ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿਟੀ ਬਿਊਟੀਫੁੱਲ ਵਿੱਚ ਮੀਂਹ ਕਾਰਨ ਤਾਪਮਾਨ ਡਿੱਗਿਆ

ਦਿਨ ਦਾ ਤਾਪਮਾਨ 28.7 ਡਿਗਰੀ ਸੈਲਸੀਅਸ ਰਿਹਾ; 32.2 ਐੱਮਐੱਮ ਮੀਂਹ ਪਿਆ
Advertisement

ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਪਏ ਮੀਂਹ ਨੇ ਮੌਸਮ ਸੁਹਾਵਣਾ ਕਰ ਦਿੱਤਾ ਹੈ। ਮੀਂਹ ਕਰਕੇ ਲੋਕਾਂ ਨੇ ਅਤਿ ਦੀ ਗਰਮੀ ਤੋਂ ਰਾਹਤ ਮਹਿਸੂਸ ਕੀਤੀ। ਚੰਡੀਗੜ੍ਹ ਵਿੱਚ ਅੱਜ ਸਵੇਰੇ ਤੜਕ ਸਾਰ ਮੀਂਹ ਪੈਣਾ ਸ਼ੁਰੂ ਹੋਇਆ ਜੋ ਸ਼ਾਮ ਤੱਕ ਰੁਕ-ਰੁਕ ਕੇ ਪੈਂਦਾ ਰਿਹਾ। ਚੰਡੀਗੜ੍ਹ ਵਿੱਚ 24 ਘੰਟਿਆਂ ਦੌਰਾਨ 32.2 ਐੱਮਐੱਮ ਮੀਂਹ ਪਿਆ। ਮੀਂਹ ਪੈਣ ਸਮੇਂ ਸ਼ਹਿਰ ਦੀਆਂ ਕਈ ਸੜਕਾਂ ’ਤੇ ਪਾਣੀ ਖੜ੍ਹਾ ਹੋ ਗਿਆ, ਜਿਸ ਕਰਕੇ ਲੋਕਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਇੰਡਸਟਰੀਅਲ ਏਰੀਆ ਵਿਚ ਸੀਟੀਯੂ ਵਰਕਸ਼ਾਪ ਦੇ ਨਜ਼ਦੀਕ ਅੰਡਰਪਾਸ ਵਿੱਚ ਪਾਣੀ ਭਰ ਗਿਆ। ਪਾਣੀ ਭਰਨ ਕਰਕੇ ਪੁਲੀਸ ਨੇ ਲੋਕਾਂ ਦੀ ਆਵਾਜਾਈ ਕੁਝ ਸਮੇਂ ਲਈ ਬੰਦ ਕਰ ਦਿੱਤੀ।

ਜਾਣਕਾਰੀ ਅਨੁਸਾਰ ਅੱਜ ਤੜਕੇ 4 ਵਜੇ ਤੋਂ ਮੀਂਹ ਪੈਣਾ ਸ਼ੁਰੂ ਹੋਇਆ ਜਿਸ ਤੋਂ ਬਾਅਦ ਸ਼ਾਮ ਤੱਕ ਰੁਕ-ਰੁਕ ਕੇ ਮੀਂਹ ਪੈਂਦਾ ਰਿਹਾ। ਇਸ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ। ਮੀਂਹ ਕਰਕੇ ਸ਼ਹਿਰ ਦਾ ਤਾਪਮਾਨ ਵੀ 4.2 ਡਿਗਰੀ ਸੈਲਸੀਅਸ ਤੱਕ ਹੇਠਾਂ ਡਿੱਗ ਗਿਆ ਹੈ। ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 28.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 4.2 ਡਿਗਰੀ ਸੈਲਸੀਅਸ ਤੱਕ ਘੱਟ ਰਿਹਾ। ਇਹ ਇਸ ਮੌਸਮ ਦਾ ਸਭ ਤੋਂ ਠੰਢਾ ਦਿਨ ਰਿਹਾ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 25.5 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਹਾਲਾਂਕਿ ਮੌਸਮ ਵਿਗਿਆਨੀਆਂ ਨੇ ਅਗਲੇ ਪੰਜ ਦਿਨ 15 ਤੋਂ 19 ਅਗਸਤ ਤੱਕ ਸ਼ਹਿਰ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।

Advertisement

ਸੁਖਨਾ ਝੀਲ ਵਿੱਚ ਪਾਣੀ ਖਤਰੇ ਦੇ ਨਿਸ਼ਾਨ ਨੇੜੇ ਪੁੱਜਿਆ

ਚੰਡੀਗੜ੍ਹ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਮੀਂਹ ਪੈਣ ਕਰਕੇ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਦੇ ਨਜ਼ਦੀਕ ਪਹੁੰਚ ਗਿਆ ਹੈ। ਅੱਜ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ 1162 ਫੁੱਟ ਦੇ ਕਰੀਬ ਪਹੁੰਚ ਗਿਆ ਹੈ, ਜਦੋਂ ਕਿ ਸੁਖਨਾ ਝੀਲ ਵਿੱਚ ਖਤਰੇ ਦਾ ਨਿਸ਼ਾਨ 1163 ਫੁੱਟ ’ਤੇ ਹੈ। ਯੂਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧਦਾ ਹੈ ਤਾਂ ਸੁਖਨਾ ਝੀਲ ਦੇ ਰੈਗੂਲੇਟਰੀ ਐਂਡ ’ਤੇ ਸਥਿਤ ਫਲੱਡ ਗੇਟ ਖੋਲ੍ਹੇ ਜਾ ਸਕਦੇ ਹਨ।

ਮੀਂਹ ਕਾਰਨ ਜਲ-ਥਲ ਹੋਇਆ ਕੁਰਾਲੀ

ਕੁਰਾਲੀ (ਮਿਹਰ ਸਿੰਘ): ਇੱਥੇ ਅੱਜ ਤੜਕਸਾਰ ਤੋਂ ਸ਼ੁਰੂ ਹੋਇਆ ਮੀਂਹ ਦਿਨ ਭਰ ਪੈਂਦਾ ਰਿਹਾ ਜਿਸ ਕਾਰਨ ਕੁਰਾਲੀ ਸ਼ਹਿਰ ਦੀਆਂ ਸੜਕਾਂ, ਗਲੀਆਂ ਤੇ ਬਾਜ਼ਾਰ ਜਲਥਲ ਹੋ ਗਏ। ਬਾਰਸ਼ ਦੇ ਪਾਣੀ ਕਾਰਨ ਸ਼ਹਿਰ ਸਾਰਾ ਦਿਨ ਤਲਾਅ ਬਣਿਆ ਰਿਹਾ ਅਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਲੰਘੀ ਰਾਤ ਤੋਂ ਸ਼ੁਰੂ ਹੋਈ ਬਾਰਸ਼ ਕਾਰਨ ਸ਼ਹਿਰ ਦਾ ਮੇਨ ਬਾਜ਼ਾਰ, ਨਗਰ ਖੇੜਾ ਬਾਜ਼ਾਰ, ਮਿਉਂਸਪਲ ਰੋਡ, ਰੇਲਵੇ ਰੋਡ, ਮਾਤਾ ਰਾਣੀ ਚੌਕ, ਸਬਜ਼ੀ ਮੰਡੀ ਚੌਕ, ਚੰਡੀਗੜ੍ਹ ਰੋਡ ਤੇ ਸ਼ਹਿਰ ਦੇ ਹੋਰ ਇਲਾਕੇ ਨਦੀਆਂ ਦਾ ਭੁਲੇਖਾ ਪਾਉਂਦੇ ਰਹੇ। ਸ਼ਹਿਰ ਦੇ ਕਈ ਵਾਰਡਾਂ ਦੀਆਂ ਗਲੀਆਂ ਵੀ ਪਾਣੀ ਨਾਲ ਭਰ ਗਈਆਂ। ਇਸ ਮੀਂਹ ਕਾਰਨ ਸ਼ਹਿਰ ਦੇ ਦਰਜਨਾਂ ਘਰਾਂ ਤੇ ਦੁਕਾਨਾਂ ਵਿੱਚ ਬਾਰਿਸ਼ ਦਾ ਪਾਣੀ ਦਾਖਲ ਹੋ ਗਿਆ। ਬਾਰਸ਼ ਦਾ ਪਾਣੀ ਸੜਕਾਂ, ਬਜ਼ਾਰਾਂ ਤੇ ਗਲੀਆਂ ਵਿੱਚ ਭਰਨ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸ਼ਹਿਰ ਦੀ ਚੰਡੀਗੜ੍ਹ ਰੋਡ ਤੇ ਮੇਨ ਚੌਂਕ ਤੋਂ ਚਨਾਲੋਂ ਤੱਕ ਪਾਣੀ ਭਰਿਆ ਰਿਹਾ ਜਿਸ ਕਾਰਨ ਛੋਟੇ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਝੱਲਣੀ ਪਈ। ਇਸ ਕਾਰਨ ਦੋ ਪਹੀਆ ਵਾਹਨਾਂ ਤੇ ਪੈਦਲ ਜਾਣ ਵਾਲਿਆਂ ਨੂੰ ਵਧੇਰੇ ਪ੍ਰਸ਼ਾਨੀ ਹੋਈ। ਇਸੇ ਦੌਰਾਨ ਸ਼ਹਿਰ ਵਾਸੀਆਂ ਮਹਿੰਦਰ ਸਿੰਘ, ਜਗਜੀਤ ਸਿੰਘ, ਹਰਬੰਸ ਸਿੰਘ, ਹਰਪਾਲ ਸਿੰਘ ਅਤੇ ਹੋਰਨਾਂ ਨੇ ਕੌਂਸਲ, ਪ੍ਰਸ਼ਾਸਨ ਤੇ ਸਰਕਾਰ ਤੋਂ ਮੰਗ ਕੀਤੀ ਕਿ ਸ਼ਹਿਰ ਦੇ ਨਿਕਾਸੀ ਪ੍ਰਬੰਧ ਨੂੰ ਠੀਕ ਕੀਤਾ ਜਾਵੇ।

Advertisement