ਨਗਰ ਕੌਸਲਾਂ ਅਧੀਨ ਕੰਮ ਕਰਦੇ ਸਫ਼ਾਈ ਕਰਮਚਾਰੀ ਨੂੰ ਆਉਣ ਵਾਲੇ ਹਫ਼ਤੇ ਦੌਰਾਨ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ। ਦਫ਼ਤਰ ਵਿੱਚ ਕੰਮ ਕਰਦੇ ਕਰਮਚਾਰੀਆਂ ਦੀ ਮੰਗ ਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਵੀ ਇਨਸਾਫ਼ ਦਿੱਤਾ ਜਾਵੇਗਾ। ਸਮਝੌਤੇ ਅਨੁਸਾਰ ਇਹ ਵੀ ਭਰੋਸਾ ਦਿਵਾਇਆ ਗਿਆ ਹੈ ਕਿ ਜੋ ਕਰਮਚਾਰੀ ਓਵਰ ਏਜ ਹੋ ਗਏ ਹਨ ਉਹ ਕਿਰਤੀ ਵੀ ਕੰਮ ਕਰਦੇ ਰਹਿਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਆਉਟਸੋਰਸ ਰਾਹੀਂ ਭਰਤੀ ਉਨ੍ਹਾਂ ਦੇ ਪਰਿਵਾਰ ਵਿੱਚੋਂ ਹੀ ਕੀਤੀ ਜਾਵੇਗੀ। ਸਫ਼ਾਈ ਕਰਮਚਾਰੀਆਂ ਦੇ ਆਗੂਆਂ ਵੱਲੋਂ ਕੀਤੇ ਗਏ ਸਮਝੌਤੇ ਮੁਤਾਬਕ ਸ਼ਨਿੱਚਰਵਾਰ ਤੋਂ ਸਾਰੇ ਕਰਮਚਾਰੀ ਆਪਣੇ-ਆਪਮ ਤੇ ਵਾਪਸ ਜਾਣਗੇ ਅਤੇ ਆਪਣਾ ਕੰਮ ਇਮਾਨਦਾਰੀ ਨਾਲ ਕਰਨਗੇ।