ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 25 ਜੂਨ
ਇੱਥੋਂ ਦੇ ਟੀਡੀਆਈ ਸਿਟੀ ਸੈਕਟਰ-110 ਅਤੇ ਸੈਕਟਰ-111 ਦੇ ਵਸਨੀਕਾਂ ਵੱਲੋਂ ਵਾਰ-ਵਾਰ ਲੱਗਦੇ ਬਿਜਲੀ ਦੇ ਕੱਟਾਂ ਖ਼ਿਲਾਫ਼ ਦੋਵੇਂ ਸੈਕਟਰਾਂ ਦੀਆਂ ਰੈਜ਼ੀਡੈਂਟ ਵੈੱਲਫੇਅਰ ਸੁਸਾਇਟੀਆਂ ਦੇ ਬੈਨਰ ਹੇਠ ਪ੍ਰਧਾਨ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਬਿਲਡਰ ਦੇ ਮੁੱਖ ਦਫ਼ਤਰ ਦੇ ਬਾਹਰ ਸ਼ਾਂਤਮਈ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਜਸਵਿੰਦਰ ਸਿੰਘ ਗਿੱਲ, ਸੁਖਵੀਰ ਸਿੰਘ ਢਿੱਲੋਂ, ਜਸਵੀਰ ਸਿੰਘ ਗੜਾਂਗ, ਹਰਦੇਵ ਸਿੰਘ, ਪ੍ਰੇਮ ਸਿੰਘ, ਐਮਐਲ ਸ਼ਰਮਾ, ਪ੍ਰਸ਼ੋਤਮ ਲਾਲ, ਸਿਲਪੀ ਹਸਤੀਰ ਨੇ ਕਿਹਾ ਕਿ ਟੀਡੀਆਈ ਸੈਕਟਰਾਂ ਵਿੱਚ ਪਿਛਲੇ ਇੱਕ ਮਹੀਨੇ ਤੋਂ ਬਿਜਲੀ ਦੀ ਸਪਲਾਈ ਦਾ ਬਹੁਤ ਮਾੜਾ ਹੈ। ਜਿਸ ਦਾ ਮੁੱਖ ਕਾਰਨ ਟੀਡੀਆਈ ਦੇ ਪ੍ਰਬੰਧਕਾਂ ਵੱਲੋਂ 10 ਸਾਲ ਬੀਤਣ ’ਤੇ ਵੀ ਅਜੇ ਤਾਈਂ ਪਾਵਰਕੌਮ ਦੀਆਂ ਸ਼ਰਤਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮੈਗਾ ਹਾਊਸਿੰਗ ਪ੍ਰਾਜੈਕਟ ਵਿੱਚ ਕਥਿਤ ਖ਼ਾਮੀਆਂ ਮਿਲਣ ਦੇ ਬਾਵਜੂਦ ਗਮਾਡਾ ਵੱਲੋਂ ਨਕਸ਼ੇ ਪਾਸ ਕੀਤੇ ਜਾ ਰਹੇ ਹਨ, ਜਦੋਂਕਿ ਇਹ ਬਿਲਡਰ ਇੱਥੇ ਰਹਿੰਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਵਿੱਚ ਵੀ ਬੁਰੀ ਤਰ੍ਹਾਂ ਨਾਕਾਮ ਸਾਬਤ ਰਹੇ ਹਨ।
ਗਮਾਡਾ ਵੱਲੋਂ ਬਿਨਾਂ ਫਿਜ਼ੀਕਲ ਵੈਰੀਫਿਕੇਸ਼ਨ ਤੋਂ ਧੜਾਧੜ ਨਕਸ਼ੇ ਪਾਸ ਕੀਤੇ ਜਾ ਰਹੇ ਹਨ। ਲੋਕਾਂ ਨੇ ਦੱਸਿਆ ਕਿ ਦੋਵੇਂ ਸੈਕਟਰਾਂ ਲਈ ਪੀਣ ਵਾਲੇ ਪਾਣੀ ਦੀ ਟੈਂਕੀ ਵੀ ਇੱਕ ਹੈ। ਇਸ ਸਬੰਧੀ ਗਮਾਡਾ ਨੂੰ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਸੈਕਟਰ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਤੋਂ ਮੰਗ ਕੀਤੀ ਕਿ ਬਿਜਲੀ ਸਪਲਾਈ ਦੀ ਦੇਖ-ਰੇਖ ਸਬੰਧੀ ਸਾਰਾ ਕੰਮ ਪਾਵਰਕੌਮ ਨੂੰ ਸੌਂਪਿਆ ਜਾਵੇ।