ਪੱਤਰ ਪ੍ਰੇਰਕ
ਚੰਡੀਗੜ੍ਹ, 25 ਦਸੰਬਰ
ਅਧਿਆਪਕਾਂ ਨੂੰ ਸੱਤਵਾਂ ਤਨਖਾਹ ਕਮਿਸ਼ਨ ਲਾਗੂ ਕਰਵਾਉਣ ਅਤੇ ਨਵੇਂ ਅਧਿਆਪਕਾਂ ਦੀ ਭਰਤੀ ਲਈ ਤਨਖਾਹ ਸਕੇਲਾਂ ਨੂੰ ਯੂ.ਜੀ.ਸੀ. ਨਾਲੋਂ ਵੱਖ ਕੀਤੇ ਦਾ ਫ਼ੈਸਲਾ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਪੀ.ਯੂ. ਟੀਚਰਜ਼ ਐਸੋਸੀਏਸ਼ਨ (ਪੂਟਾ) ਵੱਲੋਂ ਯੂਨੀਵਰਸਿਟੀ ਦੇ ਪ੍ਰਬੰਧਕੀ ਬਲਾਕ ਅੱਗੇ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪੂਟਾ ਪ੍ਰਧਾਨ ਡਾ. ਮ੍ਰਿਤੁੰਜਯ ਕੁਮਾਰ ਅਤੇ ਜਨਰਲ ਸਕੱਤਰ ਪ੍ਰੋ. ਅਮਰਜੀਤ ਸਿੰਘ ਨੌਰਾ ਨੇ ਸੂਬਾ ਸਰਕਾਰ ਵੱਲੋਂ ਵਾਰ-ਵਾਰ ਦਿੱਤੇ ਭਰੋਸੇ ਦੇ ਬਾਵਜੂਦ ਯੂਨੀਵਰਸਿਟੀ ਅਤੇ ਕਾਲਜ ਅਧਿਆਪਕਾਂ ਦੀਆਂ ਹੱਕੀ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਬੇਰੁਖੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਉਨ੍ਹਾਂ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਦੇਰੀ ਤੋਂ ਯੂ.ਜੀ.ਸੀ. ਦੇ ਤਨਖਾਹ ਸਕੇਲਾਂ ਨੂੰ ਪੂਰੀ ਤਰ੍ਹਾਂ ਅਪਨਾਉਣ ਅਤੇ ਇਸ ਖੇਤਰ ਦੀ ਉੱਚ ਸਿੱਖਿਆ ਪ੍ਰਣਾਲੀ ਨੂੰ ਨਿਘਾਰ ਤੋਂ ਬਚਾਉਣ। ਉਨ੍ਹਾਂ ਅੱਗੇ ਕਿਹਾ ਕਿ ਇਲਾਕੇ ਭਰ ਦੇ ਅਧਿਆਪਕ ਇੱਕਮੁੱਠ ਹੋ ਕੇ ਸੰਘਰਸ਼ ਵਿੱਚ ਸਾਥ ਦੇ ਰਹੇ ਹਨ। ਜੇਕਰ ਸਰਕਾਰ ਨੇ ਆਪਣੇ ਰਹਿੰਦੇ ਕਾਰਜਕਾਲ ਵਿੱਚ ਦੋਵੇਂ ਮੰਗਾਂ ਨਾ ਮੰਨੀਆਂ ਤਾਂ ਉਹ ਸਰਕਾਰ ਖਿਲਾਫ਼ ਵੱਡਾ ਸੰਘਰਸ਼ ਸ਼ੁਰੂ ਕਰਨ ਲਈ ਮਜ਼ਬੂਰ ਹੋਣਗੇ।