ਆਤਿਸ਼ ਗੁਪਤਾ
ਚੰਡੀਗੜ੍ਹ, 7 ਅਕਤੂਬਰ
ਇਥੋਂ ਦੇ ਸੈਕਟਰ-10 ਵਿੱਚ ਅੱਜ ਸਵੇਰੇ ਮਹਿਲਾ ਬ੍ਰਿਟਿਸ਼ ਸਫੀਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਛੇੜਛਾੜ ਕੀਤੀ। ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਮਹਿਲਾ ਅਧਿਕਾਰੀ ਸੈਰ ਕਰ ਰਹੀ ਸੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸੈਕਟਰ-3 ਦੀ ਪੁਲੀਸ ਹਰਕਤ ਵਿੱਚ ਆ ਗਈ ਅਤੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਮਾਮਲੇ ਬ੍ਰਿਟਿਸ਼ ਸਫੀਰ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਉਹ ਸੈਕਟਰ 9-ਏ ਵਿੱਚ ਰਹਿੰਦੀ ਹੈ ਅਤੇ ਰੋਜ਼ਾਨਾ ਦੀ ਤਰ੍ਹਾਂ ਸਵੇਰ ਵੇਲੇ ਸੈਰ ਕਰਨ ਜਾ ਰਹੀ ਸੀ। ਉਹ ਸੈਕਟਰ-10 ’ਚ ਚੰਡੀਗੜ੍ਹ ਲਾਅਨ ਟੈਨਿਸ ਐਸੋਸੀਏਸ਼ਨ ਦੇ ਗਰਾਊਂਡ ਵੱਲ ਮੁੜ ਗਈ। ਇਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਸ ਦੇ ਆਸਪਾਸ ਦੋ-ਤਿੰਨ ਗੇੜੇ ਮਾਰੇ ਅਤੇ ਉਸ ਨਾਲ ਛੇੜਛਾੜ ਕੀਤੀ। ਬ੍ਰਿਟਿਸ਼ ਮਹਿਲਾ ਅਧਿਕਾਰੀ ਨੇ ਨੌਜਵਾਨਾਂ ਦਾ ਵਿਰੋਧ ਕੀਤਾ। ਇਸ ਤੋਂ ਬਾਅਦ ਛੇੜਛਾੜ ਕਰਨ ਵਾਲੇ ਨੌਜਵਾਨ ਫ਼ਰਾਰ ਹੋ ਗਏ।
ਥਾਣਾ ਸੈਕਟਰ-3 ਦੀ ਪੁਲੀਸ ਨੇ ਇਸ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਨੌਜਵਾਨਾਂ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 354 ਅਤੇ 354-ਏ ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਮੁੱਢਲੀ ਜਾਂਚ ਦੌਰਾਨ ਘਟਨਾ ਵਾਲੀ ਥਾਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਹੈ। ਪੁਲੀਸ ਨੇ ਇਸ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕਰਨ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।