ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 2 ਜੁਲਾਈ
ਜ਼ਿਲ੍ਹਾ ਮੁਹਾਲੀ ਵਿੱਚ ਜੰਗਲਾਤ ਖੇਤਰ ਨੂੰ ਵਧਾਉਣ ਅਤੇ ਨਾਗਰਿਕਾਂ ਵਿੱਚ ਹਰਿਆਵਲ ਪ੍ਰਤੀ ਚੇਤਨਾ ਪੈਦਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਆਰੰਭੀ ਗਈ। ਪਹਿਲੇ ਦਿਨ ਦਿਹਾਤੀ ਖੇਤਰ ਵਿੱਚ ਵੱਖ-ਵੱਖ ਸ਼੍ਰੇਣੀਆਂ ਦੇ 17000 ਅਤੇ ਸ਼ਹਿਰੀ ਖੇਤਰ ਵਿੱਚ 3350 ਬੂਟੇ ਲਗਾਏ ਗਏ। ਇਹ ਜਾਣਕਾਰੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ‘ਆਜ਼ਾਦੀ ਕਾ 75 ਅੰਮ੍ਰਿਤ ਮਹਾਂਉਤਸਵ’ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰੀ ਖੇਤਰ ਦੀ ਹੱਦ ਅੰਦਰ 75 ਨਾਨਕ ਬਗੀਚੀਆਂ ਸਥਾਪਤ ਕਰਨ ਦਾ ਫ਼ੈਸਲਾ ਲਿਆ ਹੈ। ਇਹ 75 ਨਾਨਕ ਬਗੀਚੀਆਂ 15 ਅਗਸਤ ਤੱਕ ਸਥਾਪਤ ਕਰ ਦਿੱਤੀਆਂ ਜਾਣਗੀਆਂ।
ਸ੍ਰੀ ਤਲਵਾੜ ਨੇ ਦੱਸਿਆ ਕਿ ਇਸ ਬਰਸਾਤ ਦੇ ਮੌਸਮ ਦੌਰਾਨ ਦੋ ਲੱਖ ਬੂਟੇ ਲਗਾਉਣ ਦਾ ਟੀਚਾ ਰੱਖਦਿਆਂ ਜ਼ਿਲ੍ਹੇ ਭਰ ਦੇ ਵੱਖ-ਵੱਖ ਪਿੰਡਾਂ ਵਿੱਚ 17000 ਬੂਟੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਦਿਹਾਤੀ ਖੇਤਰ ਵਿੱਚ ਇਹ ਬੂਟੇ ਪਿੰਡ ਦੀ ਸਾਂਝੀ ਜ਼ਮੀਨ ’ਤੇ ਲਗਾਏ ਗਏ ਹਨ ਜਦੋਂਕਿ ਅਜਿਹੀ ਸ਼ਾਮਲਾਟ ਜ਼ਮੀਨ ’ਤੇ ਵੀ ਬੂਟੇ ਲਾਏ ਜਾਣਗੇ ਜਿਨ੍ਹਾਂ ਦੀ ਅਜੇ ਨਿਲਾਮੀ ਨਹੀਂ ਹੋਈ ਹੈ। ਇਸ ਤੋਂ ਇਲਾਵਾ 50,000 ਥਾਵਾਂ ’ਤੇ ਟੋਏ ਪੁੱਟੇ ਗਏ ਹਨ, ਜਿੱਥੇ ਆਉਣ ਵਾਲੇ ਦਿਨਾਂ ਵਿੱਚ ਬੂਟੇ ਲਗਾਏ ਜਾਣਗੇ।
ਜ਼ਿਲ੍ਹਾ ਜੰਗਲਾਤ ਅਫ਼ਸਰ ਕੰਵਰਦੀਪ ਸਿੰਘ ਨੇ ਕਿਹਾ ਕਿ ਵਣ ਮੰਡਲ ਵੱਲੋਂ ਜ਼ਿਲ੍ਹੇ ਵਿੱਚ ਵੱਡੀ ਪੱਧਰ ’ਤੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਲਗਪਗ 15 ਲੱਖ ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ਹੈ।