ਤਰਨ ਤਾਰਨ ਹਲਕਾ : ‘ਆਪ’ ਹਾਰੀ, ਪੁਲੀਸ ਜਿੱਤੀ: ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਰਨ ਤਾਰਨ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜੁਰਅਤ ਨਾਲ ਅੰਨ੍ਹੀ ਸਰਕਾਰੀ ਤਾਨਾਸ਼ਾਹੀ ਦਾ ਡੱਟ ਕੇ ਮੁਕਾਬਲਾ ਕੀਤਾ ਅਤੇ ਉਨ੍ਹਾਂ ਵੱਲੋਂ ਧੱਕੇਸ਼ਾਹੀ, ਹਿੰਸਾ ਅਤੇ ਪੈਸੇ ਦੇ ਲਾਲਚ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਗਿਆ। ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਵਰਕਰਾਂ ਅਤੇ ਆਗੂਆਂ ਦਾ ਵੀ ਧੰਨਵਾਦ ਕੀਤਾ ਹੈ। ਸ੍ਰੀ ਬਾਦਲ ਨੇ ਤੰਜ਼ ਕੱਸਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਸਟੇਟ ਇੰਟੈਲੀਜੈਂਸ ਮੁਖੀ ਪੀ.ਕੇ. ਸਿਨਹਾ, ਪੁਲੀਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਡੀਆਈਜੀ ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਅਤੇ ਤਰਨ ਤਾਰਨ, ਅੰਮ੍ਰਿਤਸਰ (ਦਿਹਾਤੀ), ਬਟਾਲਾ ਅਤੇ ਮੋਗਾ ਜ਼ਿਲ੍ਹਿਆਂ ਦੇ ਪੁਲੀਸ ਮੁਖੀਆਂ ਸਮੇਤ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਤਰਨਤਾਰਨ ਜ਼ਿਮਨੀ ਚੋਣ ਵਿੱਚ ਉਮੀਦਵਾਰ ਹਰਮੀਤ ਸੰਧੂ ਦੀ ਜਿੱਤ ਯਕੀਨੀ ਬਣਾਉਣ ਲਈ ਵਧਾਈ ਦਿੰਦਿਆਂ ਕਿਹਾ ਕਿ ਹੁਣ ਲੋਕਤੰਤਰ ਦਾ ਰੱਬ ਹੀ ਰਾਖਾ ਹੈ। ਉਨ੍ਹਾਂ ਕਿਹਾ ਕਿ ਤਰਨ ਤਾਰਨ ਹਲਕੇ ਚ ਆਮ ਆਦਮੀ ਪਾਰਟੀ ਹਾਰ ਗਈ ਹੈ ਅਤੇ ਪੰਜਾਬ ਪੁਲੀਸ ਜਿੱਤ ਗਈ ਹੈ।
