ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਅਗਸਤ
ਇੱਥੋਂ ਦੇ ਡੱਡੂਮਾਜਰਾ ਕਲੋਨੀ ਵਿੱਚ ਕਰਵਾਏ ਗਏ ਤੀਜ ਦੇ ਸਮਾਰੋਹ ਵਿੱਚ ਕੁਝ ਨੌਜਵਾਨਾਂ ਨੇ ਰੰਗ ਵਿੱਚ ਭੰਗ ਪਾ ਦਿੱਤਾ। ਇਸ ਦੌਰਾਨ 4-5 ਜਣਿਆਂ ਦੇ ਸੱਟਾਂ ਵੱਜੀਆਂ, ਜਿਨ੍ਹਾਂ ਨੂੰ ਇਲਾਜ ਲਈ ਪੀਜੀਆਈ ਭਰਤੀ ਕਰਵਾਇਆ ਗਿਆ ਹੈ। ਥਾਣਾ ਮਲੋਆ ਦੀ ਪੁਲੀਸ ਨੇ ਦਰਜਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਨਿਖਿਲ, ਮੁਲਤਾਨੀ, ਕਾਲੂ, ਗੋਲਾ, ਮਨੀਸ਼, ਕਾਰਤੀਕ, ਗੋਲੂ ਅਤੇ 5-7 ਅਣਪਛਾਤੇ ਨੌਜਵਾਨ ਸ਼ਾਮਲ ਹਨ। ਇਹ ਕੇਸ ਡੱਡੂਮਾਜਰਾ ਕਲੋਨੀ ਵਿੱਚ ਰਹਿਣ ਵਾਲੀ ਮਹਿਲਾ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਡੱਡੂਮਾਜਰਾ ਵਿੱਚ ਤੀਜ ’ਤੇ ਪ੍ਰੋਗਰਾਮ ਕਰਵਾਇਆ ਗਿਆ ਸੀ। ਜਿੱਥੇ ਦੇਰ ਸ਼ਾਮ ਕੁਝ ਨੌਜਵਾਨਾਂ ਨੇ ਆ ਕੇ ਹੰਗਾਮਾ ਕੀਤਾ, ਜਦੋਂ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਮਹਿਲਾਵਾਂ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਬਚਾਅ ’ਚ ਆਏ ਸ਼ਿਕਾਇਤਕਰਤਾ ਦਾ ਪਤੀ ਅਤੇ ਪੁੱਤਾਂ ਦੀ ਵੀ ਕੁੱਟਮਾਰ ਕੀਤੀ ਗਈ। ਜਿਨ੍ਹਾਂ ਦੇ ਗੰਭੀਰ ਸੱਟਾਂ ਵੱਜੀਆਂ। ਹਮਲਾਵਰ ਸ਼ਿਕਾਇਤਕਰਤਾ ਦੀ ਚੇਨ ਅਤੇ ਸਮਾਗਮ ਵਿੱਚੋਂ ਹੋਰ ਸਾਮਾਨ ਚੁੱਕ ਕੇ ਫ਼ਰਾਰ ਹੋ ਗਏ। ਪੀੜਤਾਂ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਵਿੱਚ ਭਰਤੀ ਕਰਵਾਇਆ ਗਿਆ। ਥਾਣਾ ਮਲੋਆ ਦੀ ਪੁਲੀਸ ਨੇ ਕੇਸ ਦਰਜ ਕਰ ਦਿੱਤਾ ਹੈ। ਥਾਣਾ ਮਲੋਆ ਦੇ ਐੱਸਐੱਚਓ ਸਤਨਾਮ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ।