ਖੇਤਰੀ ਪ੍ਰਤੀਨਿਧ
ਐੱਸ.ਏ.ਐੱਸ. ਨਗਰ (ਮੁਹਾਲੀ), 16 ਸਤੰਬਰ
ਏਡੀਜੀਪੀ ਅਰਪਿਤ ਸ਼ੁਕਲਾ (ਅਮਨ ਤੇ ਕਾਨੂੰਨ) ਨੇ ਇੱਥੋਂ ਦੇ ਪੀਸੀਏ ਸਟੇਡੀਅਮ ਵਿੱਚ 20 ਸਤੰਬਰ ਨੂੰ ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਹੋਣ ਵਾਲੇ ਕ੍ਰਿਕਟ ਮੈਚ ਲਈ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਡੀਆਈਜੀ ਰੂਪਨਗਰ ਰੇਂਜ, ਗੁਰਪ੍ਰੀਤ ਸਿੰਘ ਭੁੱਲਰ, ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਜ਼ਿਲ੍ਹਾ ਪੁਲੀਸ ਮੁਖੀ ਵਿਵੇਕਸ਼ੀਲ ਸੋਨੀ ਅਤੇ ਹੋਰ ਪੁਲੀਸ ਅਧਿਕਾਰੀ ਮੌਜੂਦ ਸਨ।
ਸ੍ਰੀ ਸ਼ੁਕਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕ੍ਰਿਕਟ ਮੈਚ ਲਈ ਸੁਰੱਖਿਆ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਟੀ-20 ਮੈਚ ਦੀ ਸੁਰੱਖਿਆ ਵਿੱਚ 12 ਐੱਸ.ਪੀ, 36 ਡੀ.ਐੱਸ.ਪੀ, 52 ਇੰਸਪੈਕਟਰ ਅਤੇ 1500 ਤੋਂ ਵੱਧ ਪੁਲੀਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਟੀ-20 ਮੈਚ ਦੀ ਇਲੈਕਟ੍ਰਾਨਿਕ ਸਕਿਉਰਟੀ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੁਰੱਖਿਆ ਪੱਖੋਂ 105 ਸੀਸੀਟੀਵੀ ਕੈਮਰੇ, 10 ਚਿਹਰਾ ਪਛਾਨਣ ਵਾਲੇ ਕੈਮਰੇ ਅਤੇ 12 ਚੌਕ ਕਰਾਸਿੰਗ ਕੈਮਰੇ ਲਗਾਏ ਗਏ ਹਨ। ਇਹ ਸਾਰੇ ਲੋੜੀਂਦੇ ਆਟੋਮੈਟਿਕ ਇਲੈਕਟ੍ਰਾਨਿਕ ਯੰਤਰ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਸਟੇਡੀਅਮ ਅੰਦਰ ਕਿਸੇ ਤਰ੍ਹਾਂ ਦੀ ਵੀ ਇਤਰਾਜ਼ਯੋਗ ਸਮੱਗਰੀ ਦੀ ਐਂਟਰੀ ’ਤੇ ਪੂਰਨ ਰੋਕ ਹੋਵੇਗੀ।
ਉਨ੍ਹਾਂ ਦੱਸਿਆ ਕਿ ਸਟੇਡੀਅਮ ਦੇ ਨੇੜਲੇ ਸਥਾਨ ਦਾ ਟਰੈਫਿਕ ਪਲੈਨ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦਰਸ਼ਕਾਂ ਦੀਆਂ ਗੱਡੀਆਂ ਲਈ ਪਾਰਕਿੰਗ ਦਾ ਪ੍ਰਬੰਧ ਵੀ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਟੇਡੀਅਮ ਦੇ ਨਜ਼ਦੀਕ ਰਹਿੰਦੇ ਲੋਕਾਂ ਨੂੰ ਵੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੌਕੇ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਪੁਲੀਸ ਪ੍ਰਸ਼ਾਸਨ ਨਾਲ 112 ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ, ਜਿਸ ਤੇ ਹਰ ਵੇਲੇ ਲੋੜੀਂਦੀ ਸਹਾਇਤਾ ਉਪਲੱਬਧ ਹੋਵੇਗੀ।
ਡੀਸੀ ਨੇ ਕੀਤੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ
ਮੁਹਾਲੀ (ਪੱਤਰ ਪ੍ਰੇਰਕ): ਇੱਥੋਂ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਇੱਥੋਂ ਦੇ ਫੇਜ਼-9 ਸਥਿਤ ਪੀਸੀਏ ਸਟੇਡੀਅਮ ਵਿੱਚ 20 ਸਤੰਬਰ ਨੂੰ ਹੋਣ ਵਾਲੇ ਭਾਰਤ ਬਨਾਮ ਆਸਟ੍ਰੇਲੀਆ ਦੇ ਪਹਿਲੇ ਅੰਤਰਰਾਸ਼ਟਰੀ ਟੀ-20 ਕ੍ਰਿਕਟ ਮੈਚ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕ੍ਰਿਕਟ ਮੈਚ ਦੌਰਾਨ ਦਰਸ਼ਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਹਦਾਇਤਾਂ ਜਾਰੀ ਕੀਤੀਆਂ। ਤਲਵਾੜ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁਹਾਲੀ ਵਿੱਚ ਹੋਣ ਜਾ ਰਹੇ ਭਾਰਤ-ਆਸਟ੍ਰੇਲੀਆ ਦੇ ਪਹਿਲੇ ਟੀ-20 ਕ੍ਰਿਕਟ ਮੈਚ ਦੇ ਪ੍ਰਬੰਧਾਂ ਵਿੱਚ ਕੋਈ ਕੁਤਾਹੀ ਨਾ ਵਰਤੀ ਜਾਵੇ।